
ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਗੈਸਟ ਲੈਕਚਰ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਜਾਗਰਣ ਅਖਬਾਰ ਵਿੱਚ ਸਬ-ਐਡੀਟਰ ਵਜੋਂ ਕਾਰਜਸ਼ੀਲ ਸ੍ਰ. ਦਿਲਰਾਜ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪ੍ਰਿੰਟ ਪੱਤਰਕਾਰੀ ਦੀ ਭਰੋਸੇਯੋਗਤਾ ਅਤੇ ਡਿਜਿਟਲ ਮੀਡੀਆ ਦੇ ਯੁੱਗ ਵਿੱਚ ਇਸ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਜਾਗਰੂਕ ਕਰਨਾ ਸੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਪੱਤਰਕਾਰੀ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਸੋਸ਼ਲ ਮੀਡੀਆ ਦੇ ਯੁੱਗ ਵਿੱਚ ਸੂਚਨਾ ਦਾ ਸਹੀ ਪ੍ਰਚਾਰ-ਪ੍ਰਸਾਰ ਕਰਨ, ਪੱਤਰਕਾਰੀ ਦੀਆਂ ਨੈਤਿਕ ਕਦਰਾਂ ਕੀਮਤਾਂ ਬਣਾਈ ਰੱਖਣ ਅਤੇ ਵਿਕਾਸ ਦੇ ਮੁੱਖ ਮਸਲਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਪ੍ਰਿੰਟ ਪੱਤਰਕਾਰੀ ਹਲੇ ਵੀ ਸਕਾਰਾਤਮਕ ਭੂਮਿਕਾ ਨਿਭਾਅ ਰਹੀ ਹੈ। ਮੁੱਖ ਮਹਿਮਾਨ ਸ੍ਰ. ਦਿਲਰਾਜ ਸਿੰਘ ਬਾਜਵਾ ਨੇ ਵਿਦਿਆਰਥੀਆਂ ਨੂੰ ਆਪਣੀ ਲਿਖਣ ਪ੍ਰਤਿਭਾ ਨੂੰ ਨਿਖਾਰਨ, ਆਮ ਜਾਣਕਾਰੀ ਵਿੱਚ ਵਾਧਾ ਕਰਨ, ਆਲੋਚਨਾਤਮਕ ਚਿੰਤਨ ਪੈਦਾ ਕਰਨ ਅਤੇ ਖ਼ਬਰ ਦਾ ਸਹੀ ਵਿਸ਼ਲੇਸ਼ਣ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਪ੍ਰਿੰਟ ਮੀਡੀਆ ਨੂੰ ਡਿਜੀਟਲ ਮੀਡੀਆ ਤੋਂ ਭਾਵੇਂ ਬਹੁਤ ਚੁਣੌਤੀਆਂ ਮਿਲ ਰਹੀਆਂ ਹਨ, ਪਰ ਵਿਸ਼ਵਾਸਯੋਗਤਾ ਅਤੇ ਵਿਸ਼ਲੇਸ਼ਣਾਤਮਕ ਪੱਤਰਕਾਰੀ ਕਰਕੇ ਇਸ ਦੀ ਮਹੱਤਤਾ ਅਜੇ ਵੀ ਬਰਕਰਾਰ ਹੈ। ਪੱਤਰਕਾਰੀ ਵਿਭਾਗ ਦੇ ਮੁਖੀ ਪ੍ਰੋ. ਹਰਗੁਣਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਿੰਟ ਮੀਡੀਆ ਵੱਲੋਂ ਸਹੀ ਜਾਣਕਾਰੀ, ਤੱਥਾਂ ਦੀ ਜਾਂਚ ਪੜਤਾਲ, ਨੈਤਿਕ ਮਾਪਦੰਡਾਂ ਅਤੇ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਨ ਕਰਕੇ ਪਾਠਕਾਂ ਵਿੱਚ ਭਰੋਸੇਯੋਗਤਾ ਬਣੀ ਹੋਈ ਹੈ। ਸਮਾਗਮ ਦੇ ਕੋਆਰਡੀਨੇਟਰ ਪ੍ਰੋ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਲਈ ਅਜਿਹੀਆਂ ਉਸਾਰੂ ਗਤੀਵਿਧੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਮੌਕੇ ਪੱਤਰਕਾਰੀ ਵਿਭਾਗ ਦੇ ਪ੍ਰੋ. ਭਗਵੰਤ ਸਿੰਘ, ਪ੍ਰੋ. ਹਰਪ੍ਰੀਤ ਕੌਰ ਪਬਰੀ, ਪ੍ਰੋ. ਲਵਨੀਤ ਵਸ਼ਿਸ਼ਠ, ਪ੍ਰੋ. ਨਾਦਿਸ਼ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।