- ਡਿਪਟੀ ਕਮਿਸ਼ਨਰ ਵਲੋਂ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਅਤੇ ਮੋਹਤਬਰਾਂ ਨਾਲ ਲੜੀਵਾਰ ਮੀਟਿੰਗਾਂ
ਬਰਨਾਲਾ, 18 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਵਾਤਵਰਣ ਸੰਭਾਲ ਸਬੰਧੀ ਹੁਕਮਾਂ/ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਵਾਸਤੇ ਵਿਆਪਕ ਮੁਹਿੰਮ ਵਿੱਢੀ ਹੋਈ ਹੈ। ਇਸ ਮੁਹਿੰਮ ਤਹਿਤ ਜਿੱਥੇ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਪਿੰਡਾਂ ਦੇ ਮੋਹਤਬਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਓਥੇ ਸੀਨੀਅਰ ਅਫ਼ਸਰਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਵਲੋਂ ਅੱਜ ਪਿੰਡ ਕਲਾਲਾ, ਪੱਖੋਕੇ, ਠੁੱਲੇਵਾਲ ਰਾਏਸਰ ਪਟਿਆਲਾ, ਮਾਂਗੇਵਾਲ, ਮਹਿਲਕਲਾਂ, ਮਹਿਲ ਖੁਰਦ, ਸਹਿਜੜਾ, ਪੰਡੋਰੀ, ਦਰਾਕਾ, ਘੁੰਨਸ, ਧਨੌਲਾ ਖੁਰਦ, ਗੁੰਮਟੀ, ਦੀਵਾਨਾ, ਦੀਪਗੜ੍ਹ, ਰਾਮਗੜ੍ਹ, ਮੱਝੂਕੇ, ਜੰਗੀਆਣਾ ਪਿੰਡਾਂ ਦੇ ਪੰਚਾਇਤ ਸਕੱਤਰਾਂ, ਸਹਿਕਾਰੀ ਸਭਾਵਾਂ ਦੇ ਮੈਂਬਰਾਂ, ਨੰਬਰਦਾਰਾਂ, ਆਂਗਣਵਾੜੀ ਵਰਕਰਾਂ, ਗ੍ਰਾਮ ਸਹਾਇਕਾਂ, ਮੋਹਤਬਰਾਂ, ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਐੱਸ ਐੱਸ ਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਉਪਲਭਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਹੋਰਨਾਂ ਕਿਸਾਨਾਂ ਨਾਲ ਮਸ਼ੀਨਰੀ ਸਾਂਝੀ ਕਰਨ ਅਤੇ ਪਰਾਲੀ ਦਾ ਢੁਕਵਾਂ ਨਿਬੇੜਾ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦਾ ਕੋਈ ਵੀ ਕੇਸ ਸਾਹਮਣੇ ਨਾ ਆਵੇ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਪਰਾਲੀ ਦਾ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਵੇਗਾ, ਉਹਨਾਂ ਪਿੰਡਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਾਤਾਵਰਨ ਸੰਭਾਲ ਲਈ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਮਾਣਯੋਗ ਸੁਪਰੀਮ ਕੋਰਟ ਅਤੇ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਸਖਤ ਹਦਾਇਤਾਂ ਹਨ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਸਾਰੇ ਪਿੰਡਾਂ ਦੇ ਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਮੁਹਿੰਮ ਵਿਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਐੱਸ ਐੱਸ ਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਿੰਡਾਂ ਵਿੱਚ ਬਣੀਆਂ ਪਿੰਡ ਪੱਧਰੀ ਟੀਮਾਂ ਨੂੰ ਸਹਿਯੋਗ ਦੇਣ ਤਾਂ ਜੋ ਸਾਂਝੇ ਹੰਭਲੇ ਨਾਲ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਜ਼ੀਰੋ ਕੀਤੇ ਜਾ ਸਕਣ। ਇਸ ਮੌਕੇ ਪੁਲੀਸ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਣੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।