ਬਠਿੰਡਾ : ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ 16 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਪੰਜਵੇਂ ਦਿਨ ਵਿਚ ਸ਼ਾਮਿਲ ਹੋ ਗਿਆ। ਕਿਸਾਨਾਂ ਵੱਲੋਂ ਤਲਵੰਡੀ ਸਾਬੋ ਵਿਖੇ ਪੰਜਵੇਂ ਦਿਨ ਵੀ ਬਠਿੰਡਾ-ਦਿੱਲੀ ਸਟੇਟ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨ ਕਿਸਾਨਾਂ ਦੇ ਸੰਘਰਸ਼ ਦੌਰਾਨ ਕਿਸਾਨਾਂ ਤੇ ਟਰੱਕ ਯੂਨੀਅਨ ਦੇ ਪ੍ਰਧਾਨ ਦੀ ਅਗਵਾਈ ਵਿਚ ਟਰੱਕ ਆਪ੍ਰੇਟਰਾਂ ਦੀ ਹੋਈ ਤਕਰਾਰ ਦੇ ਵਿਰੋਧ ਵਿੱਚ ਕਿਸਾਨਾਂ ਨੇ ਹਲਕੇ ਦੀ ਵਿਧਾਇਕਾ ਬਲਜਿੰਦਰ ਕੌਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਟਰੱਕ ਆਪ੍ਰੇਟਰਾਂ ਦੇ ਪ੍ਰਧਾਨ ਵੱਲੋਂ ਉਨ੍ਹਾਂ ਉਤੇ ਹਮਲਾ ਕਰਕੇ ਧਰਨਾ ਚੁਕਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਬੀਤੇ ਦਿਨ ਤਲਵੰਡੀ ਸਾਬੋ ਦੇ ਥਾਣਾ ਚੌਕ ਵਿਖੇ ਲੱਗੇ ਕਿਸਾਨੀ ਧਰਨੇ ਦੌਰਾਨ ਟਰੱਕ ਆਪ੍ਰੇਟਰਾਂ ਤੇ ਕਿਸਾਨਾਂ ਵਿੱਚ ਹੋਈ ਤਕਰਾਰ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਧਰਨੇ ਦੌਰਾਨ ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ, ਜਦੋਂਕਿ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਪੰਜ ਦਿਨਾਂ ਤੋਂ ਚੱਲ ਰਹੇ ਧਰਨੇ ਤੇ ਅੱਜ ਕਿਸਾਨਾਂ ਨੇ ਹਲਕੇ ਦੀ 'ਆਪ' ਵਿਧਾਇਕਾ ਬਲਜਿੰਦਰ ਕੌਰ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕੇ ਹਲਕੇ ਦੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਸ਼ਹਿ ਉਤੇ ਟਰੱਕ ਯੂਨੀਅਨ ਦਾ ਪ੍ਰਧਾਨ ਉਨ੍ਹਾਂ ਦੇ ਧਰਨੇ ਨੂੰ ਖ਼ਰਾਬ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਉਤੇ ਸਵਾਲ ਚੁੱਕਣ ਵਾਲੇ ਟਰੱਕ ਯੂਨੀਅਨ ਦਾ ਪ੍ਰਧਾਨ ਖ਼ੁਦ ਪਿਛਲੇ ਸਮੇਂ 'ਚ ਗੁੰਡਾ ਟੈਕਸ ਵਸੂਲ ਦਾ ਹੋਇਆ ਪੁਲਿਸ ਨੇ ਕਾਬੂ ਕੀਤਾ, ਜਿਸ ਖਿਲਾਫ਼ ਪੁਲਿਸ ਨੇ ਮਾਮਲਾ ਵੀ ਦਰਜ ਕੀਤਾ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਆਮ ਆਦਮੀ ਪਾਰਟੀ ਆਗੂ ਜਾਂ ਸਰਕਾਰ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਐਲਾਨ ਕੀਤਾ ਕਿ ਜਿੰਨਾ ਸਮਾਂ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿਥੇ ਬੀਤੇ ਦਿਨ ਬੀਕੇਯੂ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਉਤੇ ਬੈਠੇ ਹਨ ਉਥੇ ਹੀ ਹੁਣ ਸਾਰੇ ਧਰਨਿਆਂ ਉਤੇ ਕਿਸਾਨ ਵੀ ਮਰਨ ਵਰਤ ਉਪਰ ਬੈਠਣਗੇ।