- ਮਸ਼ਾਲ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ‘ਤੇ ਪ੍ਰਸ਼ਾਸਨ ਵੱਲੋਂ ਸਵਾਗਤ
ਸ੍ਰੀ ਮੁਕਤਸਰ ਸਾਹਿਬ, 28 ਅਗਸਤ 2024 : ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2024 (ਸੀਜ਼ਨ-3) ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ‘ਤੇ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ, ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ, ਸ੍ਰੀਮਤੀ ਬਲਜੀਤ ਕੌਰ, ਡੀ.ਐਸ.ਪੀ. ਸ੍ਰੀ ਸਤਨਾਮ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਸੁਖਜਿੰਦਰ ਸਿੰਘ ਕਾਉਣੀ, ਜ਼ਿਲ੍ਹਾ ਪ੍ਰਧਾਨ ਸ੍ਰੀ ਜਸ਼ਨ ਬਰਾੜ, ਟਰੱਕ ਯੂਨੀਅਨ ਪ੍ਰਧਾਨ ਸ੍ਰੀ ਬੱਬਲੂ ਬਰਾੜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਕਪਿਲ ਸ਼ਰਮਾ, ਸਟੇਜ ਸੈਕਟਰੀ ਸ੍ਰੀ ਰਾਜ ਕੁਮਾਰ ਅਤੇ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਕਿਹਾ ਕਿ ਪੰਜਾਬ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਨਰੋਏ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ‘ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਨਾਲ ਖਿਡਾਰੀਆਂ ਨੂੰ ਅੰਤਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਇਕ ਚੰਗਾ ਮੰਚ ਪ੍ਰਦਾਨ ਕੀਤਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਵੱਧ ਤੋਂ ਵੱਧ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਤੱਕ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ 2024 ਵਿੱਚ ਹਿੱਸਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀਮਤੀ ਅਨਿੰਦਰਵੀਰ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਮਸ਼ਾਲ ਮਾਰਚ ਵਿੱਚ ਲਗਭਗ 250 ਖਿਡਾਰੀ/ਖਿਡਾਰਨਾਂ ਸ਼ਾਮਲ ਹੋਏ ਅਤੇ ਖਿਡਾਰੀਆਂ ਵੱਲੋਂ ਇਸ ਟਾਰਚ ਰਿਲੇਅ ਪ੍ਰੋਗਰਾਮ ਦੌਰਾਨ ਭਰਵਾਂ ਹੁੰਗਾਰਾ ਦਿੰਦੇ ਹੋਏ ਜ਼ਿਲ੍ਹਾ ਰੈਡ ਕਰਾਸ ਭਵਨ, ਸ੍ਰੀ ਮੁਕਤਸਰ ਸਾਹਿਬ ਵਿਖੇ ਜਿਮਨਾਸਟਿਕ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਉਪਰੰਤ ਰੈਡ ਕਰਾਸ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਮੁਕਤਸਰ ਸਾਹਿਬ ਤੱਕ ਪੈਦਲ ਮਸ਼ਾਲ ਮਾਰਚ ਕੱਢਿਆ ਗਿਆ ਅਤੇ ਬੱਚਿਆਂ, ਨੌਜਵਾਨਾਂ ਅਤੇ ਵਸਨੀਕਾਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਦੇ ਹੋਏ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਦਾ ਸੁਨੇਹਾ ਦਿੱਤਾ। ਇਸ ਉਪਰੰਤ ਟਾਰਚ ਰਿਲੇਅ ਨੂੰ ਜ਼ਿਲ੍ਹਾ ਬਠਿੰਡਾ ਨੂੰ ਹੈਂਡਓਵਰ ਕਰ ਦਿੱਤੀ ਗਈ ਅਤ ਇਸੇ ਤਰ੍ਹਾਂ ਹੀ ਇਹ ਟਾਰਚ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਗੁਜ਼ਰਦੀ ਹੋਈ ਅੰਤ ਵਿੱਚ ਜ਼ਿਲ੍ਹਾ ਸੰਗਰੂਰ ਵਿਖੇ ਪਹੁੰਚ ਕਰੇਗੀ।