ਪਟਿਆਲਾ, 20 ਅਕਤੂਬਰ : ਪਟਿਆਲਾ ਜ਼ਿਲ੍ਹੇ ਦੇ ਕਸਬਾ ਦੇਵੀਗੜ੍ਹ ਨੇੜਲੇ ਪਿੰਡ ਮੋਹਲਗੜ੍ਹ ਵਿਖੇ ਬੇਅਦਬੀ ਦੀ ਘਟਨਾ ਵਾਪਰੀ। ਵੀਰਵਾਰ ਸ਼ਾਮ ਨੂੰ ਪਿੰਡ ਮੋਹਲਗੜ੍ਹ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਅੱਗ ਲਗਾਈ । ਘਟਨਾ ਦਾ ਪਤਾ ਲੱਗਣ ਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਦੇਰ ਰਾਤ ਤੱਕ ਪੁਲਿਸ ਦੇ ਉੱਚ ਅਧਿਕਾਰੀ ਪਿੰਡ ਮੋਹਲਗੜ੍ਹ 'ਚ ਪਹੁੰਚ ਕੇ ਘਟਨਾ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਦੇ ਰਹੇ ਅਤੇ ਗੁਰੂ ਘਰ 'ਚ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਗਏ। ਘਟਨਾ ਦਾ ਪਤਾ ਲੱਗਣ 'ਤੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।
ਮੋਹਲਗੜ੍ਹ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ
ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਹਲਗੜ੍ਹ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਇਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹਨ, ਜਿਸ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੇ ਯਤਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਪਿੰਡ ਮੋਹਲਗੜ੍ਹ ’ਚ ਬੇਅਦਬੀ ਕਰਨ ਵਾਲੇ ਨੂੰ ਜਿਥੇ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਉਥੇ ਪੁਲਿਸ ਪ੍ਰਸ਼ਾਸਨ ਵੱਲੋਂ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਸ ਘਟਨਾ ਪਿੱਛੇ ਕਾਰਜਸ਼ੀਲ ਸ਼ਕਤੀਆਂ ਕਿਹੜੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਇਤਰਾਜ਼ ਵੀ ਜਿਤਾਇਆ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਦੇ ਲੋਕਾਂ ਨੂੰ ਬੇਪਰਦਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਪਟਿਆਲਾ ਦੇ ਪਿੰਡ ਮੋਹਲਗੜ੍ਹ ਦੀ ਘਟਨਾ ਸਬੰਧੀ ਇਮਾਨਦਾਰਾਨਾ ਪਹੁੰਚ ਅਪਣਾਵੇ ਅਤੇ ਫੜ੍ਹੇ ਗਏ ਦੋਸ਼ੀ ਨੂੰ ਕਰੜੀ ਸਜ਼ਾ ਦਿਵਾਉਣ ਦੇ ਨਾਲ-ਨਾਲ ਅਜਿਹੇ ਲੋਕਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦਾ ਪਤਾ ਲਗਾਵੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਦੁੱਖਦਾਈ ਘਟਨਾ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ : ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਬੇਅਦਬੀ ਦੀ ਘਟਨਾਂ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਟਿਆਲੇ ਦੇ ਪਿੰਡ ਮੋਹਲਗੜ੍ਹ ਵਿੱਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਦੁੱਖਦਾਈ ਘਟਨਾ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹਨਾਂ ਘਟਨਾਵਾਂ ਨੂੰ ਰੋਕਣ ਲਈ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਹਰ ਬੇਅਦਬੀ ਦੀ ਘਟਨਾ ਤੋਂ ਬਾਅਦ ਵਾਰ-ਵਾਰ ਇਹ ਬਿਆਨ ਕਿ ਅਜਿਹੇ ਘਿਨਾਉਣੇ ਅਪਰਾਧਾਂ ਪਿੱਛੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀਆਂ ਦਾ ਹੱਥ ਹੈ, ਵਿਸ਼ਵਾਸਯੋਗ ਨਹੀਂ ਹੈ। ਇਹ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਸਾਜ਼ਿਸ਼ ਜਾਪਦੀ ਹੈ। ਇਸ ਘਟਨਾ ਦੀ ਮੈਂ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਾ ਹਾਂ।
ਪਾਵਨ ਸਰੂਪ ਨੂੰ ਅਗਨ ਭੇਂਟ ਕਰਨਾ ਇਕ ਬੇਹੱਦ ਡੂੰਘੀ ਸਾਜ਼ਿਸ਼ ਹੈ : ਮਜੀਠੀਆ
ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਦੇ ਪਿੰਡ ਮੋਹਲਗੜ੍ਹ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਅਗਨ ਭੇਂਟ ਕਰਨਾ ਇਕ ਬੇਹੱਦ ਡੂੰਘੀ ਸਾਜ਼ਿਸ਼ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤਾ, ਉਨ੍ਹਾਂ ਕਿਹਾ ਗੁਰੂ ਸਾਹਿਬ ਦੇ ਸਰੂਪ ਦਾ ਇਸ ਤਰੀਕੇ ਨਿਰਾਦਰ ਕਰਨਾ ਅਣਮਨੁੱਖੀ ਕਾਰਾ ਹੈ ਜਿਸਦੀ ਮੈਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ। ਬੇਸ਼ੱਕ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਸਾਡੀ ਮੰਗ ਹੈ ਕਿ ਇਸ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਪੰਜਾਬ ਦੀ ਧਰਤੀ ’ਤੇ ਕੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਸ ਤਰੀਕੇ ਨਿਰਾਦਰ ਕਿਵੇਂ ਕਰ ਸਕਦਾ ਹੈ?