- ਕੰਬਾਇਨਾਂ ਨੂੰ ਸੁਪਰ ਐਸ.ਐਸ.ਐਸ. ਲਗਾ ਕੇ ਹੀ ਕੀਤੀ ਜਾਵੇਗੀ ਫਸਲ ਦੀ ਕਟਾਈ
ਫਰੀਦਕੋਟ 27 ਸਤੰਬਰ : ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸੰਭਾਲ, ਜਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਮਨੁੱਖੀ ਸਿਹਤ ਤੇ ਜਾਨਵਰਾਂ ਨੂੰ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਨੁਕਸਾਨ ਆਦਿ ਤੋਂ ਬਚਾਉਣ ਲਈ ਜਿੱਥੇ ਵੱਧ ਤੋਂ ਵੱਧ ਕਿਸਾਨਾਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਸਰਕਾਰ ਵੱਲੋਂ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਵਾਸਤੇ ਵੀ ਵੱਡੀ ਪੱਧਰ ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਪੀਲ ਕਰਨ ਮੌਕੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਇਸ ਦੇ ਧੂੰਏ ਤੋਂ ਮਨੁੱਖੀ ਸਿਹਤ, ਜਾਨਵਰਾਂ ਤੇ ਵਾਤਾਵਰਨ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਵਾ, ਸਾਫ ਸੁਥਰੇ ਵਾਤਾਵਰਨ ਅਤੇ ਧਰਤੀ ਦੀ ਉਪਜਾਉ ਸ਼ਕਤੀ ਨੂੰ ਕਾਇਮ ਰੱਖਣ ਲਈ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ। ਜਦਕਿ ਸਾਨੂੰ ਮਨੁੱਖਤਾ ਦੇ ਭਲੇ ਲਈ ਹੋਰ ਲੋਕਾਂ ਨੂ ਵੀ ਇਸ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਕੇ ਜਮੀਨ ਅੰਦਰਲੇ ਖੁਰਾਕੀ ਤੱਤ ਅਤੇ ਮਿੱਤਰ ਕੀੜਿਆਂ ਨੂੰ ਬਚਾ ਸਕਦੇ ਹਨ ਅਤੇ ਇਸ ਤੋਂ ਪੈਦਾ ਹੁੰਦੇ ਧੂੰਏ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਨੂੰ ਖੇਤ ਵਿੱਚ ਮਿਲਾਉਣ ਨਾਲ ਮਿੱਟੀ ਦਾ ਜੈਵਿਕ ਮਾਦਾ ਵਧਦਾ ਹੈ ਅਤੇ ਖਾਦਾਂ ਦੇ ਖਰਚੇ ਘਟਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਆਪਣੀ ਪਰਾਲੀ ਦੀਆਂ ਬੇਲਰ ਰਾਹੀ ਗੱਠਾ ਬਣਾ ਕੇ ਤੇ ਇਸ ਤੋਂ ਇਲਾਵਾ ਪਰਾਲੀ ਪ੍ਰਬੰਧਨ ਲਈ ਸੁਪਰਸੀਡਰ, ਹੈਪੀ ਸੀਡਰ, ਸੁਪਰ ਐਸ.ਐਮ.ਐਸ., ਸਟਰਾਅ ਚੋਪਰ, ਮਲਚਰ, ਕਰੌਪ ਰੀਪਰ, ਬੇਲਰ ਆਦਿ ਦੀ ਵੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਕੋਈ ਵੀ ਕਿਸਾਨ ਜਾਂ ਕੰਬਾਈਨ ਮਾਲਕ ਸੁਪਰ ਐਸ.ਐਮ.ਐਸ ਤੋਂ ਬਿਨ੍ਹਾਂ ਵਾਲੀ ਕੰਬਾਈਨ ਤੇ ਝੋਨੇ ਦੀ ਕਟਾਈ ਨਾ ਕਰਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੰਬਾਈਨ ਮਾਲਕ ਬਿਨ੍ਹਾਂ ਸੁਪਰਕ ਐਸ.ਐਮ.ਐਸ. ਤੋਂ ਕਟਾਈ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਤੋਂ ਲਈ ਜਾ ਸਕਦੀ ਹੈ।