- ਪੀ.ਐਮ. ਅਵਾਸ ਯੋਜਨਾ ਗ੍ਰਾਮੀਣ ਦੇ 4451 ਲਾਭਪਾਤਰੀਆਂ ਨੂੰ 44 ਕਰੋੜ 60 ਲੱਖ 95 ਹਜ਼ਾਰ ਰੁਪਏ ਦਿੱਤੇ ਗਏ : ਪਰਨੀਤ ਸ਼ੇਰਗਿੱਲ
- ਮਗਨਰੇਗਾ ਸਕੀਮ ਤਹਿਤ 100 ਦਿਨ ਦਾ ਰੋਜ਼ਗਾਰ ਦੇਣ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅਵੱਲ
- ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਬੱਚਤ ਭਵਨ ਵਿਖੇ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 29 ਅਗਸਤ : ਸਮੂਹ ਅਧਿਕਾਰੀ ਕੇਂਦਰੀ ਸਪਾਂਸਰ ਸਕੀਮਾਂ ਦਾ ਹੇਠਲੇ ਪੱਧਰ ਤੱਕ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਲੋੜਵੰਦ ਇਨ੍ਹਾਂ ਸਕੀਮਾਂ ਤੋਂ ਲਾਭ ਲੈ ਸਕਣ। ਇਹ ਪ੍ਰਗਟਾਵਾ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੇ ਅੱਜ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਰੋਜਮੱਰਾ ਦੇ ਕੰਮਾਂ ਲਈ ਆਉਣ ਵਾਲੇ ਲੋਕਾਂ ਵਿਸ਼ੇਸ਼ ਤੌਰ ਤੇ ਦਿਵਿਆਂਗਜਨਾਂ ਦੀ ਸਹੂਲਤ ਲਈ ਅੜਚਣ ਫਰੀ ਮਾਹੌਲ ਤਿਆਰ ਕੀਤਾ ਜਾਵੇ ਅਤੇ ਦਫ਼ਤਰਾਂ ਵਿੱਚ ਰੈਂਪ ਅਤੇ ਰੇਲਿੰਗ ਦਾ ਪ੍ਰਬੰਧ ਵੀ ਕੀਤਾ ਜਾਵੇ ਤਾਂ ਜੋ ਦਫ਼ਤਰਾਂ ਵਿੱਚ ਆਉਣ ਵਾਲੇ ਦਿਵਿਆਂਗਜਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕੇਂਦਰ ਦੀ ਭਾਈਵਾਲੀ ਨਾਲ ਕਰਵਾਏ ਜਾ ਰਹੇ ਵਿਕਾਸ ਕੰਮਾਂ ਵਿੱਚ ਜੇਕਰ ਕਿਸੇ ਕਿਸਮ ਦੀ ਕੋਈ ਅੜਚਣ ਆਉਂਦੀ ਹੈ ਤਾਂ ਉਸ ਦੀ ਰਿਪੋਰਟ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਕੇਂਦਰ ਸਰਕਾਰ ਨਾਲ ਗੱਲ ਕਰਕੇ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ। ਡਾ: ਅਮਰ ਸਿੰਘ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਸਮੁੱਚੀ ਟੀਮ ਦੇ ਕੰਮਾਂ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਦਿਨੋਂ ਦਿਨ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਇਸ ਸਾਲ ਜ਼ਿਲ੍ਹੇ ਅੰਦਰ 75 ਫੀਸਦੀ ਰਕਬੇ ਵਿੱਚ ਝੋਨੇ ਦੀਆਂ ਘੱਟ ਪਾਣੀ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਵਾਸਤੇ ਮਾਈਕਰੋ ਸਿੰਚਾਈ ਤੇ ਅੰਡਰ ਗਰਾਊਂਡ ਪਾਇਪ ਲਾਇਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚੋਂ ਮਾਈਕਰੋ ਸਿੰਚਾਈ ਲਈ ਜਨਰਲ ਵਰਗ ਦੇ ਕਿਸਾਨਾਂ ਨੂੰ 80 ਫੀਸਦੀ ਅਤੇ ਔਰਤਾਂ ਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ 90 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਮਹੀਨਿਆਂ ਦੌਰਾਨ ਮਾਈਕਰੋ ਇਰੀਗੇਸ਼ਨ ਸਕੀਮ ਅਧੀਨ 15 ਹੈਕਟੇਅਰ ਰਕਬਾ ਕਵਰ ਕਰਕੇ 10 ਲਾਭਪਾਤਰੀ ਕਿਸਾਨਾਂ ਨੂੰ 12.29 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਸ਼੍ਰੀਮਤੀ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਵਿੱਚ ਮਗਨਰੇਗਾ ਸਕੀਮ ਕਾਫੀ ਕਾਰਗਾਰ ਸਾਬਤ ਹੋ ਰਹੀ ਹੈ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਮਗਨਰੇਗਾ ਸਕੀਮ ਅਧੀਨ ਜਾਬ ਕਾਰਡ ਧਾਰਕਾਂ ਨੂੰ 100 ਦਿਨ ਦਾ ਸ਼ਰਤੀਆ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਪੰਜਾਬ ਭਰ ਵਿੱਚੋਂ ਪਹਿਲੇ ਨੰਬਰ ਤੇ ਹੈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੀਆਂ 428 ਪੰਚਾਇਤਾਂ ਵਿੱਚ 54105 ਜਾਬ ਕਾਰਡ ਅਤੇ 80408 ਰਜਿਸਟਰਡ ਮਨਰੇਗਾ ਕਾਮੇ ਇਸ ਸਕੀਮ ਤੋਂ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਜ਼ਿਲ੍ਹੇ ਵਿੱਚ ਹੁਣ ਤੱਕ 4451 ਲਾਭਪਾਤਰਾਂ ਨੂੰ 44 ਕਰੋੜ 60 ਲੱਖ 95 ਹਜ਼ਾਰ ਰੁਪਏ ਪਹਿਲੀ, ਦੂਜੀ ਤੇ ਤੀਜੀ ਕਿਸ਼ਤ ਵਜੋਂ ਦਿੱਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੂੰ ਭਰੋਸਾ ਦਿੱਤਾ ਕਿ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਸਮੂਹ ਅਧਿਕਾਰੀਆਂ ਵੱਲੋਂ ਇੰਨ-ਬਿੰਨ ਰੂਪ ਵਿੱਚ ਪਾਲਣਾ ਕੀਤੀ ਜਾਵੇਗੀ ਅਤੇ ਕੇਂਦਰੀ ਸਪਾਂਸਰ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਤੱਕ ਲਾਭ ਪਹੁੰਚਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਵਿਖਾਈ ਜਾਵੇਗੀ। ਉਨ੍ਹਾਂ ਡਾ: ਅਮਰ ਸਿੰਘ ਨੂੰ ਕਿਹਾ ਕਿ ਡੇਂਗੂ ਦੇ ਖਾਤਮੇ ਲਈ ਪਿੰਡਾਂ ਵਿੱਚ ਫੌਗਿੰਗ ਕਰਵਾਉਣ ਵਾਸਤੇ ਬਲਾਕ ਪੱਧਰ ਤੇ ਫੌਗਿੰਗ ਮਸ਼ੀਨਾਂ ਦੀ ਲੋੜ ਹੈ ਤਾਂ ਐਮ.ਪੀ. ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਰਿਪੋਰਟ ਬਣਾ ਕੇ ਦਿੱਤੀ ਜਾਵੇ ਅਤੇ ਉਹ ਇਸ ਤੇ ਛੇਤੀ ਹੀ ਕਾਰਵਾਈ ਕਰਨਗੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਐਚ) ਸ. ਰਮਿੰਦਰ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਖਮਾਣੋਂ ਤੇ ਬਸੀ ਪਠਾਣਾ ਡਾ: ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੋਹਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਭਿਸ਼ੇਕ ਸ਼ਰਮਾ, ਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਸੰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।