
ਸ੍ਰੀ ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਖਾਲਸਾ ਸਾਜਨਾ ਦਿਵਸ ਅਤੇ ਸੰਗਰਾਂਦ ਦਾ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਹਜੂਰੀ ਰਾਗੀ ਭਾਈ ਆਕਾਸ਼ਦੀਪ ਸਿੰਘ ਵੱਲੋਂ ਸੰਗਤਾਂ ਨੂੰ ਗੁਰਬਾਣੀ ਤੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ , ਸਮਾਗਮ ਦੀ ਸਮਾਪਤੀ ਦੀ ਅਰਦਾਸ ਭਾਈ ਨਿਰਮਲ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਜੱਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੱਲੋਂ ਸਮੁੱਚੀਆਂ ਸੰਗਤਾਂ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜਏ ਗਏ ਖ਼ਾਲਸਾ ਸਾਜਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਭੇਦ-ਭਾਵ ਤੋਂ ਰਹਿਤ ਵੱਖਰੇ ਪੰਥ ਦੀ ਸਾਜਨਾ ਕਰ ਮਨੁੱਖਤਾ ਨੂੰ ਚੰਗੇ ਰਾਹੇ ਪਾਇਆ । ਆਓ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰੀਏ। ਇਸ ਮੌਕੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਿੰਘ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਰੋਵਰ ਚ ਇਸ਼ਨਾਨ ਕੀਤਾ ਜਦੋਂ ਕਿ ਸਮਾਜਿਕ ਸੰਸਥਾਵਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਖੂਨਦਾਨ ਕੈਂਪ ਵੀ ਲਗਾਇਆ ਗਿਆ, ਅਤੇ ਵੱਖ-ਵੱਖ ਨਗਰਾਂ ਦੀਆਂ ਸੰਗਤਾਂ ਵੱਲੋਂ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਗਏ। ਇਸ ਮੌਕੇ ਜੋਗਾ ਸਿੰਘ ਸੁਪਰਵਾਈਜਰ, ਜਗਜੀਤ ਸਿੰਘ ਜੱਗਾ ਮੀਤ ਮੈਨੇਜਰ, ਕੁਲਵਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਹਰਮਨਜੀਤ ਸਿੰਘ ਰਿਕਾਰਡ ਕੀਪਰ, ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਗਗਨਦੀਪ ਸਿੰਘ, ਡਾਕਟਰ ਪ੍ਰਿਤਪਾਲ ਸਿੰਘ ਸਿੰਘ,ਅਤੇ ਸਮੁੱਚੀਆਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਤੋਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।