ਮਹਿਲ ਕਲਾਂ, 7 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ. ਮਹਿਲ ਕਲਾਂ ਸ਼੍ਰੀ ਸਤਵੰਤ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ,ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਅੱਜ ਪਿੰਡ ਗੰਗਹੋਰ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਸਨਵਿੰਦਰਪਾਲ ਸਿੰਘ ਬਰਾੜ ਬਲਾਕ ਤਕਨੀਕੀ ਮੈਨਜ਼ਰ, ਮਹਿਲ ਕਲਾਂ ਨੇ ਕਿਸਾਨਾਂ ਨੂੰ ਕਿਹਾ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਉਹਨਾਂਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾ ਕੇ ਜਾਂ ਤੂੜੀ ਬਣਾ ਕੇ ਵਪਾਰੀਆਂ ਨੂੰ ਵੇਚ ਸਕਦੇ ਹਨ। ਜੇਕਰ ਅਸੀਂ ਪਿੰਡ ਪੱਧਰ ਤੋਂ ਹੀ ਅੱਗ ਨਾ ਲਗਾਉਣ ਦੇ ਉਪਰਾਲੇ ਸ਼ੁਰੂ ਕਰਾਂਗੇ ਤਾਂ ਹੀ ਸਾਡਾ ਸਾਰਾ ਪੰਜਾਬ ਪ੍ਰਦੂਸ਼ਣ ਮੁਕਤ ਹੋ ਸਕੇਗਾ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਸਿਫ਼ਾਰਸ਼ ਕੀਤੀਆਂ ਕਿਸਮਾਂ ਅਤੇ ਦਵਾਈਆਂ ਦਾ ਸੁਚੱਜਾ ਪ੍ਰਾਯੋਗ ਕੀਤਾ ਜਾਵੇ ਤਾਂ ਜੋ ਕਿਸਾਨ ਦੇ ਖੇਤੀ ਖਰਚੇ ਘੱਟ ਸਕਣ। ਇਸ ਕੈਂਪ ਦੌਰਾਨ ਸ੍ਰੀ ਹਰਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਪਰਾਲੀ ਦੇ ਪ੍ਰਬੰਧਨ ਸਬੰਧੀ ਆਪਣੇ ਵਿਚਾਰ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਉਹਨਾਂ ਕਿਹਾ ਕਿ ਵਿਭਾਗ ਵੱਲੋਂ ਸੀ.ਆਰ. ਐੱਮ. ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਉੱਪਰ ਪਰਾਲੀ ਸਾਂਭਣ ਵਾਲੀਆਂ ਵੱਖ- ਵੱਖ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ, ਜਿਹਨਾਂ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ। ਇਸ ਮੌਕੇ ਉੱਪਰ ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ. ਨੇ ਸਟੇਜ ਦਾ ਸੰਚਾਲਣ ਕੀਤਾ।ਇਸ ਮੌਕੇ ਸ੍ਰੀ ਜੈਦੀਪ ਸਿੰਘ ਨੇ ਕਿਸਾਨਾਂ ਨੂੰ ਆਰਜੀ ਆਰ ਸੈਲ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਖੇਤੀਬਾੜੀ ਵਿਭਾਗ ਦੀ ਟੀਮ ਵਿੱਚ ਸ੍ਰੀ ਕੁਲਦੀਪ ਸਿੰਘ ਬੇਲਦਾਰ, ਸ੍ਰੀ ਜਸਵੀਰ ਸਿੰਘ ਅਤੇ ਕੰਵਲਦੀਪ ਸਿੰਘ ਆਰਜੀ ਆਰ ਸੈਲ ਤੋਂ ਇਲਾਵਾ ਕਿਸਾਨ ਸੁਖਵਿੰਦਰ ਸਿੰਘ ਸਰਪੰਚ, ਸਰਬਜੀਤ ਸਿੰਘ, ਬਲਬੀਰ ਸਿੰਘ, ਜੰਗ ਸਿੰਘ, ਮਨਜ਼ੀਤ ਕੌਰ ਆਦਿ ਕਿਸਾਨ ਹਾਜ਼ਰ ਸਨ।