- ਪਾਰਟੀ ਵਰਕਰਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ, ਸਪੀਕਰ ਸੰਧਵਾਂ ਦਾ ਆਰੇਵਾਲਾ ਨੇ ਕੀਤਾ ਧੰਨਵਾਦ
ਫਰੀਦਕੋਟ 30 ਅਕਤੂਬਰ : ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਗੁਰਮੀਤ ਸਿੰਘ ਆਰੇਵਾਲਾ ਅੱਜ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਦਾ ਅਹੁਦਾ ਸੰਭਾਲਣਗੇ। ਇਸ ਮੌਕੇ ਪਾਰਟੀ ਵਰਕਰਾਂ ਅਤੇ ਪ੍ਰਸ਼ੰਸ਼ਕਾ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਗੁਰਮੀਤ ਸਿੰਘ ਆਰੇਵਾਲਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਲਗਾਤਾਰ ਪਾਰਟੀ ਦੀ ਸੇਵਾ ਕਰ ਰਹੇ ਹਨ, ਜਿਸ ਦੇ ਫਲਸਰੂਪ ਉਨ੍ਹਾਂ ਨੂੰ ਮਾਰਕਿਟ ਕਮੇਟੀ ਕੋਟਕਪੂਰਾ ਦੀ ਵਾਂਗਡੋਰ ਸੰਭਾਲਣ ਦਾ ਸੁਨਹਿਰੀ ਅਵਸਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਇਹ ਉਨ੍ਹਾਂ ਦਾ ਨੈਤਿਕ ਫਰਜ਼ ਹੈ ਅਤੇ ਜਿੰਮੇਵਾਰੀ ਹੈ ਕਿ ਉਹ ਇਸ ਅਹੁਦੇ ਦੀ ਮਾਨ ਮਰਿਆਦਾ ਨੂੰ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਜਿੰਨਾ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਸਦਾ ਉਹ ਹਰ ਹੀਲੇ ਢੁੱਕਵਾਂ ਹੱਲ ਕੱਢਣ ਦੀ ਪੁਰਜ਼ੋਰ ਕੋਸ਼ਿਸ ਕਰਨਗੇ। ਉਨ੍ਹਾਂ ਇਸ ਮੌਕੇ ਉਚੇਚੇ ਤੌਰ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦਾ ਉਚੇਚੇ ਤੌਰ ਤੇ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਤੇ ਇਨ੍ਹਾਂ ਲੀਡਰ ਸਹਿਬਾਨਾਂ ਤੋਂ ਮਾਰਗ ਦਰਸ਼ਨ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਆ ਰਹੀਆਂ ਔਕੜਾਂ ਨੂੰ ਦੂਰ ਕੀਤਾ ਜਾਵੇਗਾ।