- 25 ਅਗਸਤ ਤੋਂ 8 ਸਤੰਬਰ 2024 ਤੱਕ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਜਾਗਰੁਕ ਕਰਨ ਲਈ ਅੱਖਾਂ ਦਾਨ ਸਬੰਧੀ ਮਨਾਇਆ ਜਾ ਰਿਹਾ ਹੈ ਪੰਦਰਵਾੜਾ: ਡਾ ਜਗਦੀਪ ਚਾਵਲਾ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ 25 ਅਗਸਤ ਤੋਂ 8 ਸਤੰਬਰ 2024 ਤੱਕ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਜਾਗਰੁਕ ਕਰਨ ਲਈ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਮੇਲ ਦੀ ਮੀਟਿੰਗ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ। ਇਸ ਮੌਕੇ ਡਾ. ਜਗਦੀਪ ਚਾਵਲਾ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਉਦੇਸ਼ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਜਾਗਰੂਕ ਕਰਨਾ ਹੈ। ਮੀਟਿੰਗ ਦੌਰਾਨ ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਇਸ ਪੰਦਰਵਾੜੇ ਦੌਰਾਨ ਸਮਾਗਮ ਅਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦੇ ਨਾਲ ਨਾਲ ਅੱਖਾਂ ਦੀਆਂ ਬਿਮਾਰੀਆਂ, ਅੰਨ੍ਹੇਪਣ ਦੇ ਕਾਰਣ ਅਤੇ ਇਲਾਜ ਸਬੰਧੀ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿਚ ਹਰ ਸਾਲ ਲਗਭਗ ਢਾਈ ਲੱਖ ਲੋਕ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ, ਪਰ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਸਿਰਫ 50 ਹਜ਼ਾਰ ਹੈ, ਜਿਸ ਕਾਰਨ ਅੰਨੇਪਣ ਦੇ ਸ਼ਿਕਾਰ ਲੋਕਾਂ ਦੀ ਗਿਣਤੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿਚ ਮਰਨ ਵਾਲੇ ਲੋਕਾਂ ਵਿਚੋਂ ਸਿਰਫ 0.5 ਪ੍ਰਤੀਸ਼ਤ ਲੋਕ ਹੀ ਨੇਤਰਦਾਨ ਕਰ ਰਹੇ ਹਨ ਜੋ ਕਿ ਬਹੁਤ ਘੱਟ ਪ੍ਰਤੀਸ਼ਤ ਹੈ। ਇਸ ਲਈ ਸਾਨੂੰ ਨੇਤਰਦਾਨ ਦੀ ਜਾਗਰੁਕਤਾ ਮੁਹਿੰਮ ਨਾਲ ਜੁੜ ਕੇ ਵੱਧ ਤੋਂ ਵੱਧ ਲੋਕਾਂ ਨੂੰ ਮਰਨ ਉਪਰੰਤ ਨੇਤਰਦਾਨ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਅੰਨੇਪਣ ਦੇ ਸ਼ਿਕਾਰ ਲੋਕਾਂ ਨੂੰ ਜਿੰਦਗੀ ਵਿਚ ਨਵੀਂ ਰੋਸ਼ਨੀ ਲਿਆਂਦੀ ਜਾ ਸਕੇ। ਇਸ ਮੌਕੇ ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਨੇਤਰਦਾਨ ਕਰਨ ਵਾਲਾ ਇੱਕ ਵਿਅਕਤੀ 2 ਲੋਕਾਂ ਨੂੰ ਰੋਸ਼ਨੀ ਦੇ ਸਕਦਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਉਮਰ ਵਿੱਚ, ਭਾਵੇਂ ਅੱਖਾਂ ਵਿੱਚ ਲੈਂਜ ਪਾਏ ਹੋਣ, ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਅਪ੍ਰੇਸ਼ਨ ਕੀਤਾ ਹੋਵੇ ਤਾਂ ਵੀ ਇਨਸਾਨ ਦੀਆਂ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆਉਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਉੱਤੇ ਗਿੱਲਾ ਅਤੇ ਸਾਫ਼ ਕੱਪੜਾ ਰੱਖਿਆ ਜਾਵੇ ਅਤੇ ਸਿਰ ਥੱਲੇ ਸਿਰਹਣਾ ਰੱਖਿਆ ਜਾਵੇ। ਕਿਸੇ ਇਨਸਾਨ ਦੀ ਮੌਤ ਹੋਣ ਤੇ 6 ਤੋਂ 8 ਘੰਟਿਆਂ ਦੇ ਅੰਦਰ ਅੰਦਰ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਦੀ ਪ੍ਰੀਕਿਰਆ ਸਰਫ਼ 10 ਤੋਂ 15 ਮਿੰਟਾਂ ਵਿੱਚ ਮੁਕੰਮਲ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਅੱਖਾਂ ਦਾਨ ਕਰਨ ਲਈ ਮੁਕਤੀਸਰ ਆਈ. ਬੈਂਕ ਸੋਸਾਇਟੀ ਸ਼੍ਰੀ ਮੁਕਤਸਰ ਸਾਹਿਬ ਜਾਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਏਡਜ, ਕਾਲਾ ਪੀਲੀਆ, ਦਿਮਾਗੀ ਬੁਖਾਰ ਅਤੇ ਬਲੱਡ ਕੈਂਸਰ ਵਾਲੇ ਮਰੀਜ਼ਾਂ ਦੀਆਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ ਬਾਕੀ ਸਾਰੇ ਕਿਸੇ ਵੀ ਬੀਮਾਰੀ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ।