- 13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ
- ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਕੁੱਲ 180724 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ
ਬਰਨਾਲਾ, 16 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਵਲੋਂ 103 ਬਰਨਾਲਾ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਬੀਤੇ ਕੱਲ੍ਹ ਕਰ ਦਿੱਤਾ ਗਿਆ ਹੈ, ਜਿਸ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਚੋਣਕਾਰ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਮੁਤਾਬਿਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 103 ਬਰਨਾਲਾ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਵੋਟਾਂ 13 ਨਵੰਬਰ (ਬੁੱਧਵਾਰ) ਨੂੰ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ। ਉਨ੍ਹਾਂ ਦੱਸਿਆ ਕਿ 14 ਮਈ 2024 ਤੱਕ ਦੀ ਸੁਧਾਈ ਅਨੁਸਾਰ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਕੁੱਲ 180724 ਵੋਟਰ (ਸਰਵਿਸ ਵੋਟਰਾਂ ਸਣੇ) ਹਨ ਜਿਸ ਵਿਚੋਂ ਮਹਿਲਾ ਵੋਟਰ 85146 ਅਤੇ ਪੁਰਸ਼ ਵੋਟਰ 95578 ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿਚ 4 ਟਰਾਂਸਜੈਂਡਰ ਹਨ। ਇਨ੍ਹਾਂ ਵਿਚੋਂ ਸਰਵਿਸ ਵੋਟਰ ਕੁੱਲ 636 ਹਨ, ਜਿਸ ਵਿਚ 621 ਪੁਰਸ਼, 15 ਮਹਿਲਾ ਵੋਟਰ ਹਨ। ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਸਟੇਸ਼ਨ 212 ਅਤੇ ਪੋਲਿੰਗ ਸਟੇਸ਼ਨ ਲੋਕੇਸ਼ਨਾਂ 84 ਹਨ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵੋਟਰ 1415 ਹਨ, ਜਿਸ ਵਿਚੋਂ ਪੁਰਸ਼ 894 ਅਤੇ ਮਹਿਲਾ ਵੋਟਰ 521 ਹਨ। ਐਨ ਆਰ ਆਈ ਵੋਟਰ 3 ਹਨ ਜਿਸ ਵਿੱਚ 2 ਪੁਰਸ਼ ਅਤੇ 1 ਮਹਿਲਾ ਵੋਟਰ ਹੈ। ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ 18 ਤੋਂ 19 ਸਾਲ ਵਾਲੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ 3484 ਹਨ, ਜਿਸ ਵਿਚ 2194 ਪੁਰਸ਼, 1290 ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ 85 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗ ਵੋਟਰ ਕੁੱਲ 1300 ਹਨ ਜਿਸ ਵਿਚ ਪੁਰਸ਼ 627 ਅਤੇ ਮਹਿਲਾ ਵੋਟਰ 673 ਹਨ। ਉਨ੍ਹਾਂ ਕਿਹਾ ਕਿ ਵੱਖ ਵੱਖ ਤਰ੍ਹਾਂ ਦੀਆਂ ਮਨਜ਼ੂਰੀਆਂ ਲਈ ਸੁਵਿਧਾ ਪੋਰਟਲ ਅਤੇ ਸ਼ਿਕਾਇਤਾਂ ਲਈ ਸੀ ਵਿਜਿਲ ਪੋਰਟਲ ਚਾਲੂ ਹੋ ਗਿਆ ਹੈ। ਇਸ ਤੋਂ ਇਲਾਵਾ 3 ਉੱਡਣ ਦਸਤੇ ਸਰਗਰਮ ਹੋ ਗਏ ਹਨ। ਇਸ ਮੌਕੇ ਐੱਸ ਐੱਸ ਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਚੋਣਾਂ ਦੌਰਾਨ ਅਮਨ - ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।