ਲੁਧਿਆਣਾ, 2 ਜਨਵਰੀ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਦੇ ਫਰਾਰ ਕਥਿਤ ਦੋਸ਼ੀ ਇੰਦਰਜੀਤ ਸਿੰਘ ਇੰਦੀ ਨੇ ਅਦਾਲਤ ਵਲੋਂ ਭਗੌੜਾ ਐਲਾਨੇ ਜਾਣ ਦੇ ਡਰ ਕਾਰਨ ਅੱਜ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਦਫਤਰ ’ਚ ਆਤਮ ਸਮਰਪਣ ਕਰ ਦਿਤਾ ਤੇ ਵਿਜੀਲੈਂਸ ਬਿਊਰੋ ਲੁਧਿਆਣਾ ਨੇ ਉਸ ਨੂੰ ਗਿ੍ਰਫਤਾਰ ਕਰ ਲਿਆ। ਇੰਦਰਜੀਤ ਸਿੰਘ ਇੰਦੀ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਿੱਜੀ ਸਹਾਇਕ ਦੇ ਤੌਰ ‘ਤੇ ਕੰਮ ਕਰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਚਲਾਈ ਗਈ ਕਾਨੂੰਨੀ ਕਾਰਵਾਈ ਕਾਰਨ ਉਸ ਨੂੰ ਡਰ ਸੀ ਕਿ ਅਦਾਲਤ ਉਸ ਨੂੰ ਇਸ ਘੁਟਾਲੇ ਵਿੱਚ ਭਗੌੜਾ ਐਲਾਨ ਸਕਦੀ ਹੈ ਕਿਉਂਕਿ ਵਿਜੀਲੈਂਸ ਬਿਊਰੋ ਨੇ ਇਸ ਸਬੰਧੀ ਪਹਿਲਾਂ ਹੀ ਉਸ ਵਿਰੁੱਧ ਅਦਾਲਤੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਉਸ ਕੇਸ ਦੀ ਅਗਲੀ ਸੁਣਵਾਈ 04-01-2023 ਨੂੰ ਮਿਥੀ ਗਈ ਸੀ। ਵਿਜੀਲੈਂਸ ਬਿਊਰੋ ਵਲੋਂ ਉਸ ਕੱਲ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਮੁਲਜ਼ਮ ਤੇਲੂ ਰਾਮ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਦੇ ਨਿੱਜੀ ਪੀ.ਏ. ਪੰਕਜ ਕੁਮਾਰ ਉਰਫ਼ ਮੀਨੂੰ ਮਲਹੋਤਰਾ, ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਅਨਿਲ ਜੈਨ (ਦੋਵੇਂ ਆੜ੍ਹਤੀਏ) ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਸਮੇਂ ਸਾਰੇ ਨਿਆਂਇਕ ਹਿਰਾਸਤ ਵਿੱਚ ਹਨ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਲੁਧਿਆਣਾ ਦੀ ਸਮਰੱਥ ਅਦਾਲਤ ਵਿੱਚ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਅਤੇ ਕ੍ਰਿਸ਼ਨ ਲਾਲ ਵਿਰੁੱਧ ਸਪਲੀਮੈਂਟਰੀ ਚਲਾਣ ਪੇਸ਼ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਪਹਿਲਾਂ ਹੀ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕਾਂ ਦੇ ਨਾਲ-ਨਾਲ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ ਅਲਾਟ ਕਰਨ ਲਈ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13(2) ਤਹਿਤ ਐਫ.ਆਈ.ਆਰ. ਨੰਬਰ 11 ਮਿਤੀ 16-08-2022 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਸੀ। ਵੇਰਵੇ ਦਿੰਦਿਆਂ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਗਹਿਨ ਪੜਤਾਲ ਅਤੇ ਸਬੂਤਾਂ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਦੋਸ਼ੀ ਭਾਰਤ ਭੂਸ਼ਣ ਆਸ਼ੂ ਕੋਲ ਪੀ.ਏ. ਵਜੋਂ ਕੰਮ ਕਰ ਰਿਹਾ ਸੀ ਅਤੇ ਵਿਜੀਲੈਂਸ ਬਿਊਰੋ ਨੂੰ 24-08-2022 ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਉਪਰੰਤ, ਦੋਸ਼ੀ ਇੰਦਰਜੀਤ ਇੰਦੀ ਨੂੰ ਕਿਸੇ ਅਣਪਛਾਤੇ ਵਿਅਕਤੀ ਤੋਂ ਗਹਿਣੇ, ਦਸਤਾਵੇਜ਼ ਆਦਿ ਵਾਲਾ ਬੈਗ ਮਿਲਿਆ ਸੀ ਜੋ ਉਹ ਆਸ਼ੂ ਦੇ ਘਰੋਂ 22-08-2022 ਨੂੰ ਲੈ ਕੇ ਆਇਆ ਸੀ। ਇਸ ਬੈਗ ਨੂੰ ਹਾਸਲ ਕਰਕੇ ਇੰਦੀ ਇਸ ਨੂੰ ਅਣਪਛਾਤੇ ਟਿਕਾਣੇ ‘ਤੇ ਛੁਪਾਉਣ ਲਈ ਫਰਾਰ ਹੋ ਗਿਆ। ਪੜਤਾਲ ਉਪਰੰਤ ਪਤਾ ਲੱਗਾ ਕਿ ਇਹ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਸੀ, ਜਿਸ ਉਪਰੰਤ ਇੰਦਰਜੀਤ ਇੰਦੀ ਨੂੰ 26-08-2022 ਨੂੰ ਉਕਤ ਮੁਕੱਦਮੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।