ਫਰੀਦਕੋਟ 11 ਜੁਲਾਈ 2024 : ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ‘ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਿਸ ਕਪਤਾਨ, ਕਾਰਜਕਾਰੀ ਇੰਜਨੀਅਰ ਪ੍ਰਾਂਤਕ ਮੰਡਲ ਭ ਤੇ ਮ ਸ਼ਾਖਾ, ਲੋਕ ਨਿਰਮਾਣ, ਜ਼ਿਲਾ ਨਗਰ ਯੋਜਨਾਕਾਰ, ਸਬੰਧਤ ਉਪ ਮੰਡਲ ਮੈਜਿਸਟ੍ਰੇਟ/ ਨਗਰ ਕੌਸਲਾਂ ਅਤੇ ਫਾਇਰ ਅਫਸਰਾਂ ਆਦਿ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਤੋਂ ਬਾਅਦ ਲੋੜੀਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤੇ ਜਾ ਸਕਣ। ਹੋਟਲ ਅਤੇ ਰੈਸਟੋਰੈਂਟ ਮਾਲਕ ਇਸ ਖਬਰ ਦੇ ਪ੍ਰਕਾਸ਼ਤ ਹੋਣ ਤੋਂ 15 ਦਿਨ ਦੇ ਅੰਦਰ ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ, ਤਾਂ ਜੋ ਇਸ ਬਾਰੇ ਯੋਗ ਫੈਸਲਾ ਲਿਆ ਜਾ ਸਕੇ। ਉਨਾਂ ਸਪੱਸ਼ਟ ਕਰਦਿਆਂ ਕਿਹਾ ਕਿ ਜਿਹੜੇ ਹੋਟਲ ਜਾਂ ਰੈਸਟੋਰੈਂਟ ਨਵੇਂ ਬਣ ਰਹੇ ਹਨ, ਉਹ ਫੌਰੀ ਤੌਰ ਤੇ 15 ਦਿਨਾਂ ਦੇ ਅੰਦਰ ਅੰਦਰ ਇਸ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਸਰਟੀਫਿਕੇਟ ਨਾ ਲੈਣ ਦੀ ਸੂਰਤ ‘ਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ ਸਮੇਂ ਤੇ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ। ਹੁਕਮਾਂ ਅਨੁਸਾਰ ਚੱਲ ਰਹੇ ਹੋਟਲ, ਰੈਸਟੋਰੈਂਟ ਜਾਂ ਨਵੇਂ ਬਣਾਏ ਜਾ ਰਹੇ ਵਿਚ ਕਈ ਤਰਾਂ ਨਾਲ ਤਕਨੀਕੀ ਪੱਖਾਂ ਤੋਂ ਕਈ ਕਮੀਆਂ ਰਹਿ ਜਾਂਦੀਆਂ ਹਨ, ਜੋ ਆਉਣ ਵਾਲੀ ਜਨਤਾ ਲਈ ਖਤਰੇ ਦਾ ਕਾਰਣ ਬਣ ਜਾਂਦੀਆਂ ਹਨ। ਜਿਸ ਨਾਲ ਜਾਨਮਾਲ ਦਾ ਨੁਕਸਾਨ ਹੋ ਸਕਦਾ ਹੈ। ਇਹ ਹੁਕਮ 28 ਅਗਸਤ 2024 ਤੱਕ ਲਾਗੂ ਰਹਿਣਗੇ