ਚੋਣਾਂ ਵਿੱਚ ਕਿਸੇ ਅਧਿਕਾਰੀ ਵੱਲੋਂ ਕੋਈ ਧੱਕੇਸ਼ਾਹੀ ਜਾਂ ਬੇਨਿਯਮੀਆਂ ਕੀਤੀਆਂ ਗਈਆਂ ਤਾਂ ਉਹ ਕੇਂਦਰ ਸਰਕਾਰ ਕੋਲ ਸ਼ਿਕਾਇਤ ਕਰਨਗੇ : ਰਵਨੀਤ ਸਿੰਘ ਬਿੱਟੂ

ਪਟਿਆਲਾ, 11 ਦਸੰਬਰ 2024 : ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੇ ਉਮੀਦਵਾਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਵੀ ਤੰਗ ਕੀਤਾ ਜਾ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਕ੍ਰੋਪੋਰੇਸ਼ਨ ਚੋਣਾਂ ਲਈ ਕਾਗਜ ਦਾਖਲ ਕਰਨ ਤੋਂ ਰੋਕਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਕੇਂਦਰੀ ਮੰਤਰੀ ਬਿੱਟੂ ਨੇ ਕਿਹਾ ਕਿ ਆਈਏਐਸ, ਆਈਪੀਐਸ ਅਤੇ ਸੀਨੀਅਰ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਚੋਣਾਂ ਵਿੱਚ ਜੇਕਰ ਕਿਸੇ ਅਧਿਕਾਰੀ ਵੱਲੋਂ ਕੋਈ ਧੱਕੇਸ਼ਾਹੀ ਜਾਂ ਬੇਨਿਯਮੀਆਂ ਕੀਤੀਆਂ ਗਈਆਂ ਤਾਂ ਉਹ ਕੇਂਦਰ ਸਰਕਾਰ ਕੋਲ ਸ਼ਿਕਾਇਤ ਕਰਨਗੇ ਅਤੇ ਸਖ਼ਤ ਕਾਰਵਾਈ ਵੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੀ ਸਮਝਦਾਰੀ ਤੋਂ ਕੰਮ ਲੈਣ ਕਿਉਂਕਿ ਆਪ ਸਰਕਾਰ ਨੇ ਉਨ੍ਹਾਂ ਨਾਲ ਨਹੀਂ ਖੜਨਾ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪਟਿਆਲਾ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਰਿਵਾਰ ਆਪਣਾ ਚੰਗਾ ਅਸਰ ਰਸੂਖ ਰੱਖਦਾ ਹੈ ਅਤੇ ਸ਼ਹਿਰ ਵਿੱਚ ਵੱਡੀ ਗਿਣਤੀ ‘ਚ ਲੋਕ ਭਾਜਪਾ ਨਾਲ ਜੁੜੇ ਹੋਏ ਹਨ, ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦਾ ਮੇਅਰ ਬਣਦਾ ਹੈ ਤਾਂ ਉਹ ਪਟਿਆਲਾ ਦੇ ਵਿਕਾਸ ਲਈ ਕੇਂਦਰ ਸਰਕਾਰ ਤੋਂ ਫੰਡ ਲੈ ਸਕਦੇ ਹਨ। ਇਸ ਲਈ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਭਾਜਪਾ ਉਮੀਦਵਾਰਾਂ ਨੂੰ ਵੱਡੀ ਗਿਣਤੀ ‘ਚ ਜਿਤਾਓ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਹਿਲਾਂ ਹੀ ਐਮਐਸਪੀ ‘ਚ ਵਾਧਾ ਕਰ ਚੁੱਕੀ ਹੈ। ਕੇਂਦਰੀ ਮੰਤਰੀਆਂ ਵੱਲੋਂ ਕਿਸਾਨਾਂ ਨਾਲ ਕਈ ਮੀਟਿੰਗਾਂ ਵੀ ਕੀਤੀ ਜਾ ਚੁੱਕੀਆਂ ਹਨ। ਮਸਲਿਆਂ ਨੂੰ ਸੁਲਝਾ ਕੇ ਖਤਮ ਕਰ ਲੈਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਐਮੀ ਪ੍ਰਨੀਤ ਕੌਰ, ਸੀਨੀਅਰ ਭਾਜਪਾ ਆਗੂ ਅਸ਼ਵਨੀ ਸ਼ਰਮਾਂ, ਜੈ ਇੰਦਰ ਕੌਰ, ਦਮਨ ਬਾਜਵਾ, ਬਿਕਰਮਜੀਤ ਸਿੰਘ ਚੀਮਾਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।