ਪਟਿਆਲਾ, 2 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨਵੇਂ ਸਾਲ ਮੌਕੇ ਭਾਰਤ ਵੱਲੋਂ ਪਾਕਿਸਤਾਨ ਸਰਕਾਰ ਪਾਸੋਂ ਪਾਕਿਸਤਾਨ ਵਿੱਚ ਆਪਣੀ ਜੇਲ੍ਹ ਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਭਾਰਤੀਆ ਨੂੰ ਰਿਹਾਅ ਕਰਨ ਦੀ ਮੰਗ ਉਠਾਈ ਗਈ ਹੈ। ਪ੍ਰੋਫੈਸਰ ਬਡੂੰਗਰ ਨੇ ਭਾਰਤ ਸਰਕਾਰ ਦੀ ਇਸ ਪਾਕਿਸਤਾਨ ਸਰਕਾਰ ਨੂੰ ਕੀਤੀ ਗਈ ਮੰਗ ਦਾ ਸੁਆਗਤ ਕਰਦਿਆਂ ਕਿਹਾ ਕਿ ਜਿੱਥੇ ਪਾਕਿਸਤਾਨ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਭਾਰਤੀਆਂ ਨੂੰ ਰਿਹਾਅ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਹੀ ਆਪਣੇ ਹੀ ਦੇਸ਼ ਵਿੱਚ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਕਰਨੀ ਚਾਹੀਦੀ ਹੈ, ਜਿਸ ਦੀ ਸਮੁੱਚੀ ਸਿੱਖ ਕੌਮ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਜ਼ੋਰਦਾਰ ਮੰਗ ਕੀਤੀ ਜਾ ਰਹੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਉਨ੍ਹਾਂ ਵੱਲੋਂ ਨਿੱਜੀ ਤੌਰ ਤੇ ਵੀ ਭਾਰਤ ਸਰਕਾਰ ਨੂੰ ਕਈ ਵਾਰ ਚਿੱਠੀਆਂ ਲਿਖੀਆਂ ਗਈਆਂ ਹਨ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ, ਜੋ ਆਪਣੀ ਨਿਰਧਾਰਿਤ ਸਜ਼ਾ ਤੋਂ ਵੀ ਵੱਧ ਸਮਾਂ ਜੇਲ੍ਹਾਂ ਵਿੱਚ ਬਤੀਤ ਕਰ ਚੁੱਕੇ ਹਨ । ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਹਰੇਕ ਵਿਅਕਤੀ ਨੂੰ ਲੋਕਤੰਤਰਿਕ ਢੰਗ ਨਾਲ ਜਿਉਣ ਦਾ ਹੱਕ ਹੋਣਾ ਚਾਹੀਦਾ ਹੈ ਪਰੰਤੂ ਭਾਰਤ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਨਾ ਕਰ ਕੇ ਉਹਨਾਂ ਦੇ ਲੋਕਤੰਤਰੀ ਹੱਕਾਂ ਤੇ ਡਾਕੇ ਮਾਰ ਰਹੀ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਸੰਸਦ ਭਵਨ ਅੱਗੇ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ ਫਿਰ ਪੰਜਾਬ ਦੇ ਸਾਰੇ ਜਿਲ੍ਹਿਆਂ ਤੇ ਕਾਲੇ ਚੋਲੇ ਪਾਕੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਵੀ ਪ੍ਰਗਟ ਕੀਤਾ ਗਿਆ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਸਿੱਖਾਂ ਦੇ ਇਸ ਅਹਿਮ ਮਸਲੇ ਨੂੰ ਹੱਲ ਕਰਨ ਨਾਹ ਪੱਖੀ ਨੀਤੀ ਕਿਉੰ ਅਪਣਾ ਰਹੀ ਹੈ। ਇਸ ਮੌਕੇ ਤੇ ਭਗਵੰਤ ਸਿੰਘ ਧੰਗੇੜਾ ਮੈਨੇਜਰ ਅਤੇ ਜਸਪ੍ਰੀਤ ਸਿੰਘ ਸਰਾਉ ਵੀ ਹਾਜ਼ਰ ਸਨ।