ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਹੋਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਜੀਵ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਐੱਸ.ਪੀ. (ਐਚ) ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਜ਼ਿਕਰਯੋਗ ਹੈ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਪਰੇਡ ਦਾ ਮੁਆਇਨਾ ਕਰਨ ਉਪਰੰਤ ਪਰੇਡ ਕਮਾਂਡਰ ਡੀ.ਐੱਸ.ਪੀ. ਈਸ਼ਾਨ ਸਿੰਗਲਾ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ, ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫ਼ੀ, ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਸਮੂਹ ਵਿਭਾਗ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਊਟੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਾਫ-ਸਫਾਈ, ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ, ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ, ਸਟੇਡੀਅਮ ਵਿਖੇ ਡਸਟਬਿਨ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਪੁਖਤਾ ਹੋਣੇ ਚਾਹੀਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮਨਾਏ ਜਾਣ ਵਾਲੇ ਇਸ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਹੋਰ ਵਧਾਉਣ। ਇਸ ਮੌਕੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਕਪਿਲ ਸ਼ਰਮਾ, ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਸਿੱਖਿਆ ਵਿਭਾਗ ਤੋਂ ਸ੍ਰੀ ਰਾਜ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।