ਬਠਿੰਡਾ, 18 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਆਉਂਦੀਆਂ ਲੋਕ ਸਭਾ ਚੋਣਾਂ ਲੜ ਰਹੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪੰਜ ਮੰਤਰੀ ਜਨਤਕ ਹਿੱਤ ਵਿਚ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਦਾ ਪੰਜਾਬ ਬਚਾਓ ਯਾਤਰਾ ਤਹਿਤ ਭੁੱਚੋ ਮੰਡੀ ਤੇ ਬਠਿੰਡਾ ਸ਼ਹਿਰੀ ਹਲਕੇ ਵਿਚ ਲੋਕਾਂ ਨੇ ਲਾਮਿਸਾਲ ਸਵਾਗਤ ਕੀਤਾ, ਨੇ ਕਿਹਾ ਕਿ ਸੂਬਾ ਢਾਈ ਮਹੀਨਿਆਂ ਤੱਕ ਮੰਤਰੀਆਂ ਦੇ ਆਪਣੇ ਦਫਤਰਾਂ ਵਿਚੋਂ ਗੈਰ ਹਾਜ਼ਰ ਰਹਿਣ ਕਾਰਨ ਪ੍ਰਸ਼ਾਸਕੀ ਅੱਧਰੰਗ ਨਹੀਂ ਸਹਿ ਸਕਦਾ। ਉਹਨਾਂ ਕਿਹਾ ਕਿ ਚੋਣਾਂ ਲੜਨ ਵਾਲੇ ਸਾਰੇ ਮੰਤਰੀਆਂ ਕੋਲ ਪ੍ਰਮੁੱਖ ਵਿਭਾਗ ਹਨ ਜਿਹਨਾਂ ਵਿਚ ਖੇਤੀਬਾੜੀ, ਟਰਾਂਸਪੋਰਟ, ਸਿਹਤ ਆਦਿ ਮੰਤਰਾਲੇ ਸ਼ਾਮਲ ਹਨ ਜਿਹਨਾਂ ਦੇ ਮੰਤਰੀ ਡਾ. ਬਲਬੀਰ ਸਿੰਘ, ਸਰਦਾਰ ਗੁਰਮੀਤ ਸਿੰਘ ਖੁੱਡੀਆਂ, ਸਰਦਾਰ ਗੁਰਮੀਤ ਸਿੰਘ ਮੀਤ ਹੇਅਰ, ਸਰਦਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਸਰਦਾਰ ਲਾਲਜੀਤ ਸਿੰਘ ਭੁੱਲਰ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਆਪ ਵੱਲੋਂ ਪੰਜ ਮੰਤਰੀਆਂ ਨੂੰ ਚੋਣ ਮੈਦਾਨ ਵਿਚ ਉਤਾਰਣ ਬਾਰੇ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਾਣਦੀ ਹੈ ਕਿ ਇਸ ਵੱਲੋਂ ਸਮਾਜ ਦੇ ਹਰ ਵਰਗ ਨਾਲ ਧੋਖਾ ਕਰਨ ਤੋਂ ਬਾਅਦ ਇਸਨੇ ਸੂਬੇ ਵਿਚ ਆਪਣਾ ਸਿਆਸੀ ਆਧਾਰ ਗੁਆ ਲਿਆ ਹੈ। ਉਹਨਾਂ ਕਿਹਾ ਕਿ ਹੁਣ ਇਹ ਵੋਟਾਂ ਹਾਸਲ ਕਰਨ ਦੇ ਮਾਰੇ ਮੰਤਰੀਆਂ ਨੂੰ ਚੋਣ ਮੈਦਾਨ ਵਿਚ ਉਤਾਰਣ ਲਈ ਮਜਬੂਰ ਹੋ ਗਈ ਹੈ। ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਆਖਿਆ ਕਿ ਉਹ ਅਜਿਹੀਆਂ ਕੋਝੀਆਂ ਤਰਕੀਬਾਂ ਦੇ ਝਾਂਸੇ ਵਿਚ ਨਾ ਆਉਣ। ਉਹਨਾਂ ਕਿਹਾ ਕਿ ਲੋਕਾਂ ਨੂੰ ਇਹਨਾਂ ਮੰਤਰੀਆਂ ਕੋਲੋਂ ਸਵਾਲ ਪੁੱਛਣਾ ਚਾਹੀਦਾ ਹੈ ਕਿ ਉਹਨਾਂ ਨੇ ਬੀਤੇ ਦੋ ਸਾਲਾਂ ਵਿਚ ਲੋਕਾਂ ਦੀ ਭਲਾਈ ਵਾਸਤੇ ਕੀ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਸਾਰੇ ਮੰਤਰੀ ਆਪਣੇ ਫਰਜ਼ ਨਿਭਾਉਣ ਵਿਚ ਫੇਲ੍ਹ ਰਹੇ ਹਨ ਤੇ ਉਹਨਾਂ ਨੇ ਦੱਸਿਆ ਕਿ ਕਿਵੇਂ ਖੇਤੀਬਾੜੀ ਮੰਤਰੀ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਦੇਣ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਸਿਹਤ ਮੰਤਰੀ ਪੇਂਡੂ ਸਿਹਤ ਡਿਸਪੈਂਸਰੀਆਂ ਤੋਂ ਡਾਕਟਰਾਂ ਨੂੰ ਹਟਾ ਕੇ ਪੇਂਡੂ ਸਿਹਤ ਬੁਨਿਆਦੀ ਢਾਂਚਾ ਤਬਾਹ ਕਰਨ ਲਈ ਜ਼ਿੰਮੇਵਾਰ ਹਨ। ਪੰਜਾਬ ਬਚਾਓ ਯਾਤਰਾ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਇਸਨੂੰ ਤੂਫਾਨ ਵਿਚ ਬਦਲਣ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਹ ਤੂਫਾਨ ਪੰਜਾਬ ਭਰ ਵਿਚ ਫੈਲ ਜਾਵੇਗਾ ਤੇ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਨੂੰ ਜੜ੍ਹੋਂ ਪੁੱਟ ਦੇਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਸੂਬੇ ਵਿਚ 13 ਦੀਆਂ 13 ਸੀਟਾਂ ਜਿੱਤਣ ਦੇ ਰਾਹ ’ਤੇ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਤੇ ਆਪ ਨੇ ਪਿਛਲੇ ਸੱਤ ਸਾਲਾਂ ਦੌਰਾਨ ਪੰਜਾਬ ਅਤੇ ਇਸਦੇ ਅਰਥਚਾਰੇ ਨੂੰ ਤਬਾਹ ਕੀਤਾ ਹੈ। ਉਹਨਾਂ ਕਿਹਾ ਕਿ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕਾਂਗਰਸ ਨੇ ਇਕ ਵੀ ਬੁਨਿਆਦੀ ਢਾਂਚੇ ਦਾ ਪ੍ਰਾਜੈਕਟ ਨਹੀਂ ਲਿਆਂਦਾ। ਉਹਨਾਂ ਕਿਹਾ ਕਿ ਮੌਜੂਦਾ ਆਪ ਸਰਕਾਰ ਨੇ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਤੇ ਇਸ ਪੈਸੇ ਵਿਚੋਂ ਬਹੁਤਾ ਆਪ ਦਾ ਹੋਰ ਸੂਬਿਆਂ ਵਿਚ ਪਸਾਰ ਕਰਨ ’ਤੇ ਖਰਚ ਕੀਤਾ ਗਿਆ ਹੈ। ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀਆਂ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਇਸਨੇ ਹਮੇਸ਼ਾ ਇਹਨਾਂ ਇੱਛਾਵਾਂ ਦੀ ਪੂਰਤੀ ਵਾਸਤੇ ਕੰਮ ਕੀਤਾ ਹੈ। ਸਰਦਾਰ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਤੁਹਾਡੀਆਂ ਮੁਸ਼ਕਿਲਾਂ ਤੁਹਾਡੇ ਦਰਾਂ ’ਤੇ ਹੱਲ ਕਰਨ ਵਾਸਤੇ ਸੰਗਤ ਦਰਸ਼ਨ ਪ੍ਰੋਗਰਾਮ ਸ਼ੁਰੂ ਕੀਤੇ ਸਨ। ਉਹਨਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਇਲਾਕੇ ਦੀ ਵੱਡੀ ਸੇਵਾ ਕੀਤੀ ਹੈ ਤੇ ਇਥੇ ਏਮਜ਼ ਬਠਿੰਡਾ ਲਿਆਉਣ ਤੋਂ ਇਲਾਵਾ ਕੇਂਦਰੀ ਯੂਨੀਵਰਸਿਟੀਵੀ ਲਿਆਂਦੀ ਹੈ। ਉਹਨਾਂ ਕਿਹਾ ਕਿ ਤੁਸੀਂ ਵੇਖਿਆ ਹੈ ਕਿ ਕਿਵੇਂ ਬਠਿੰਡਾ ਅਤੇ ਸਮੁੱਚੇ ਪਾਰਲੀਮਾਨੀ ਹਲਕੇ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਆਧੁਨਿਕ ਹਲਕੇ ਵਿਚ ਬਦਲਿਆ ਗਿਆ ਤੇ ਹੁਣ ਇਥੇ ਵਿਸ਼ਵ ਪੱਧਰੀ ਸੜਕਾਂ, ਪੁੱਲ ਅਤੇ ਹੋਰ ਬੁਨਿਆਦੀ ਢਾਂਚੇ ਉਸਰੇ ਹੋਏ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਪਿਛਲੇ ਸੱਤ ਸਾਲਾਂ ਵਿਚ ਸਾਰੇ ਵਿਕਾਸ ਕਾਰਜ ਠੱਪ ਹੋ ਗਏ ਹਨ। ਉਹਨਾਂ ਕਿਹਾ ਕਿ ਹੁਣ ਸਾਨੂੰ ਸਭ ਨੂੰ ਇਕਜੁੱਟ ਹੋ ਕੇ ਪਹਿਲਾਂ ਲੋਕ ਸਭਾ ਵਿਚ ਤੇ ਫਿਰ ਵਿਧਾਨ ਸਭਾ ਚੋਣਾਂ ਵਿਚ ਆਪ ਨੂੰ ਬਾਹਰ ਦਾ ਰਾਹ ਵਿਖਾ ਕੇ ਵਿਕਾਸ ਦਾ ਯੁੱਗ ਵਾਪਸ ਲਿਆਉਣਾ ਚਾਹੀਦਾ ਹੈ।