- ਕੈਂਪਾਂ ਦੌਰਾਨ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਪਰਾਲੀ ਨਾ ਸਾੜਨ ਦੀ ਭਰੀ ਹਾਮੀ
ਮਾਨਸਾ, 22 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਐਸ.ਡੀ.ਐਮ. ਮਾਨਸਾ ਸ਼੍ਰੀ ਪ੍ਰਮੋਦ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਦੇ ਸਹੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਮਾਨਸਾ ਸ਼੍ਰੀ ਦਿਲਬਾਗ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਜਿਵੇਂ ਠੂਠਿਆਂਵਾਲੀ, ਬੁਰਜ ਹਰੀ, ਕੋਟਲੀ ਕਲਾਂ ਅਤੇ ਦਲੇਲ ਸਿੰਘ ਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ ਅਤੇ ਪਿਛਲੇ ਦਿਨੀ ਪਿੰਡ ਬੁਰਜ ਢਿੱਲਵਾਂ, ਬੁਰਜ ਰਾਠੀ, ਤਾਮਕੋਟ, ਕੱਲੋਂ, ਚਕੇਰੀਆਂ, ਖਿੱਲਣ ਵਿਖੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ ਅਤੇ ਮਸ਼ੀਨਰੀ ਦੀ ਸਹੀ ਵਰਤੋਂ ਕਰਨ ਸਬੰਧੀ ਜਾਣੂ ਕਰਵਾਇਆ ਗਿਆ। ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ਿਰਕਤ ਕੀਤੀ। ਕੈਂਪਾਂ ਦੌਰਾਨ ਖੇਤੀਬਾੜੀ ਅਧਿਕਾਰੀਆਂ ਮਨੋਜ ਕੁਮਾਰ, ਹਰਮਨਦੀਪ ਸਿੰਘ, ਸੁਖਜਿੰਦਰ ਸਿੰਘ ਅਤੇ ਮਨਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਕੈਂਪਾਂ ਰਾਹੀਂ ਤਕਨੀਕੀ ਸ਼ੈਸਨ ਦੌਰਾਨ ਪਰਾਲੀ ਦੇ ਯੋਗ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਅਤੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਜਿਵੇਂ ਨਾਈਟਰੋਜਨ, ਫਾਸਫੋਰਸ਼, ਪੋਟਾਸ, ਸਰਲਫਰ ਆਦਿ ਤੱਤ ਪਰਾਲੀ ਦੇ ਨਾਲ ਖਤਮ ਹੋ ਜਾਣ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜੇਕਰ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਦਿੱਤਾ ਜਾਵੇ ਤਾਂ ਇਨ੍ਹਾਂ ਤੱਤਾਂ ਰਾਹੀਂ ਅਗਲੀ ਫਸਲ ਵਿੱਚ ਘੱਟ ਮਾਤਰਾ ਵਿੱਚ ਖਾਦਾਂ ਪਾਉਣ ਦੀ ਲੋੜ ਪੈਂਦੀ ਹੈ। ਇਸ ਦੇ ਨਾਲ-ਨਾਲ ਆਉਣ ਵਾਲੀ ਕਣਕ ਦੀ ਫਸਲ ਵਿੱਚ ਪਾਣੀ ਦੀ ਵੀ ਬਚਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਖੇਤਾਂ ਵਿੱਚ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਜਿਵੇ ਕਿ ਪੀ.ਆਰ. 126 ਅਤੇ ਬਾਸਮਤੀ ਆਦਿ ਦਾ ਖੇਤ ਵਿੱਚ ਹੈਪੀ ਸੀਡਰ, ਸੁਪਰ ਸੀਡਰ ਸਮਾਰਟ ਸੀਡਰ, ਮਲਚਰ ਜਾਂ ਸਰਫੇਸ ਸੀਡਰ ਵਰਤਕੇ ਪਰਾਲੀ ਦਾ ਸੁੱਚਜਾ ਹੱਲ ਕੀਤਾ ਜਾ ਸਕਦਾ ਹੈ ਅਤੇ ਲੰਬਾ ਸਮਾਂ ਲੈਣ ਵਾਲੀਆਂ ਕਿਸਮਾਂ ਲਈ ਬੇਲਰ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚੋ ਬਾਹਰ ਕੱਢ ਕੇ ਜੀਰੋ ਡਰਿੱਲ ਨਾਲ ਵੀ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਸਾਂਹ ਰੋਗ ਬਿਮਾਰੀਆਂ ਵਿੱਚ ਵੀ ਵਾਧਾ ਹੁੰਦਾ ਹੈ। ਇਸ ਦੇ ਨਾਲ ਹੀ ਇਹਨਾਂ ਕੈਂਪਾਂ ਵਿੱਚ ਕਿਸਾਨਾਂ ਵੱਲੋਂ ਪਰਾਲੀ ਨਾ ਸਾੜਨ ਦੇ ਸਬੰਧ ਵਿੱਚ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਅਤੇ ਕੈਂਪ ਵਿੱਚ ਹਾਜਰ ਕੰਬਾਇਨ ਮਾਲਕਾਂ ਨੇ ਸੁਪਰ ਐਸ.ਐਮ.ਐਸ. ਸਮੇਤ ਕੰਬਾਇਨ ਚਲਾਉਣ ਦਾ ਹੁੰਗਾਰਾ ਭਰਿਆ। ਇਹਨਾਂ ਕੈਂਪਾਂ ਦੌਰਾਨ ਖੇਤੀਬਾੜੀ ਉਪ ਨਿਰੀਖੱਕ ਗੁਰਬਖਸ ਸਿੰਘ, ਦਵਿੰਦਰ ਸਿੰਘ ਅਤੇ ਸ੍ਰੀ ਸੁਖਵਿੰਦਰ ਸਿੰਘ, ਫੀਲਡ ਸੁਪਰਵਾਈਜਰ, ਕਿਸਾਨ ਮਿੱਤਰ ਅਤੇ ਪਿੰਡਾਂ ਦੇ ਅਗਾਂਹਵਧੂ ਕਿਸਾਨ ਮੌਜੂਦ ਸਨ।