- ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ-ਜਗਜੀਤ ਸਿੰਘ
ਪਟਿਆਲਾ, 19 ਜੂਨ : 2011 ਬੈਚ ਦੇ ਪੀ.ਸੀ.ਐਸ. ਅਧਿਕਾਰੀ ਜਗਜੀਤ ਸਿੰਘ ਨੇ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ। ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਮਿਲਕੇ ਜਗਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਹ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿਣਗੇ। ਨਵੇਂ ਏ.ਡੀ.ਸੀ. (ਜ) ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਉਹ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ਮੁਤਾਬਕ ਸਾਰੇ ਵਿਭਾਗਾਂ ਨਾਲ ਬਿਹਤਰ ਤਾਲਮੇਲ ਨਾਲ ਨਿੱਠਕੇ ਕੰਮ ਕਰਨਗੇ। ਜਿਕਰਯੋਗ ਹੈ ਕਿ ਪੀ.ਸੀ.ਐਸ. ਅਧਿਕਾਰੀ ਜਗਜੀਤ ਸਿੰਘ, ਇਸ ਤੋਂ ਪਹਿਲਾਂ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਮ ਰਾਜ ਪ੍ਰਬੰਧ ਵਿਭਾਗ ਦੇ ਸੰਯੁਕਤ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ। ਉਹ ਬਲਾਚੌਰ ਦੇ ਐਸ.ਡੀ.ਐਮ. ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਵੱਖ-ਵੱਖ ਅਹੁੱਦਿਆਂ 'ਤੇ ਵੀ ਸੇਵਾ ਨਿਭਾ ਚੁੱਕੇ ਹਨ।