ਮੋਹਾਲੀ, 7 ਜਨਵਰੀ : ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਵਾਈ ਪੀ ਐਸ ਚੌਕ ‘ਤੇ ਪੱਕਾ ਮੋਰਚਾ ਲਾਇਆ ਗਿਆ ਹੈ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਮੋਰਚਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਦਿਲਸ਼ੇਰ ਸਿੰਘ ਜੰਡਿਆਲਾ, ਗੁਰਸ਼ਰਨ ਸਿੰਘ ਧਾਲੀਵਾਲ ਅਤੇ ਜਗਮੋਹਨ ਸਿੰਘ ਕਾਹਲੋਂ ਨੇ ਕਿਹਾ ਕਿ ਪਿਛਲੀ ਵਾਰ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਇਨਸਾਫ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਲਾਇਆ ਗਿਆ ਸੀ ਤਾਂ ਸਰਕਾਰ ਨੇ ਉਨ੍ਹਾਂ ਨੂੰ ਇਹ ਭਰੋਸਾ ਦੇ ਕੇ ਧਰਨਾ ਚੁਕਵਾ ਦਿੱਤਾ ਸੀ ਕਿ ਸਰਕਾਰ ਇਸ ਸੰਬੰਧੀ ਜਲਦੀ ਕਾਰਵਾਈ ਕਰੇਗੀ ਪਰ ਏਨਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਨੇ ਕੋਈ ਇਨਸਾਫ ਨਹੀਂ ਦਿੱਤਾ, ਜਿਸ ਕਰਕੇ ਉਨ੍ਹਾਂ ਨੂੰ ਮੁੜ ਕੇ ਪੱਕਾ ਮੋਰਚਾ ਲਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਸਿੱਖਾਂ ਦੇ ਰੋਸ ਵੱਲ ਧਿਆਨ ਨਹੀਂ ਦੇ ਰਹੀਆਂ ਜਿਸ ਕਰਕੇ ਸਮੁੱਚੇ ਸਿੱਖ ਜਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖ ਪੰਥ ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ , 328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਇਨਸਾਫ, ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡਾਂ ਬਾਰੇ ਇਨਸਾਫ ਦੀ ਮੰਗ ਕਰ ਰਿਹਾ ਹੈ ਪਰ ਦੋਵੇਂ ਸਰਕਾਰਾਂ ਇਸ ਮਾਮਲੇ ਬਾਰੇ ਕੋਈ ਧਿਆਨ ਨਹੀਂ ਦੇ ਰਹੀਆਂ ਜਿਸ ਕਰਕੇ ਸਿੱਖਾਂ ਨੂੰ ਸੜਕਾਂ ‘ਤੇ ਆਉਣਾ ਪਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜੀਵ ਗਾਂਧੀ ਹੱਤਿਆ ਕਾਂਡ, ਬਿਲਕੀਸ ਬਾਨੋ ਬਲਾਤਕਾਰ ਤੇ ਕਤਲ ਕੇਸ ਦੇ ਦੋਸ਼ੀਆਂ ਨੂੰ ਛੱਡਣਾ ਤੇ ਬਲਾਤਕਾਰ ਤੇ ਕਤਲਾਂ ਦੇ ਦੋਸ਼ੀ ਡੇਰਾ ਮੁਖੀ ਨੂੰ ਪੈਰੋਲ ਤਾਂ ਦਿੱਤੀ ਜਾ ਰਹੀ ਹੈ ਪਰ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ‘ਤੇ ਰਿਹਾਈ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਬੁਲਾਰਿਆਂ ਨੇ ਅੱਗੇ ਕਿਹਾ ਕਿ ਹੁਣ ਉਹ ਇਨਸਾਫ ਲੈਣ ਲਈ ਸਰਕਾਰਾਂ ਕੋਲ ਨਹੀਂ ਜਾਣਗੇ, ਸਗੋਂ ਸਰਕਾਰਾਂ ਨੂੰ ਹੀ ਉਨ੍ਹਾਂ ਕੋਲ ਆਉਣਾ ਪਵੇਗਾ। ਮੋਹਾਲੀ ਦੇ ਵਾਈ ਪੀ ਐਸ ਚੌਂਕ ਕੋਲ ਲੱਗੇ ਧਰਨੇ ਕਾਰਨ ਇਸ ਸੜਕ ‘ਤੇ ਆਵਾਜਾਈ ਵਿੱਚ ਵਿਘਨ ਪਿਆ ਰਿਹਾ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਭਾਵੇਂ ਮੋਰਚਾ ਲੱਗਣ ਤੋਂ ਪਹਿਲਾਂ ਹੀ ਜ਼ਿਲ੍ਹਾ ਮਜਿਸਟਰੇਟ ਮੋਹਾਲੀ ਨੇ ਦਫਾ 144 ਦਾ ਐਲਾਨ ਕਰ ਦਿੱਤਾ ਸੀ ਅਤੇ ਧਰਨੇ ਨੂੰ ਦੇਖਦਿਆਂ ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਨੇ ਭਾਰੀ ਗਿਣਤੀ ਵਿੱਚ ਪੁਲੀਸ ਤਾਇਨਾਤ ਕੀਤੀ ਹੋਈ ਸੀ। ਪੁਲੀਸ ਵੱਲੋਂ ਫਾਇਰ ਬਗਿੇਡ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਵਾਲੀਆਂ ਗ਼ਡੀਆਂ ਦਾ ਪ੍ਰਬੰਧ ਵੀ ਉਚੇਚੇ ਤੌਰ ‘ਤੇ ਕੀਤਾ ਹੋਇਆ ਸੀ। ਧਰਨੇ ਵਾਲੀ ਥਾ ਉੱਤੇ ਡੀ ਆਈ ਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ ਐਸ ਪੀ ਡਾ ਸੰਦੀਪ ਗਰਗ ਸਮੇਤ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ।