ਫ਼ਤਹਿਗੜ੍ਹ ਸਾਹਿਬ, 03 ਦਸੰਬਰ 2024 : ਇਸ ਸਾਲ ਕਣਕ ਦੀ ਬਿਜਾਈ ਲਈ ਮਾਰਕੀਟ ਵਿੱਚ ਡੀ.ਏ.ਪੀ. ਵਧੇਰੇ ਮਾਤਰਾ ਵਿੱਚ ਉਪਲਬਧ ਨਾ ਹੋਣ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਡੀ.ਏ.ਪੀ. ਦੇ ਬਦਲਵੇਂ ਸਰੋਤਾਂ ਵਜੋਂ ਸਿੰਗਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ ਤੇ ਐਨ.ਪੀ.ਕੇ. 12:32:16 ਦੀ ਵਰਤੋਂ ਕਰਕੇ ਕਣਕ ਦੀ ਸਮੇਂ ਸਿਰ ਬਿਜਾਈ ਕੀਤੀ ਹੈ। ਇਨ੍ਹਾਂ ਕਿਸਾਨਾਂ ਵਿੱਚੋਂ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਕਾਫੀ ਪ੍ਰਭਾਵਿਤ ਵਿਖਾਈ ਦੇ ਰਹੇ ਹਨ। ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਭਵਿੱਖ ਵਿੱਚ ਵੀ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕਰਨਗੇ ਜੋ ਕਿ ਡੀ.ਏ.ਪੀ. ਨਾਲੋਂ ਸਸਤੀ ਹੈ ਤੇ ਆਸਾਨੀ ਨਾਲ ਮਿਲ ਵੀ ਜਾਂਦੀ ਹੈ। ਪਿੰਡ ਸਮਸ਼ੇਰ ਨਗਰ ਦੇ ਕਿਸਾਨ ਸੁਰਿੰਦਰ ਸਿੰਘ ਨੇ ਆਪਣੀ 6 ਏਕੜ ਜਮੀਨ ਵਿੱਚ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਨਾਲ ਕਣਕ ਦੀ ਬਿਜਾਈ ਕੀਤੀ ਹੈ ਅਤੇ ਉਸ ਦੇ ਨਤੀਜਿਆਂ ਤੋਂ ਇਹ ਕਿਸਾਨ ਖੁਸ਼ ਨਜ਼ਰ ਆ ਰਿਹਾ ਹੈ। ਕਿਸਾਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਸਿੰਗਲ ਸੁਪਰ ਫਾਸਫੇਟ 100 ਕਿਲੋ ਪ੍ਰਤੀ ਏਕੜ ਵਿੱਚ ਪਾ ਕੇ ਕਣਕ ਦੀ ਬਿਜਾਈ ਕੀਤੀ ਹੈ ਅਤੇ ਉਸ ਦੇ ਖੇਤ ਵਿੱਚ ਕਣਕ ਦਾ ਜੰਮ ਬਹੁਤ ਹੀ ਵਧੀਆ ਵਿਖਾਈ ਦੇ ਰਿਹਾ ਹੈ। ਕਿਸਾਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਦੀ ਰਾਏ ਅਨੁਸਾਰ ਹੀ ਉਸ ਨੇ ਆਪਣੇ ਖੇਤਾਂ ਵਿੱਚ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕੀਤੀ ਹੈ। ਉਸ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ ਸਗੋਂ ਰੋਟਾਵੇਟਰ ਦੀ ਮਦਦ ਨਾਲ ਪਰਾਲੀ ਖੇਤ ਵਿੱਚ ਹੀ ਰਲਾ ਦਿੰਦਾ ਹੈ। ਇਸ ਕਿਸਾਨ ਦੇ ਦੱਸਣ ਅਨੁਸਾਰ ਪਰਾਲੀ ਨੂੰ ਖੇਤਾਂ ਵਿੱਚ ਹੀ ਰਲਾਉਣ ਨਾਲ ਜਿਥੇ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਇਆ ਹੈ ਅਤੇ ਮਿੱਟੀ ਦੀ ਪਰਤ ਵੀ ਬਦਲ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਨੇ ਕਣਕ ਦੀ ਕਾਸਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ.ਏ.ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਡੀ.ਏ.ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਡੀ.ਏ.ਪੀ. ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਦੀ ਸਲਾਹ ਦਿੰਦਿਆਂ ਫਾਸਫੋਰਸ ਦੇ ਬਦਲ ਵਜੋਂ ਐੱਨ.ਪੀ.ਕੇ ਤੇ ਹੋਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।