ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਕੇਸ ਦਰਜ ਕਰਨੇ ਨੰਗੀ ਚਿੱਟੀ ਧੱਕੇਸ਼ਾਹੀ : ਮਨਜੀਤ ਧਨੇਰ 

  • ਪੱਤਰਕਾਰਾਂ ਅਤੇ ਸਿਆਸੀ ਵਿਰੋਧੀਆਂ ਦੀ ਜ਼ੁਬਾਨਬੰਦੀ  ਬਰਦਾਸ਼ਤ ਨਹੀਂ - ਹਰਨੇਕ ਮਹਿਮਾ
  • ਭਾਕਿਯੂ ਏਕਤਾ ਡਕੌਂਦਾ ਸਰਕਾਰ ਦੀ ਧੱਕੇਸ਼ਾਹੀ ਦਾ ਕਰੇਗੀ ਵਿਰੋਧ - ਗੁਰਦੀਪ ਰਾਮਪੁਰਾ

ਬਰਨਾਲਾ 27 ਫਰਵਰੀ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਖਿਲਾਫ ਕੇਸ ਦਰਜ ਕਰਨ ਦਾ ਸਖਤ ਨੋਟਿਸ ਲਿਆ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਪੱਤਰਕਾਰ ਮਨਿੰਦਰਜੀਤ ਸਿੱਧੂ ਆਪਣੀਆਂ ਪੋਸਟਾਂ ਰਾਹੀਂ ਲੋਕਾਂ ਦੇ ਪੱਖ ਵਿੱਚ ਸਰਕਾਰੀ ਧੱਕੇਸ਼ਾਹੀਆਂ ਦੇ ਖਿਲਾਫ ਬੋਲਦਾ ਰਿਹਾ ਹੈ ਅਤੇ ਉਸ ਦੀਆਂ ਕਾਰਵਾਈਆਂ ਸਰਕਾਰ ਨੂੰ ਰੜਕਦੀਆਂ ਹਨ। ਇਸ ਲਈ ਆਮ ਆਦਮੀ ਸਰਕਾਰ ਨੇ ਉਸਦੇ ਖਿਲਾਫ ਕੇਸ ਦਰਜ ਕਰਕੇ ਉਸ ਦੀ ਜ਼ੁਬਾਨ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਪੱਤਰਕਾਰ ਦੀ ਜ਼ੁਬਾਨਬੰਦੀ ਕਰਨ ਦੀ ਕੋਸ਼ਿਸ਼ ਨੰਗੀ ਚਿੱਟੀ ਧੱਕੇਸ਼ਾਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਵੀ ਆਪਣੇ ਸਿਆਸੀ ਵਿਰੋਧੀਆਂ ਅਤੇ ਪੱਤਰਕਾਰਾਂ ਤੇ ਕੇਸ ਦਰਜ ਕਰਕੇ ਉਹਨਾਂ ਨੂੰ ਚੁੱਪ ਕਰਾਉਣ ਦਾ ਯਤਨ ਕੀਤਾ ਹੈ। ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਹਨ ਜੋ ਕਿ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ  ਕਿ ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਸਮੇਂ ਪਹਿਲਾਂ ਵਾਲੇ ਨਹੀਂ ਰਹੇ। ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਨੇ ਲੋਕਾਂ ਨੂੰ ਜਥੇਬੰਦ ਹੋਣ ਅਤੇ ਧੱਕੇ ਦੇ ਖਿਲਾਫ ਬੋਲਣ ਦੀ ਜਾਗ ਲਾਈ ਹੈ। ਜੇਕਰ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਖਿਲਾਫ ਕੇਸ ਵਾਪਸ ਨਾ ਲਏ ਗਏ ਅਤੇ ਉਸਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਸ ਦਾ ਜ਼ਬਰਦਸਤ ਵਿਰੋਧ ਕਰੇਗੀ।