- ਪਿਛਲੀਆਂ ਸਰਕਾਰਾਂ ਨੇ ਸਾਜਿਸ਼ ਤਹਿਤ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਦਸ਼ਾ ਬਗਾੜੀ
- ਸਰਕਾਰ ਨੇ 12, 500 ਕੱਚੇ ਅਧਿਆਪਕ ਪੱਕੇ ਕਰਕੇ ਆਪਣਾ ਵਾਅਦਾ ਕੀਤਾ ਪੂਰਾ
- ਵਿਧਾਇਕ ਲਖਵੀਰ ਸਿੰਘ ਰਾਏ ਨੇ 318 ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਸਬੰਧੀ ਦਿੱਤੇ ਸਰਟੀਫਿਕੇਟ
ਫ਼ਤਹਿਗੜ੍ਹ ਸਾਹਿਬ, 28 ਜੁਲਾਈ : ਪਿਛਲੀਆਂ ਸਰਕਾਰਾਂ ਨੇ ਗਿਣੀ ਮਿਥੀ ਸਾਜਿਸ਼ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਦੇ ਸਰਕਾਰੀ ਹਸਪਤਾਲਾਂ ਨੂੰ ਅਣਵੇਖਿਆਂ ਕਰਕੇ ਪ੍ਰਾਈਵੇਟ ਹਸਪਤਾਲਾਂ ਤੇ ਸਕੂਲਾਂ ਨੂੰ ਤਰਜ਼ੀਹ ਦਿੱਤੀ ਜਿਸ ਕਾਰਨ ਆਮ ਲੋਕ ਪ੍ਰਾਈਵੇਟ ਸਕੂਲਾਂ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੋਟੀਆਂ ਫੀਸਾਂ ਦੇਣ ਤੋਂ ਵੀ ਅਸਮਰੱਥ ਹੋ ਗਏ ਸਨ। ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਇਤਿਹਾਸਕ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੇ ਸਰਕਾਰੀ ਹਸਪਤਾਲਾਂ ਨੂੰ ਨਵੀਂ ਬੁਲੰਦੀਆਂ ਤੇ ਲਿਜਾਇਆ ਜਾ ਰਿਹਾ ਹੈ ਤਾਂ ਜੋ ਸਾਡਾ ਸੂਬਾ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਦੇ 318 ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਸਰਟੀਫਿਕੇਟ ਦੇਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ ਸਮਾਜ ਦਾ ਅਹਿਮ ਅੰਗ ਹਨ ਅਤੇ ਸੱਭਿਅਕ ਸਮਾਜ ਦੇ ਨਿਰਮਾਣ ਵਿੱਚ ਅਧਿਆਪਕਾਂ ਦਾ ਮੁੱਖ ਯੋਗਦਾਨ ਹੁੰਦਾ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਨੇ ਅੱਜ ਜੋ 12,500 ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਹੈ ਉਹ ਸਾਡੀ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਜੋ ਕਿ ਅੱਜ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਵਿਖਾਇਆ ਹੈ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਕੋਈ ਨਹੀਂ ਭੱਜ ਸਕਦਾ ਸਗੋਂ ਲੋਕਾਂ ਦਾ ਸਾਥ ਲੈ ਕੇ ਹੀ ਸੂਬੇ ਨੁੰ ਹੋਰ ਬੁਲੰਦੀਆਂ ਤੇ ਲਿਜਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਕੱਚੇ ਅਧਿਆਪਕ ਪਿਛਲੇ 18 ਸਾਲਾਂ ਤੋਂ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਸਨ ਪ੍ਰੰਤੂ ਇਨ੍ਹਾਂ ਅਧਿਆਪਕਾਂ ਦੀ ਕਿਸੇ ਵੀ ਸਰਕਾਰ ਨੇ ਨਹੀਂ ਸੁਣੀ ਬਲਕਿ ਸਿਰਫ ਲਾਅਰੇ ਹੀ ਲਗਾਉਂਦੇ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਪਹਿਲਾਂ 5000 ਰੁਪਏ ਤੱਕ ਦੀ ਮਾਮੂਲੀ ਤਨਖਾਹ ਹੀ ਮਿਲਦੀ ਸੀ ਜਿਸ ਨਾਲ ਇਹ ਅਧਿਆਪਕ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਵੀ ਨਹੀਂ ਸਨ ਕਰ ਸਕਦੇ ਪ੍ਰੰਤੂ ਅੱਜ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀਆਂ ਤਨਖਾਹਾਂ ਵਿੱਚ ਦੁਗਣਾ ਵਾਧਾ ਕਰਕੇ ਇਨ੍ਹਾਂ ਅਧਿਆਪਕਾਂ ਨੂੰ ਇੱਕ ਨਵਾਂ ਤੋਹਫਾ ਦਿੱਤਾ ਹੈ। ਰਾਏ ਨੇ ਪੱਕੇ ਹੋਏ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੋਤੀਆਂ ਲਈ ਤਿਆਰ ਕਰਨ ਵਾਸਤੇ ਪੂਰੀ ਇਮਾਨਦਾਰੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲ਼ ਅੱਜ ਸਿੱਖਿਆ ਪ੍ਰੋਵਾਈਡਰਾਂ, ਏ.ਆਈ.ਈ., ਈ.ਜੀ.ਐਸ., ਐਸ.ਟੀ.ਆਰ. ਅਤੇ ਆਈ.ਈ.ਵੀ. ਵਲੰਟੀਅਰਾਂ ਨੂੰ ਪੱਕਾ ਕੀਤਾ ਹੈ। ਜੋ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੇਵਾਵਾਂ ਨਿਭਾਉਣਗੇ। ਇਸ ਮੌਕੇ ਪੱਕੇ ਹੋਏ ਅਧਿਆਪਕਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਸਾਨੂੰ ਪੱਕਾ ਕਰਕੇ ਜੋ ਸੌਗਾਤ ਦਿੱਤੀ ਹੈ ਉਸ ਲਈ ਅਸੀਂ ਹਮੇਸ਼ਾਂ ਸਰਕਾਰ ਦੇ ਰਿਣੀ ਰਹਾਂਗੇ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ)ਦੀਦਾਰ ਸਿੰਘ ਮਾਂਗਟ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਗੁਰਦੀਪ ਸਿੰਘ, ਸਮਾਰਟ ਸਕੂਲ ਕੁਆਰਡੀਨੇਟਰ ਗੁਰਦੀਪ ਸਿੰਘ ਮਾਂਗਟ ਅਤੇ ਭੁਪਿੰਦਰ ਸਿੰਘ, ਰਕਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਨਿਰਮਲ ਸਿੰਘ ਰਿਊਣਾ, ਜਗਜੀਤ ਸਿੰਘ ਰਿਊਣਾ, ਸਨੀ ਚੋਪੜਾ, ਗੱਜਣ ਸਿੰਘ ਜਲਵੇੜ੍ਹਾ, ਜਸਵੀਰ ਸਿੰਘ ਬੰਟੀ, ਕੁਲਵਿੰਦਰ ਸਿੰਘ ਡੇਰਾ, ਸਤੀਸ਼ ਲਟੌਰ, ਸੁਖਚੈਨ ਸਿੰਘ, ਦਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਤੇ ਹੋਰ ਪਤਵੰਤੇ ਹਾਜਰ ਸਨ।