- ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੇ ਰੀਵਿਊ ਸਬੰਧੀ ਹੋਈ ਪਲੇਠੀ ਮੀਟਿੰਗ
- ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀ ਜਿੰਮੇਵਾਰੀ ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਕੀਤੀ ਪ੍ਰੇਰਣਾ
ਮੋਗਾ 25 ਜੁਲਾਈ: ਸਾਲ 2023 ਦਾ 15 ਅਗਸਤ ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਮੋਗਾ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਯੋਜਿਤ ਪਲੇਠੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ, ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ੍ਰੀਮਤੀ ਚਾਰੂ ਮਿਤਾ, ਪੁਲਿਸ ਵਿਭਾਗ ਅਤੇ ਹੋਰ ਵੀ ਸਮੂਹ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਮੌਜੂਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਪ੍ਰਤੀ ਡਿਊਟੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ, ਤਾਂ ਜੋ ਇਸ ਰਾਸ਼ਟਰੀ ਸਮਾਰੋਹ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੌਕੇ 'ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸ਼ੋਅ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ ਤੇ ਐਨ.ਸੀ.ਸੀ.ਕੈਡਿਟਾਂ ਵੱਲੋਂ ਮਾਰਚ ਪਾਸਟ ਰਾਹੀਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਰੀਹੱਰਸਲਾਂ ਤੋਂ ਬਾਅਦ 12 ਅਗਸਤ ਨੂੰ ਫੁੱਲ ਡਰੈਸ ਤੇ ਅੰਤਿਮ ਰੀਹੱਰਸਲ ਹੋਵੇਗੀ।