- 11 ਕਰੋੜ 35 ਲੱਖ ਰੁਪਏ ਨਾਲ 1051 ਕੈਂਸਰ ਮਰੀਜਾਂ ਦਾ ਕਰਵਾਇਆ ਇਲਾਜ
- ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲਾ ਸਿਹਤ ਸੁਸਾਇਟੀ ਦੀ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 29 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 20 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 4 ਲੱਖ 58 ਹਜ਼ਾਰ 530 ਵਿਅਕਤੀਆਂ ਨੇ ਆਪਣਾ ਚੈਕਅੱਪ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 63 ਹਜਾਰ 23 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਰਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਕਿਹਾ ਕਿ ਜਿਲੇ ਅੰਦਰ ਲੋੜਵੰਦ ਵਿਅਕਤੀਆਂ ਨੂੰ ਸਰਕਾਰੀ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ 11ਕਰੋੜ 35 ਲੱਖ 01 ਹਜ਼ਾਰ ਰੁਪਏ ਖਰਚ ਕੇ 1051 ਮਰੀਜ਼ਾਂ ਦਾ ਇਲਾਜ ਕਰਵਾਇਆ ਗਿਆ ਹੈ। ਉਹਨਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਦੀਆਂ ਵੱਧ ਤੋਂ ਵੱਧ ਆਭਾ ਆਈ.ਡੀ. ਬਣਾਈਆਂ ਜਾਣ ਜਿਸ ਨਾਲ ਉਹਨਾਂ ਨੂੰ ਭਵਿੱਖ ਵਿੱਚ ਵੀ ਇਲਾਜ ਕਰਾਉਣ ਵਿੱਚ ਸੌਖ ਅਤੇ ਡਾਕਟਰਾਂ ਨੂੰ ਵੀ ਇਲਾਜ ਕਰਨ ਵਿੱਚ ਆਸਾਨੀ ਹੋਵੇਗੀ , ਅਤੇ ਉਨਾਂ ਦਾ ਪਿਛਲਾ ਮੈਡੀਕਲ ਰਿਕਾਰਡ ਵੀ ਵੇਖਿਆ ਜਾ ਸਕੇਗਾ। ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਟੀਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲੇ ਅੰਦਰ ਹਰ ਰੋਜ਼ ਖਾਣ ਪੀਣ ਵਾਲੀਆਂ ਮੌਸਮੀ ਵਸਤਾਂ ਅਤੇ ਆਈਸਕ੍ਰੀਮ ਆਦਿ ਦੀ ਸੈਂਪਲਿੰਗ ਵਧਾਈ ਜਾਵੇ ਅਤੇ ਇਸ ਦੀ ਹਰ ਰੋਜ਼ ਰਿਪੋਰਟ ਇਸ ਦਫਤਰ ਨੂੰ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਮੁੜ ਤੋਂ ਆਪਣਾ ਖੁਸ਼ਹਾਲ ਜੀਵਨ ਸ਼ੁਰੂ ਕਰਨ ਲਈ ਕੰਮ ਕਰ ਰਹੇ ਮੁੜ ਵਸੇਵਾ ਕੇਂਦਰਾਂ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ ਉਨਾਂ ਮੁੜ ਵਸੇਵਾ ਕੇਂਦਰ ਦੀ ਦਿੱਖ ਵਿੱਚ ਹੋਰ ਸੁਧਾਰ ਕਰਨ ਲਈ ਵੀ ਕਿਹਾ। ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਉਹਨਾਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ । ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਸ੍ਰੀਮਤੀ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਜਿਲ੍ਹਾ ਪ੍ਰੋਗਰਾਮ ਮਨੈਜਰ ਕਸੀਤਿਜ ਸੀਮਾ, ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।