- ਕੈਬਨਿਟ ਮੰਤਰੀ ਬਲਕਾਰ ਸਿੰਘ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ
ਲੁਧਿਆਣਾ, 13 ਅਗਸਤ 2024 : 78ਵੇਂ ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਮੰਗਲਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ਵਿੱਚ ਹੋਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਰੇਡ ਦੀ ਪ੍ਰਧਾਨਗੀ ਕਰਦਿਆਂ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਜਯੰਤ ਪੁਰੀ ਦੀ ਅਗਵਾਈ ਵਿੱਚ ਪੰਜਾਬ ਪੁਲਿਸ (ਲੜਕੇ ਅਤੇ ਲੜਕੀਆਂ), ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਸਕਾਊਟਸ (ਲੜਕੇ ਅਤੇ ਲੜਕੀਆਂ) ਅਤੇ ਹੋਰਾਂ ਸਮੇਤ ਮਾਰਚ ਪਾਸਟ ਵਿੱਚ ਭਾਗ ਲੈਣ ਵਾਲੀਆਂ ਟੁਕੜੀਆਂ ਤੋਂ ਸਲਾਮੀ ਵੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਡੀ.ਸੀ.ਪੀ. ਜਸਕਰਨ ਸਿੰਘ ਤੇਜਾ ਅਤੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵੀ ਮੌਜੂਦ ਸਨ। ਮਾਰਚ ਪਾਸਟ ਤੋਂ ਬਾਅਦ 27 ਸਰਕਾਰੀ ਸਕੂਲਾਂ ਦੇ 750 ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀਟੀ ਸ਼ੋਅ, ਸਪਰਿੰਗ ਡੇਲ ਸਕੂਲ, ਬੀ.ਵੀ.ਐਮ. ਸਕੂਲ, ਡੀ.ਏ.ਵੀ. ਸਕੂਲ ਅਤੇ ਹੋਰਾਂ ਸਮੇਤ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਪਹਿਲੀ ਵਾਰ ਹੈਬੋਵਾਲ ਦੇ ਵੋਕੇਸ਼ਨਲ ਰੀਹੈਬਲੀਟੇਸ਼ਨ ਟਰੇਨਿੰਗ ਸੈਂਟਰ (ਵੀ.ਆਰ.ਟੀ.ਸੀ.) ਦੇ ਨੇਤਰਹੀਣ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾਇਆ ਜਦਕਿ ਸਰਾਭਾ ਨਗਰ ਸਥਿਤ ਰੈੱਡ ਕਰਾਸ ਡੈਫ ਐਂਡ ਡੰਬ ਸਕੂਲ ਦੇ ਬੋਲਣ ਅਤੇ ਸੁਣਨ ਤੋਂ ਅਸਮਰੱਥ ਵਿਦਿਆਰਥੀਆਂ ਨੇ ਸੰਕੇਤਕ ਭਾਸ਼ਾ ਦੀ ਵਰਤੋਂ ਕਰਦਿਆਂ ਉਨ੍ਹਾਂ ਨਾਲ ਸ਼ਿਰਕਤ ਕੀਤੀ। ਫੁੱਲ-ਡਰੈਸ ਰਿਹਰਸਲ ਤੋਂ ਕੁਝ ਮਿੰਟ ਬਾਅਦ ਡਿਪਟੀ ਕਮਿਸ਼ਨਰ ਨੇ ਸਟੇਡੀਅਮ ਵਿੱਚ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਇੱਥੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਨਗੇ।