
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਿਆ ਸਕੱਤਰ ਇੰਜੀਨੀਅਰ ਸ੍ਰ. ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਤਾ ਗੁਜਰੀ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਦੀ ਸੁਯੋਗ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਨੂੰ ਸਸ਼ਕਤ ਬਣਾਉਣ ਲਈ ਇਕ ਹਫ਼ਤੇ ਦੇ ਪਰਸਨੈਲਿਟੀ ਡਿਵੈੱਲਪਮੈਂਟ ਅਤੇ ਕਾਰਪੋਰੇਟ ਕਲਚਰ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਵਿਹਾਰਕ ਗਿਆਨ ਅਤੇ ਲੋੜੀਂਦੇ ਹੁਨਰ ਪ੍ਰਦਾਨ ਕਰਨਾ ਸੀ। ਇਸ ਪ੍ਰੋਗਰਾਮ ਦੇ ਪਹਿਲੇ ਪੜਾਅ ਦੌਰਾਨ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ, ਖੇਤੀਬਾੜੀ ਵਿਭਾਗ ਅਤੇ ਸਾਇੰਸ ਵਿਭਾਗਾਂ ਦੀਆਂ 166 ਵਿਦਿਆਰਥਣਾਂ ਨੂੰ ਸਿਖਲਾਈ ਲਈ ਦਾਖਲ ਕੀਤਾ ਗਿਆ। ਵਰਣਨਯੋਗ ਹੈ ਕਿ ਇਹ ਪ੍ਰੋਗਰਾਮ ਮਹਿੰਦਰਾ ਐਂਡ ਮਹਿੰਦਰਾ (ਨਾਂਡੀ ਫਾਊਂਡੇਸ਼ਨ) ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਵਿਸ਼ਾ ਮਾਹਿਰ ਇਕ ਹਫ਼ਤੇ ਵਿੱਚ 36 ਘੰਟਿਆਂ ਦੇ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ, ਪੇਸ਼ੇਵਰ ਸੰਚਾਰ ਅਤੇ ਕਾਰਪੋਰੇਟ ਸੱਭਿਆਚਾਰ ਦੇ ਵੱਖ-ਵੱਖ ਪਹਿਲੂਆਂ 'ਤੇ ਵਿਹਾਰਕ ਸਿਖਲਾਈ ਪ੍ਰਦਾਨ ਕਰਨਗੇ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਕਾਰਪੋਰੇਟ ਸੈਕਟਰਾਂ ਵੱਲੋਂ ਇਸ ਤਰ੍ਹਾਂ ਦੀ ਪ੍ਰੈਕਟੀਕਲ ਟਰੇਨਿੰਗ ਵਿਦਿਆਰਥੀਆਂ ਦੇ ਵਿਹਾਰਕ ਅਤੇ ਵਿਵਹਾਰਕ ਗਿਆਨ ਨੂੰ ਵਧਾਉਣ ਵਿੱਚ ਸਹਾਇਕ ਸਿੱਧ ਹੁੰਦੀ ਹੈ। ਕਾਲਜ ਦੇ ਡੀਨ ਪਲੇਸਮੈਂਟ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਅਤੇ ਰੁਜ਼ਗਾਰ ਦੇ ਅਵਸਰ ਮੁਹਈਆ ਕਰਵਾਉਣ ਲਈ ਅਜਿਹੇ ਉਸਾਰੂ ਉਪਰਾਲੇ ਕੀਤੇ ਜਾਂਦੇ ਹਨ। ਕਾਲਜ ਦੇ ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਕਿਹਾ ਕਿ ਨੌਜਵਾਨ ਪ੍ਰਤਿਭਾਵਾਂ ਨੂੰ ਸ਼ਾਨਦਾਰ ਕਰੀਅਰ ਦੀਆਂ ਸੰਭਾਵਨਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਕੰਪਨੀਆਂ ਸੰਭਾਵੀ ਉਮੀਦਵਾਰਾਂ ਦੀ ਖੋਜ ਕਰਨ ਲਈ ਕਾਲਜ ਕੈਂਪਸ ਵਿਖੇ ਇਕੱਤਰ ਹੁੰਦੀਆਂ ਹਨ ਅਤੇ ਮਹਿੰਦਰਾ ਐਂਡ ਮਹਿੰਦਰਾ ਵਰਗੀ ਨਾਮਵਰ ਕੰਪਨੀ ਦੁਆਰਾ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਪ੍ਰਾਪਤ ਕਰਨ ਦਾ ਸੁਨਹਿਰੀ ਅਵਸਰ ਮਿਲਿਆ ਹੈ।