- ਪਾਣੀ ਦਾ ਪੱਧਰ ਵੱਧਣ ਕਾਰਨ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ
ਫਾਜ਼ਿਲਕਾ, 17 ਅਗਸਤ : ਭਾਖੜਾ ਡੈਮ ਅਤੇ ਪੋਂਗ ਡੈਮ ਤੋਂ ਭਾਰੀ ਮਾਤਰਾ ਵਿਚ ਪਾਣੀ ਛੱਡਣ ਕਾਰਨ ਹੁਸੈਨੀਵਾਲਾ ਹੈਡਵਰਕਸ ਤੋਂ ਸਤੁਲਜ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਇਕ ਵਾਰ ਫਿਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਵਿਚ ਹੜ੍ਹਾਂ ਦੀ ਸਥਿਤੀ ਪੈਦਾ ਹੋਣ ਦਾ ਖਦਸ਼ਾ ਹੈ।ਇਸ ਨੂੰ ਦੇਖਦਿਆਂ ਅਗਾਉ ਪ੍ਰਬੰਧਾਂ ਨੁੰ ਮੁਕੰਮਲ ਕਰਦਿਆਂ ਲੋਕਾਂ ਦੇ ਬਚਾਅ ਲਈ ਬਣਾਏ ਗਏ ਰਾਹਤ ਕੇਂਦਰਾਂ ਵਿਚ ਵਾਧਾ ਕੀਤਾ ਗਿਆ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪਹਿਲਾਂ ਜ਼ਿਲੇ੍ਹ ਵਿਚ ਕੁੱਲ 17 ਰਾਹਤ ਕੇਂਦਰ ਬਣਾਏ ਗਏ ਸਨ।ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਧਿਕਾਰੀਆਂ ਵੱਲੋਂ ਲਗਾਤਾਰ ਅਗਾਹ ਕੀਤਾ ਜਾ ਰਿਹਾ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਰਾਹਤ ਕੇਂਦਰਾਂ ਵਿਚ ਸ਼ਿਫਟ ਕਰ ਸਕਦੇ ਹਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਲਈ ਹਰ ਤਰ੍ਹਾਂ ਨਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੋਨੋ ਡੈਂਮਾਂ ਤੋਂ ਪਾਣੀ ਜ਼ਿਆਦਾ ਮਾਤਰਾ ਵਿਚ ਛੱਡਣ ਕਾਰਨ ਅਗਾਉ ਪ੍ਰਬੰਧਾਂ ਨੂੰ ਮੁਕੰਮਲ ਕਰਦਿਆਂ ਫਾਜ਼ਿਲਕਾ ਅੰਦਰ ਰਾਹਤ ਕੇਂਦਰਾਂ ਵਿਚ ਵਾਧਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਤਿੰਨ ਰਾਹਤ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਾਜ਼ਿਲਕਾ ਅਤੇ ਐਮ.ਆਰ.ਕਾਲਜ ਫਾਜ਼ਿਲਕਾ ਸਥਾਪਿਤ ਕੀਤੇ ਗਏ ਹਨ ਤਾਂ ਜ਼ੋ ਲੋੜ ਪੈਣ *ਤੇ ਲੋਕ ਇਨ੍ਹਾਂ ਰਾਹਤ ਕੇਂਦਰਾਂ ਵਿਚ ਸ਼ਿਫਟ ਹੋ ਸਕਣ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀਆਂ ਡਿਉਟੀਆਂ ਲਗਾਈਆਂ ਗਈਆਂ ਹਨ ਜ਼ੋ ਕਿ ਹਰ ਸਮੇਂ ਰਾਹਤ ਕੇਂਦਰਾਂ ਵਿਚ ਤਾਇਨਾਤ ਰਹਿਣਗੇ ਤੇ ਆਪਣੇ ਘਰਾਂ ਤੋਂ ਰਾਹਤ ਕੇਂਦਰਾਂ ਵਿਚ ਸ਼ਿਫਟ ਕਰਨ ਵਾਲੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਹੱਦੀ ਪਿੰਡਾਂ ਵਿਚ ਸਿਹਤ ਵਿਭਾਗ, ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਮਾਰਕੀਟ ਕਮੇਟੀ, ਬਿਜਲੀ ਵਿਭਾਗ, ਫੂਡ ਸਪਲਾਈ ਵਿਭਾਗ ਦੀਆਂ ਟੀਮਾਂ ਤਾਇਨਾਤ ਹਨ ਤੇ ਪਿੰਡਾਂ ਦਾ ਦੌਰਾ ਵੀ ਕਰ ਰਹੀਆਂ ਹਨ ਤਾਂ ਜ਼ੋ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿਚ ਕੋਈ ਵੀ ਵਸਤੂ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਲੋਕਾਂ ਨੂੰ ਵੀ ਸੁਚੇਤ ਕੀਤਾ ਹੈ ਕਿ ਉਹ ਵੀ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਹਿਯੋਗ ਕਰਨ ਤਾਂ ਜ਼ੋ ਮੁੜ ਤੋਂ ਪੈਦਾ ਹੁੰਦੀ ਜਾ ਰਹੀ ਹੜ੍ਹਾਂ ਦੀ ਸਥਿਤੀ ਨੂੰ ਰਲ ਮਿਲ ਕੇ ਨਜਿਠਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸਬੰਧੀ ਕਿਸੇ ਵੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01638 262153 ਨਾਲ ਸੰਪਰਕ ਕੀਤਾ ਜਾ ਸਕਦਾ ਹੈ।