- ਅਗਾਂਹਵਧੂ ਕਿਸਾਨ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਰਦਾ ਹੈ ਕਣਕ ਦੀ ਬਿਜਾਈ
- ਆਧੁਨਿਕ ਖੇਤੀ ਮਸ਼ੀਨਰੀ ਨਾਲ ਹੋਰਨਾ ਕਿਸਾਨਾਂ ਦੇ ਖੇਤਾਂ ਵਿੱਚ ਵੀ ਕਰ ਰਿਹੈ ਕਣਕ ਦੀ ਬਿਜਾਈ
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ : ਅੱਜ ਜਦੋਂ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੇ ਸਾਡੇ ਸਾਰਿਆਂ ਦੇ ਸਾਹਮਣੇ ਇੱਕ ਗੰਭੀਰ ਰੂਪ ਧਾਰ ਹੋਇਆ ਹੈ ਅਤੇ ਸਰਕਾਰ ਵੱਲੋਂ ਵੀ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਅਜਿਹੇ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਦਾ ਅਗਾਂਹਵਧੂ ਕਿਸਾਨ ਜਸਪਾਲ ਸਿੰਘ ਵੀ ਹੈ ਜੋ ਕਿ ਪਿਛਲੇ ਸੱਤ ਸਾਲਾਂ ਤੋਂ ਆਪਣੀ 4 ਏਕੜ ਜਮੀਨ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਹੋਰਨਾ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆਂ ਹੋਇਆ ਹੈ। ਇਹ ਕਿਸਾਨ ਨਾ ਸਿਰਫ ਆਪਣੇ ਖੇਤਾਂ ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਕਰ ਰਿਹਾ ਹੈ ਬਲਕਿ ਇਹ ਦੂਸਰੇ ਕਿਸਾਨਾਂ ਦੇ ਖੇਤਾਂ ਵਿੱਚ ਵੀ ਆਪਣੀ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ। ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਇਸ ਅਗਾਂਹਵਧੂ ਕਿਸਾਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੇਖਦੇ ਹੋਏ ਹੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਸਨਮਾਨਤ ਵੀ ਕੀਤਾ ਗਿਆ ਹੈ। ਅਗਾਂਹਵਧੂ ਕਿਸਾਨ ਜਸਪਾਲ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜਿਥੇ ਵਾਤਾਵਰਣ ਵਿੱਚ ਧੂੰਆਂ ਨਹੀਂ ਫੈਲਦਾ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੱਧ ਜਾਂਦੀ ਹੈ ਤੇ ਖਾਦ ਦੀ ਖਪਤ ਵਿੱਚ ਵੀ ਕਮੀ ਆਉਂਦੀ ਹੈ। ਇਸ ਕਿਸਾਨ ਕੋਲ 02 ਟਰੈਕਟਰ, 01 ਸੁਪਰ ਸੀਡਰ ਅਤੇ 01 ਰੋਟੋ ਡਰਿੱਲ ਹੈ ਜਿਸ ਦੀ ਮਦਦ ਨਾਲ ਉਹ ਨਾ ਸਿਰਫ ਆਪਣੀ 4 ਏਕੜ ਕਣਕ ਬਿਨਾਂ ਪਰਾਲੀ ਸਾੜੇ ਬੀਜਦਾ ਹੈ ਸਗੋਂ ਉਹ ਲੋੜਵੰਦ ਕਿਸਾਨਾਂ ਨੂੰ ਮਸ਼ੀਨਾ ਕਿਰਾਏ ਤੇ ਦੇ ਕੇ ਵੀ ਉਨ੍ਹਾਂ ਦੇ ਖੇਤਾਂ ਵਿੱਚ ਕਣਕ ਦੀ ਬਿਜਾਈ ਕਰ ਰਿਹਾ ਹੈ, ਜਿਸ ਨਾਲ ਉਸ ਨੂੰ ਚੰਗੀ ਆਮਦਨ ਹੋ ਜਾਂਦੀ ਹੈ। ਇਸ ਕਿਸਾਨ ਦਾ ਕਹਿਣਾ ਹੈ ਕਿ ਪਿਛਲੇ ਸਾਲ ਉਸ ਨੇ ਹੋਰਨਾ ਕਿਸਾਨਾਂ ਦੇ 150 ਏਕੜ ਰਕਬੇ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਹੈ ਅਤੇ ਇਸ ਵਾਰ ਉਹ 250 ਏਕੜ ਰਕਬੇ ਵਿੱਚ ਇਸੇ ਤਕਨੀਕ ਨਾਲ ਕਣਕ ਦੀ ਬਿਜਾਈ ਕਰੇਗਾ। ਉਸ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਵਿੱਚ ਕਮੀ ਆਵੇਗੀ ਅਤੇ ਵਾਤਾਵਰਣ ਵੀ ਸਵੱਛ ਰਹੇਗਾ। ਖੇਤੀਬਾੜੀ ਅਫਸਰ ਸਰਹਿੰਦ ਸ਼੍ਰੀ ਇਕਬਾਲਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਅਗਾਂਹਵਧੂ ਕਿਸਾਨ ਜਸਪਾਲ ਸਿੰਘ ਜਿਸ ਤਰ੍ਹਾਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਆਪਣਾ ਸਹਿਯੋਗ ਦੇ ਰਿਹਾ ਹੈ ਉਸ ਤੋਂ ਹੋਰਨਾ ਕਿਸਾਨਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਅੱਜ ਦੇ ਦੌਰ ਵਿੱਚ ਇੱਕ ਖ਼ਤਰਨਾਕ ਰੂਪ ਧਾਰ ਗਿਆ ਹੈ ਜਿਸ ਨਾਲ ਮਨੁੱਖੀ ਸਿਹਤ ਨੂੰ ਅਨੇਕਾਂ ਬਿਮਾਰੀਆਂ ਲੱਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨ ਵਾਸਤੇ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ।