ਪੀਏਯੂ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਫਾਜਿ਼ਲਕਾ, 25 ਅਕਤੂਬਰ : ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਅਬੋਹਰ ਸਥਿਤ ਖੇਤਰੀ ਕੇਂਦਰ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜਿ਼ਲਕਾ ਦੇ ਸਹਿਯੋਗ ਨਾਲ ਪਿੰਡ ਕਰਨੀ ਖੇੜਾ ਵਿਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਕਾਸਤ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਇਕ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਯੁਨੀਵਰਸਿਟੀ ਦੇ ਵਿਗਿਆਨੀ ਡਾ: ਮਨਪ੍ਰੀਤ ਸਿੰਘ ਅਤੇ ਸ੍ਰੀ ਜਗਦੀਸ਼ ਅਰੋੜਾ ਨੇ ਵਿਸੇਸ਼ ਤੌਰ ਤੇ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਸਾੜੇ ਇਸੇ ਦੇ ਨਿਪਟਾਰੇ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਪਰਾਲੀ ਨੂੰ ਖੇਤ ਵਿਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਇਸ ਨਾਲ ਵਾਤਾਵਰਨ ਵੀ ਸੁਰੱਖਿਅਤ ਰਹਿੰਦਾ ਹੈ। ਡਾ: ਜਗਦੀਸ਼ ਅਰੋੜਾ ਨੇ ਦੱਸਿਆ ਕਿ ਪਰਾਲੀ ਵਿਚ ਅਨੇਕਾਂ ਪੋਸ਼ਕ ਤੱਤ ਹੁੰਦੇ ਹਨ ਜ਼ੋ ਕਿ ਸਾੜਨ ਨਾਲ ਜਮੀਨ ਨੂੰ ਨਹੀਂ ਮਿਲਦੇ ਪਰ ਜ਼ੇਕਰ ਇਸ ਨੂੰ ਖੇਤ ਵਿਚ ਮਿਲਾ ਦਿੱਤਾ ਜਾਵੇ ਤਾਂ ਇਸ ਨਾਲ ਜਮੀਨ ਵਿਚ ਕਾਰਬਨਿਕ ਮਾਦੇ ਦੀ ਮਾਤਰਾ ਵੱਧਦੀ ਹੈ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਵਿਚ ਵੀ ਕਟੌਤੀ ਕੀਤੀ ਜਾ ਸਕਦੀ ਹੈ। ਡਾ: ਮਨਪ੍ਰੀਤ ਸਿੰਘ ਨੇ ਕਣਕ ਦੀਆਂ ਸੁਧਰੀਆਂ ਕਿਸਮਾਂ ਦੀ ਜਾਣਕਾਰੀ ਦੇਣ ਦੇ ਨਾਲ ਨਾਲ ਕਿਸਾਨਾਂ ਨੂੰ ਕਣਕ ਦੇ ਸੁਧਰੇ ਕਾਸਤਕਾਰੀ ਢੰਗਾਂ ਸਬੰਧੀ ਵੀ ਜਾਣਕਾਰੀ ਦਿੱਤੀ। ਆਤਮਾ ਸਕੀਮਤ ਦੇ ਬੀਟੀਐਮ ਸ੍ਰੀ ਰਾਜ ਦਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਮੁਹਈਆ ਕਰਵਾਈਆਂ ਜਾ ਰਹੀਆਂ ਮਸ਼ੀਨਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਫੇਸ ਸੀਡਰ ਜਾਂ ਮਲਚਿੰਗ ਵਿਧੀ ਨਾਲ ਕਿਸਾਨ ਸਭ ਤੋਂ ਘੱਟ ਲਾਗਤ ਨਾਲ ਬਿਨ੍ਹਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕਰ ਸਕਦੇ ਹਨ।