- ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਊਂਤਬੰਦੀ ਸਬੰਧੀ ਡੀ.ਸੀ. ਫਰੀਦਕੋਟ ਨੇ ਕੀਤੀ ਮੀਟਿਗ
ਫਰੀਦਕੋਟ 24 ਸਤੰਬਰ 2024 : ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨ ਅਸੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਆਈ.ਏ.ਐਸ. ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਵੱਧ ਤੋਂ ਵੱਧ ਚਾਲਾਨ ਕੱਟੇ ਜਾਣ ਅਤੇ ਇਸ ਸਬੰਧੀ ਪਿੰਡ ਦੇ ਗੁਰਦੁਆਰਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗੂਰਕ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਨੋਡਲ ਅਫਸਰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਢਾਈ ਏਕੜ ਤੇ ਅੱਗ ਲਗਾਉਣ ਵਾਲੇ ਕਿਸਾਨ ਨੂੰ 2500 ਰੁਪਏ, ਢਾਈ ਤੋਂ ਪੰਜ ਏਕੜ ਨੂੰ ਅੱਗ ਲਗਾਉਣ ਵਾਲੇ ਕਿਸਾਨ ਨੂੰ 5000 ਰੁਪਏ ਅਤੇ ਪੰਜ ਏਕੜ ਤੋਂ ਜ਼ਿਆਦਾ ਜਮੀਨ ਤੇ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 15000 ਰੁਪਏ ਜੁਰਾਮਾਨਾ ਲਗਾਇਆ ਜਾਵੇਗਾ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਦੇ ਜਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਪ੍ਰਸ਼ਾਸ਼ਨ ਪਰਾਲੀ ਪ੍ਰਬੰਧਨ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਝੋਨੇ ਦੀ ਕਟਾਈ ਕੰਬਾਇਨ ਅੱਗੇ ਹਾਰਵੈਸਟ ਅਤੇ ਸੁਪਰ ਐਸ.ਐਮ.ਐਸ ਲਗਾ ਕੇ ਹੀ ਕਰਨ। ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀ ਮਸ਼ੀਨਰੀ ਦੀ ਉਪਲਬਧੀ ਅਤੇ ਕਿਰਾਏ ਸਬੰਧੀ ਲਿਸਟ ਵੀ ਪਿੰਡਾਂ ਵਿੱਚ ਲਗਾਈ ਜਾਵੇ। ਉਨ੍ਹਾਂ ਕਿਹਾ ਸਬਸਿਡੀ ਵਾਲੀ ਮਸ਼ੀਨਰੀ ਪਿੰਡ ਦੀ ਸਾਂਝੀ ਥਾਂ ਤੇ ਰੱਖੀ ਜਾਵੇ ਤਾਂ ਜੋ ਕੋਈ ਵੀ ਕਿਸਾਨ ਉਸ ਦੀ ਕਿਰਾਏ ਤੇ ਵਰਤੋਂ ਕਰ ਸਕੇ। ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਵਿਭਾਗ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੱਧ ਤੋਂ ਵੱਧ ਜਾਗਰੂਕ ਕਰ ਰਿਹਾ ਹੈ। ਇਸ ਮੌਕੇ ਸਮੂਹ ਕਲੱਸਟਰ ਅਫਸਰ ਅਤੇ ਖੇਤੀਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।