ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਹਰ ਵਰਗ ਨੂੰ ਬਣਾਇਆ ਜਾਵੇ ਹਿੱਸਾ-ਡਿਪਟੀ ਕਮਿਸ਼ਨਰ

  • ਸਿੱਖਿਆ ਸੰਸਥਾਵਾਂ, ਪੰਚਾਇਤਾਂ ਵਿੱਚ ਕਰਵਾਏ ਜਾਣਗੇ ਜਾਗਰੂਕਤ ਸਮਾਗਮ
  • ਨਸ਼ੇ ਤੋਂ ਪੀੜਤ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਹੋਣ ਦੀ ਅਪੀਲ
  • ਮੁਹਿੰਮ ਦੀ ਸਫਲਤਾ ਲਈ ਵੱਖ ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਫਰੀਦਕੋਟ 20 ਮਾਰਚ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ, ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕਰਨ ਆਦਿ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਐਸ.ਡੀ.ਐਮ. ਜੈਤੋ ਸ੍ਰੀ ਸੂਰਜ, ਜੀ.ਏ. ਮੈਡਮ ਤੁਸ਼ਿਤਾ ਗੁਲਾਟੀ, ਗੁਰਕਰਨਦੀਪ ਸਿੰਘ ਸਿੱਧੂ ਪੀ ਸੀ ਐਸ ਵੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਵਿਭਾਗ ਚਾਹੇ ਉਹ ਪੁਲਿਸ ਪ੍ਰਸ਼ਾਸ਼ਨ ਹੋਵੇ ਜਾਂ ਸਿਵਲ ਇਸ ਮੁਹਿੰਮ ਦਾ ਹਿੱਸਾ ਬਣ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਵੇਗਾ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਨਸ਼ਿਆਂ ਤੋਂ ਪੀੜਤਾਂ ਦਾ ਨਸ਼ਾ ਛੁਡਾਉਣ ਲਈ ਕੀਤੇ ਜਾ ਰਹੇ ਠੋਸ ਕਦਮਾਂ ਅਤੇ ਨਸ਼ਾ ਛੱਡ ਚੁੱਕੇ ਲੋਕਾਂ ਦੇ ਮੁੜ ਵਸੇਬੇ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਨੋਜਵਾਨਾਂ ਨੂੰ ਤੰਦਰੁਸਤ ਕਰਨ ਲਈ ਹਰ ਜਰੂਰੀ ਕਦਮ ਉਠਾਇਆ ਜਾਵੇ ਅਤੇ ਉਨ੍ਹਾਂ ਲਈ ਯੋਗ ਕਲਾਸਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਸਕੂਲਾਂ/ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਤੋਂ ਪਿਛਲੇ ਸਮੇਂ ਦੌਰਾਨ ਕੀਤੀ ਕਾਰਵਾਈ ਬਾਰੇ ਜਾਣਕਾਰੀ ਹਾਸਲ ਵੀ ਕੀਤੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਨਸ਼ਿਆਂ ਤੋਂ ਪੀੜਤ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ ਅਤੇ ਰੋਜਗਾਰ ਵਿਭਾਗ ਸਮੇਤ ਹਰੋ ਸਬੰਧਤ ਵਿਭਾਗ ਉਨ੍ਹਾਂ ਲਈ ਰੁਜ਼ਗਾਰ, ਮੁੜ ਵਸੇਬੇ ਦੇ ਅਵਸਰ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ, ਪਿੰਡਾਂ,ਸ਼ਹਿਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜ ਪ੍ਰਭਾਵ ਤੋਂ ਜਾਗਰੂਕ ਕੀਤਾ ਜਾਵੇ ਤੇ ਪੰਚਾਇਤਾਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਲੋਕਾਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਅਜਿਹੇ ਸਮਾਜ ਵਿਰੋਧੀ ਲੋਕਾਂ ਦਾ ਸਮਾਜਿਕ ਬਾਈਕਾਟ ਕਰਨ ਲਈ ਮਤੇ ਪਾਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਦਵਾਈਆਂ ਤੇ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਡਰੱਗ ਇੰਸਪੈਕਟਰ ਮੈਡੀਕਲ ਸਟੋਰਾਂ ਦੀ ਚੈਕਿੰਗ ਰੈਗੂਲਰ ਕਰਨ। ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤ ਲੋਕਾਂ ਦੇ ਪਰਿਵਾਰਾਂ ਦੀ ਕਾਊਂਸਲਿੰਗ ਕੀਤੀ ਜਾਵੇ। ਉਨ੍ਹਾਂ ਜਿਲ੍ਹਾ ਖੇਡ ਅਫਸਰ ਨੂੰ ਹਦਾਇਤ ਕੀਤੀ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ ਕੰਮ ਕੀਤਾ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਤਾਕੀਦ ਕੀਤੀ ਕਿ ਉਹ ਆਪੋ-ਆਪਣੇ ਪੱਧਰ ‘ਤੇ ਨਸ਼ਿਆਂ ਦੀ ਰੋਕਥਾਮ ਲਈ ਠੋਸ ਯਤਨ ਕਰਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਅਲਾਮਤ ਤੋਂ ਬਚਾਅ ਕੇ ਉਨ੍ਹਾਂ ਨੂੰ ਚੰਗੇ ਪਾਸੇ ਲਾਇਆ ਜਾ ਸਕੇ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟ ਆਤਮਾ, ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।