- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇ.ਵੀ.ਕੇ. ਖੇੜੀ ਵਿਖੇ ਕੀਤਾ ਅੰਤਰ ਜ਼ਿਲ੍ਹਾ ਕਿਸਾਨ ਮੇਲੇ ਦੇ ਉਦਘਾਟਨ
- ਪਰਾਲੀ ਨਾ ਸਾੜਨ ਵਾਲੇ 103 ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤਾ ਗਿਆ ਸਨਮਾਨਤ
ਸੰਗਰੂਰ, 19 ਅਕਤੂਬਰ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਥਾਨਕ ਪਿੰਡ ਖੇੜੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫ਼ਾਰਮ ਵਿਖੇ ਲਗਾਏ ਗਏ ਅੰਤਰ ਜ਼ਿਲ੍ਹਾ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਲਹਿਰਾ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੀਆਂ ਨਵੀਆਂ ਤਕਨੀਕਾਂ ਅਤੇ ਫ਼ਸਲਾਂ ਦੇ ਬੀਜਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਅਗਵਾਈ ਵਿੱਚ ਲਗਾਏ ਜਾਂਦੇ ਅਜਿਹੇ ਮੇਲੇ ਬਹੁਤ ਲਾਹੇਵੰਦ ਹੁੰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਯਤਨਾਂ ਤਹਿਤ ਹੀ ਕਿਸਾਨਾਂ ਨੂੰ ਖੇਤੀਬਾੜੀ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਵੱਲੋਂ ਝੋਨੇ ਦੀ ਵਾਢੀ ਤੋਂ ਬਾਅਦ ਬਚਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ ਜਿਸਨੂੰ ਰੋਕਣ ਲਈ ਹੁਣ ਪੰਜਾਬ ਸਰਕਾਰ ਵੱਲੋਂ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋੜੀਂਦੀ ਮਸ਼ੀਨਰੀ ਵੀ ਸਬਸਿਡੀ ਉੱਪਰ ਮੁਹੱਈਆ ਕਰਵਾਈ ਜਾ ਰਹੀ ਹੈ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਤੇ ਮਿੱਟੀ ਦੇ ਨਾਲ-ਨਾਲ ਪੂਰਾ ਵਾਤਾਵਰਨ ਹੀ ਪਲੀਤ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪਰਾਲੀ ਨੂੰ ਅੱਗ ਲਗਾ ਕੇ ਕਿਸਾਨ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦੇ ਉਲਟ ਕੰਮ ਕਰਦੇ ਹਨ ਜਿਸ ਤੋਂ ਸਾਨੂੰ ਹਰ ਤਰੀਕੇ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਹਵਾ ਨੂੰ ਗੁਰੂ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ ਗਿਆ ਹੈ ਅਤੇ ਪਰਾਲੀ ਸਾੜਨ ਨਾਲ ਇਨ੍ਹਾਂ ਦੋਵਾਂ ਦਾ ਬਹੁਤ ਵੱਡੇ ਪੱਧਰ ਉੱਪਰ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਵੀ ਅਪੀਲ ਹੈ ਕਿ ਉਹ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਆਪ ਮੁਹਾਰੇ ਅੱਗੇ ਆਉਣ। ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਨਾਲ-ਨਾਲ ਸੈਕਟਰ ਅਫ਼ਸਰਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਕਿਸਾਨ ਕਈ ਤਰ੍ਹਾਂ ਦੇ ਸੂਖਮ ਤੱਤ ਅਤੇ ਮਿੱਤਰ ਕੀੜਿਆਂ ਨੂੰ ਵੀ ਸਾੜ ਕੇ ਸੁਆਹ ਕਰ ਦਿੰਦੇ ਹਨ ਜੋ ਕਿ ਉਪਜਾਊ ਸ਼ਕਤੀ ਘਟਣ ਦਾ ਵੱਡਾ ਕਾਰਨ ਹਨ। ਇਸ ਕਿਸਾਨ ਮੇਲੇ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਮਾਹਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਅਤੇ ਸਾਉਣੀ ਦੀਆਂ ਫ਼ਸਲਾਂ ਦੇ ਉੱਤਮ ਅਤੇ ਵਿਕਸਿਤ ਬੀਜਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਇਸ ਮੌਕੇ ਪਰਾਲੀ ਨਾ ਸਾੜਨ ਵਾਲੇ 103 ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਸੀਨੀਅਰ ਆਗੂ ਮਨਦੀਪ ਸਿੰਘ ਲੱਖੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ. ਡਾ. ਗੁਰਮੀਤ ਸਿੰਘ ਬੁੱਟਰ, ਸਹਿਯੋਗੀ ਨਿਰਦੇਸ਼ਕ ਕੇ.ਵੀ.ਕੇ. ਡਾ. ਮਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ, ਡਾਇਰੈਕਟਰ ਆਈ.ਸੀ.ਏ.ਆਰ. ਅਟਾਰੀ ਡਾ. ਪਰਵੇਂਦਰ ਸ਼ੋਰੇਨ, ਸੀਨੀਅਰ ਪਸਾਰ ਵਿਗਿਆਨੀ ਡਾ. ਬੂਟਾ ਸਿੰਘ ਰੋਮਾਣਾ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।