
ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਪੰਜਾਬ ਸਟੇਟ ਕਾਊਂਸਲ ਫ਼ਾਰ ਐਗਰੀਕਲਚਰਲ ਐਜੂਕੇਸ਼ਨ ਦੁਆਰਾ ਪ੍ਰਮਾਣਿਤ ਬੀ.ਐਸ.ਸੀ. ਐਗਰੀਕਲਚਰ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਦਾ ਰਾਵੇ ਪ੍ਰੋਗਰਾਮ ਦੇ ‘ਵੀਲੇਜ ਅਟੈਚਮੈਂਟ’ ਕੋਰਸ ਤਹਿਤ ਪਿੰਡ ਪੰਜੋਲਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਪਿੰਡ ਦੇ ਸਰਪੰਚ ਸ. ਅਵਤਾਰ ਸਿੰਘ, ਸਾਬਕਾ ਸਰਪੰਚ ਸ. ਗੁਰਦੀਪ ਸਿੰਘ ਅਤ ਹੋਰ ਕਿਸਾਨ ਵੀਰਾਂ ਵੱਲੋਂ ਵਿਦਿਆਰਥੀਆਂ ਨਾਲ ਖੇਤੀਬਾੜੀ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਵਲੋਂ ਸਮੁੱਚੇ ਪਿੰਡ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਲਾਹੇਵੰਦ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਵੀ ਮਿਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਜਿੱਥੇ ਵਿਦਿਆਰਥੀਆਂ ਦੇ ਵਿਹਾਰਕ ਅਤੇ ਵਿਵਹਾਰਕ ਗਿਆਨ ਵਿੱਚ ਵਾਧਾ ਕਰਦੇ ਹਨ, ਉਥੇ ਉਨ੍ਹਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਸੰਬੰਧੀ ਵੀ ਮਹੱਤਵਪੂਰਨ ਜਾਣਕਾਰੀ ਮਿਲਦੀ ਹੈ। ਕਾਲਜ ਦੇ ਡੀਨ ਐਗਰੀਕਲਚਰ ਡਾ.ਏ.ਕੇ ਸ਼ਰਮਾ ਨੇ ਦੱਸਿਆ ਕਿ ਅਜਿਹੀ ਪੇਂਡੂ ਸਾਂਝ ਦੇ ਮੌਕੇ ਵਿਦਿਆਰਥੀਆਂ ਨੂੰ ਅਸਲ ਕਿਸਾਨੀ ਜੀਵਨ ਤੋਂ ਜਾਣੂ ਕਰਵਾਉਂਦੇ ਹਨ ਅਤੇ ਉਨ੍ਹਾਂ ਦੇ ਵਿਹਾਰਕ ਗਿਆਨ ਵਿਚ ਵਾਧਾ ਕਰਦੇ ਹਨ। ਕਾਲਜ ਦੇ ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਦੱਸਿਆ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਵੱਧ ਮੌਕੇ ਪ੍ਰਦਾਨ ਕਰਨ ਵਿੱਚ ਵੀ ਸਹਾਇਕ ਸਿੱਧ ਹੁੰਦੇ ਹਨ। ਇਸ ਦੌਰੇ ਦੌਰਾਨ ਖੇਤੀਬਾੜੀ ਵਿਭਾਗ ਦੇ ਪ੍ਰੋ. ਬਵਦੀਪ ਸਿੰਘ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ।