- ਗੁਰਪ੍ਰੀਤ ਸਿੰਘ ਝੱਬਰ ਦੇ ਉਪਰਾਲੇ ਨਾਲ ਸਮਾਗਮ ’ਚ 3500 ਬੱਚਿਆਂ ਨੇ ਕੀਤੀ ਸ਼ਮੂਲੀਅਤ
- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਮੁਕਾਬਲਿਆਂ ’ਚ ਅਵੱਲ ਆਏ ਬੱਚਿਆਂ ਨੂੰ ਸਾਈਕਲਾਂ ਨਾਲ ਕੀਤਾ ਸਨਮਾਨਿਤ
ਮਾਨਸਾ, 24 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਜੋਗਾ ਤੋਂ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਉਪਰਾਲੇ ਨਾਲ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਹਲਕੇ ਦੇ ਵੱਖ ਵੱਖ ਪਿੰਡਾਂ ਅੰਦਰ ਪਿਛਲੇ ਇਕ ਮਹੀਨੇ ਤੋਂ ਲਗਾਏ ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ ਸਮੇਂ ਅੱਜ ਗੁਰਦੁਆਰਾ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਸਨਮਾਨ ਸਮਾਗਮ ਕੀਤਾ ਗਿਆ, ਜਿਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਦੇ ਪਦਾਰਥਵਾਦੀ ਯੁੱਗ ਅੰਦਰ ਗੁਰਬਾਣੀ ਦੀ ਸਿੱਖਿਆ ਦਾ ਮਨੁੱਖੀ ਜੀਵਨ ਲਈ ਹੋਰ ਵੀ ਵੱਡਾ ਮਹੱਤਵ ਹੈ। ਸਮਾਜ ਅੰਦਰ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਧਰਮ ਦੀਆਂ ਕਦਰਾਂ-ਕੀਮਤਾਂ ਹਮੇਸ਼ਾ ਹੀ ਸਮਾਜ ਦੀ ਬਿਹਤਰ ਸਿਰਜਣਾ ਲਈ ਅਹਿਮ ਰਹੀਆਂ ਹਨ। ਨੌਜੁਆਨ ਅਤੇ ਬੱਚੇ ਕੌਮ ਅਤੇ ਸਮਾਜ ਦਾ ਭਵਿੱਖ ਹਨ, ਜਿਨ੍ਹਾਂ ਨੂੰ ਨੈਤਿਕਤਾ ਨਾਲ ਜੋੜਨਾ ਬੇਹੱਦ ਅਹਿਮ ਹੈ। ਇਸ ਦਿਸ਼ਾ ਵਿਚ ਸ਼੍ਰੋਮਣੀ ਕਮੇਟੀ ਦੇ ਨੌਜੁਆਨ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਮਿਸਾਲੀ ਕਾਰਜ ਕਰ ਰਹੇ ਹਨ। ਇਨ੍ਹਾਂ ਵੱਲੋਂ ਹਰ ਸਾਲ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ’ਚ ਵਿਸ਼ੇਸ਼ ਕੈਂਪ ਲਗਾ ਕੇ ਗੁਰਮਤਿ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਚੰਗੇ ਨਤੀਜੇ ਦਿੰਦੇ ਹਨ ਅਤੇ ਹਰ ਘਰ ਅੰਦਰ ਗੁਰਮਤਿ ਦਾ ਪ੍ਰਚਾਰ ਪ੍ਰਸਾਰ ਹੁੰਦਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਕੈਂਪ ਦੌਰਾਨ ਮਿਲੀ ਸਿੱਖੀ ਦੀ ਪ੍ਰੇਰਣਾ ਨੂੰ ਅੱਗੇ ਪ੍ਰਚਾਰਨ ਦੀ ਅਪੀਲ ਵੀ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਕੈਂਪ ਵਿਚ ਸਹਿਯੋਗ ਦੇਣ ਵਾਲੇ ਗ੍ਰੰਥੀਆਂ, ਹਲਕਾ ਨਿਵਾਸੀਆਂ ਅਤੇ ਕੈਂਪ ’ਚ ਸ਼ਾਮਲ ਰਹੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਅੰਦਰ ਕਰੀਬ 3500 ਬੱਚਿਆਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਇਸ ਦੇ ਨਾਲ ਹੀ ਸਮੇਂ-ਸਮੇਂ ’ਤੇ ਹਲਕੇ ਦੇ ਸਕੂਲਾਂ ਅੰਦਰ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਭੇਜ ਕੇ ਗੁਰਮਤਿ ਬਾਰੇ ਜਾਣਕਾਰੀ ਦਿੱਤੀ ਜਾਂਦੀ ਰਹੇਗੀ। ਦੱਸਣਯੋਗ ਹੈ ਕਿ ਵੱਖ-ਵੱਖ ਪਿੰਡਾਂ ਅੰਦਰ ਬੀਤੇ ਕਰੀਬ ਇੱਕ ਮਹੀਨੇ ਤੋਂ ਤਿੰਨ ਗਰੁੱਪਾਂ ਵਿਚ ਗੁਰਮਤਿ ਕੈਂਪ ਲਗਾਏ ਗਏ ਸਨ। ਪਹਿਲੇ ਗਰੁੱਪ ਵਿਚ ਪਹਿਲੀ ਤੋਂ ਛੇਵੀਂ, ਦੂਸਰੇ ਗਰੁੱਪ ਵਿਚ ਸੱਤਵੀਂ ਤੋਂ ਦੱਸਵੀਂ ਤੱਕ ਅਤੇ ਤੀਸਰੇ ਗਰੁੱਪ ਵਿਚ ਗਿਆਰ੍ਹਵੀਂ ਤੋਂ ਉਪਰਲੇ ਬੱਚੇ ਸ਼ਾਮਲ ਸਨ। ਤਿੰਨਾਂ ਗਰੁੱਪਾਂ ਵਿਚ ਪਹਿਲੇ ਸਥਾਨ ਹਾਸਲ ਕਰਨ ਵਾਲੇ 540 ਬੱਚਿਆਂ ਦਾ ਮੁੱਖ ਸਮਾਗਮ ਦੌਰਾਨ ਗੁਰਮਤਿ ਸਬੰਧੀ ਲਿਖਤੀ ਪੇਪਰ ਲਿਆ ਗਿਆ, ਜਿਸ ਵਿੱਚੋਂ ਅੱਵਲ ਆਏ 9 ਬੱਚਿਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਮੋਹਨ ਸਿੰਘ ਬੰਗੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਜਗਸੀਰ ਸਿੰਘ ਮਾਂਗੇਆਣਾ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਇਨਾਮ ਵਜੋਂ ਸਾਈਕਲ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਕੈਂਪਾਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਮੈਡਲ, ਸਨਮਾਨ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਗਤਕਾ ਟੀਮਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ। ਸਟੇਜ ਸੰਚਾਲਨ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਨੇ ਨਿਭਾਈ। ਇਸ ਮੌਕੇ ਸ. ਹਰਦੇਵ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ, ਮੈਨੇਜਰ ਸ. ਅਜੈਬ ਸਿੰਘ ਜੋਗਾ ਤੇ ਸ. ਰਾਮ ਸਿੰਘ, ਇੰਚਾਰਜ ਸ. ਜਗਪਾਲ ਸਿੰਘ, ਸਹਾਇਕ ਇੰਚਾਰਜ ਸ. ਜਸਬੀਰ ਸਿੰਘ ਜੱਸੀ ਲੌਂਗੋਵਾਲ, ਪ੍ਰਿੰਸੀਪਲ ਰਵਿੰਦਰ ਸਿੰਘ, ਪ੍ਰਿੰ: ਜਸਵਿੰਦਰ ਸਿੰਘ, ਬਾਬਾ ਜਗਜੀਤ ਸਿੰਘ ਨਾਨਕਸਰ, ਪ੍ਰਚਾਰਕ ਭਾਈ ਅਮਰੀਕ ਸਿੰਘ, ਭਾਈ ਸਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਬੱਚੇ ਮੌਜੂਦ ਸਨ।