ਲੁਧਿਆਣਾ, 3 ਜਨਵਰੀ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਦੇ ਫਰਾਰ ਕਥਿਤ ਦੋਸ਼ੀ ਇੰਦਰਜੀਤ ਸਿੰਘ ਇੰਦੀ ਨੂੰ ਵਿਜੀਲੈਂਸ ਨੇ ਆਤਮ ਸਮਰਪਣ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਅਦਾਲਤ ਨੇ ਕਥਿਤ ਦੋਸ਼ੀ ਇੰਦਰਜੀਤ ਸਿੰਘ ਇੰਦੀ ਨੂੰ 3 ਦਿਨ ਦੇ ਰਿਮਾਂਡ ’ਤੇ ਵਿਜੀਲੈਂਸ ਦੇ ਹਵਾਲੇ ਕਰ ਦਿੱਤਾ। ਇੰਦਰਜੀਤ ਸਿੰਘ ਇੰਦੀ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਿੱਜੀ ਸਹਾਇਕ ਦੇ ਤੌਰ ‘ਤੇ ਕੰਮ ਕਰਦਾ ਸੀ। ਇੰਦੀ ’ਤੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਘਰੋਂ ਚੁੱਕਿਆ ਗਹਿਣਿਆਂ ਅਤੇ ਦਸਤਾਵੇਜ਼ਾਂ ਵਾਲਾ ਬੈਗ ਲੁਕਾਉਣ ਦਾ ਦੋਸ਼ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਮੁਲਜ਼ਮ ਤੇਲੂ ਰਾਮ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਦੇ ਨਿੱਜੀ ਪੀ.ਏ. ਪੰਕਜ ਕੁਮਾਰ ਉਰਫ਼ ਮੀਨੂੰ ਮਲਹੋਤਰਾ, ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਅਨਿਲ ਜੈਨ (ਦੋਵੇਂ ਆੜ੍ਹਤੀਏ) ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਸਮੇਂ ਸਾਰੇ ਨਿਆਂਇਕ ਹਿਰਾਸਤ ਵਿੱਚ ਹਨ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਲੁਧਿਆਣਾ ਦੀ ਸਮਰੱਥ ਅਦਾਲਤ ਵਿੱਚ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਅਤੇ ਕ੍ਰਿਸ਼ਨ ਲਾਲ ਵਿਰੁੱਧ ਸਪਲੀਮੈਂਟਰੀ ਚਲਾਣ ਪੇਸ਼ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਓਰੋ ਬੁਲਾਰੇ ਨੇ ਦੱਸਿਆ ਸੀ ਕਿ ਪੜਤਾਲ ਅਤੇ ਸਬੂਤਾਂ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਦੋਸ਼ੀ ਭਾਰਤ ਭੂਸ਼ਣ ਆਸ਼ੂ ਕੋਲ ਪੀ.ਏ. ਵਜੋਂ ਕੰਮ ਕਰ ਰਿਹਾ ਸੀ ਅਤੇ ਵਿਜੀਲੈਂਸ ਬਿਊਰੋ ਨੂੰ 24-08-2022 ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਉਪਰੰਤ, ਦੋਸ਼ੀ ਇੰਦਰਜੀਤ ਇੰਦੀ ਨੂੰ ਕਿਸੇ ਅਣਪਛਾਤੇ ਵਿਅਕਤੀ ਤੋਂ ਗਹਿਣੇ, ਦਸਤਾਵੇਜ਼ ਆਦਿ ਵਾਲਾ ਬੈਗ ਮਿਲਿਆ ਸੀ ਜੋ ਉਹ ਆਸ਼ੂ ਦੇ ਘਰੋਂ 22-08-2022 ਨੂੰ ਲੈ ਕੇ ਆਇਆ ਸੀ। ਇਸ ਬੈਗ ਨੂੰ ਹਾਸਲ ਕਰਕੇ ਇੰਦੀ ਇਸ ਨੂੰ ਅਣਪਛਾਤੇ ਟਿਕਾਣੇ ‘ਤੇ ਛੁਪਾਉਣ ਲਈ ਫਰਾਰ ਹੋ ਗਿਆ। ਪੜਤਾਲ ਉਪਰੰਤ ਪਤਾ ਲੱਗਾ ਕਿ ਇਹ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਸੀ, ਜਿਸ ਉਪਰੰਤ ਇੰਦਰਜੀਤ ਇੰਦੀ ਨੂੰ 26-08-2022 ਨੂੰ ਉਕਤ ਮੁਕੱਦਮੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ