ਫ਼ਰੀਦਕੋਟ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲਾ ਦੀ ਤਬੀਅਤ ਵਿਗੜ ਗਈ ਹੈ ਤੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਹੋਣ ਦੀ ਸਲਾਹ ਦਿੱਤੀ ਗਈ ਹੈ। ਡੱਲੇਵਾਲਾ ਨੇ ਹਸਪਤਾਲ ਵਿਚ ਭਰਤੀ ਹੋਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਹੋ ਸਕਦਾ ਹੈ ਕਿ ਪ੍ਰਸ਼ਾਸਨ ਕਿਸਾਨ ਆਗੂ ਡੱਲੇਵਾਲਾ ਨੂੰ ਜ਼ਬਰਦਸਤੀ ਹਸਪਤਾਲ ਭਰਤੀ ਕਰਵਾ ਦੇਣ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲਾ ਦੇ ਸਰੀਰ ਵਿਚ ਸ਼ੂਗਰ ਲੈਵਲ ਘੱਟ ਗਿਆ ਹੈ। ਸ਼ੂਗਰ ਲੈਵਲ ਘਟਣ ਦੇ ਨਾਲ ਉਨ੍ਹਾਂ ਨੂੰ ਅਟੈਕ ਆਉਣ ਦਾ ਖਤਰਾ ਬਣ ਗਿਆ ਹੈ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ‘ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਨਾ ਦੇਣ ਅਤੇ ਕਿਸਾਨਾਂ ਦੇ ਮਾਲਕੀ ਹੱਕਾਂ ਨੂੰ ਦਬਾਉਣ, ਗੁਲਾਬੀ ਸੁੰਡੀ ਨਾਲ ਫਸਲਾਂ ਦੇ ਹੋਏ ਨੁਕਸਾਨ ਅਤੇ ਮੀਂਹ ਦੇ ਨਾਲ ਹੋਏ ਝੋਨੇ ਦੇ ਨੁਕਸਾਨ ਦਾ ਮੁਆਵਜ਼ਾ ਦੇਣ, ਪਰਾਲੀ ਸਬੰਧੀ ਦਰਜ ਕੀਤੇ ਕੇਸਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਹੋਇਆ ਹੈ। ਡੱਲੇਵਾਲ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਜਲਦ ਹੀ ਪੂਰੀਆਂ ਕਰ ਦਿੰਦੀ ਹੈ ਤਾਂ ਹੀ ਉਹ ਆਪਣਾ ਧਰਨਾ ਖਤਮ ਕਰ ਦੇਣਗੇ।