ਲੁਧਿਆਣਾ, 16 ਫਰਵਰੀ (ਰਘਵੀਰ ਸਿੰਘ ਜੱਗਾ) : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਹੋਏ ਯਕੀਨੀ ਬਣਾਉਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਹੁਲ ਚਾਬਾ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵੱਲੋਂ 21 ਫਰਵਰੀ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਦੀ ਵਰਤੋਂ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਤੋਂ ਇਲਾਵਾ ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਅਦਾਰਿਆਂ, ਜਨਤਕ, ਨਿੱਜੀ ਅਤੇ ਵਪਾਰਕ ਅਦਾਰਿਆਂ ਨੂੰ ਇਸ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਂ ਬੋਲੀ ਨੂੰ ਪਹਿਲ ਦੇਣ ਲਈ ਇਹ ਫੈਸਲਾ ਲਿਆ ਹੈ। ਇਸ ਲਈ ਬੋਰਡਾਂ, ਕਾਰਪੋਰੇਸ਼ਨਾਂ ਦੇ ਦਫ਼ਤਰਾਂ, ਵਿਦਿਅਕ ਅਦਾਰਿਆਂ, ਸਰਕਾਰੀ, ਨਿੱਜੀ ਅਤੇ ਵਪਾਰਕ ਅਦਾਰਿਆਂ ਤੋਂ ਇਲਾਵਾ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲਗਾਉਣੇ ਜ਼ਰੂਰੀ ਹਨ। ਇਸ ਤੋਂ ਇਲਾਵਾ ਸੜ੍ਹਕਾਂ ਦਾ ਨਾਮ ਅਤੇ ਨੇਮ ਪਲੇਟਾਂ ਪੰਜਾਬੀ ਭਾਸ਼ਾ ਵਿੱਚ ਲਿਖਣਾ ਲਾਜ਼ਮੀ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਇਹ ਕੰਮ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜੇਕਰ ਕੋਈ ਹੋਰ ਭਾਸ਼ਾਵਾਂ ਵਿੱਚ ਜਾਣਕਾਰੀ ਲਿਖਣਾ ਚਾਹੁੰਦਾ ਹੈ ਤਾਂ ਉਹ ਪੰਜਾਬੀ ਭਾਸ਼ਾ ਦੇ ਹੇਠਾਂ ਲਿਖ ਸਕਦਾ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰਕ ਅਤੇ ਮੰਡੀਆਂ ਦੀਆਂ ਐਸੋਸੀਏਸ਼ਨਾਂ, ਉਦਯੋਗਾਂ ਅਤੇ ਹੋਰਾਂ ਨਾਲ ਮੀਟਿੰਗਾਂ ਕਰਨ ਅਤੇ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਇਸ ਮੌਕੇ ਐਸ.ਡੀ.ਐਮਜ਼ ਗੁਰਬੀਰ ਸਿੰਘ ਕੋਹਲੀ, ਵਿਕਾਸ ਹੀਰਾ, ਗੁਰਸਿਮਰਨ ਸਿੰਘ ਢਿੱਲੋਂ, ਮਨਜੀਤ ਕੌਰ, ਕੁਲਦੀਪ ਬਾਵਾ, ਜਸਲੀਨ ਕੌਰ ਅਤੇ ਹੋਰ ਹਾਜ਼ਰ ਸਨ।