- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬਠਿੰਡਾ ਹਲਕੇ ਤੋਂ ਲੱਖੇ ਸਿਧਾਣੇ ਨੂੰ ਐਲਾਨਿਆ ਉਮੀਦਵਾਰ
- ਪੰਜਾਬ ਨੂੰ ਠੱਗਾਂ ਤੋਂ ਬਚਾ ਕੇ ਖੁਸ਼ਹਾਲ ਬਣਾਉਣ ਲਈ ਲੋਕ ਪੱਖੀ ਆਗੂਆਂ ਨੂੰ ਅੱਗੇ ਲਿਆਉਣ ਦੀ ਲੋੜ : ਮਾਨ
ਬਠਿੰਡਾ, 14 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਸਥਾਨਕ ਹੋਟਲ ਹੈਡ ਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸਮਾਜ ਸੇਵੀ ਲੱਖਾ ਸਿਧਾਣਾਂ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਐਲਾਨਿਆ ਹੈ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਹਨਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਤੋਂ ਲੋਕ ਸਭਾ ਦੀ ਚੋਣ ਲੜ ਰਹੀ ਹੈ। ਸਮਾਜ ਸੇਵੀ ਲੱਖਾ ਸਿਧਾਣਾਂ ਨੂੰ ਉਸਦੀਆਂ ਪੰਜਾਬ ਦੇ ਲੋਕਾਂ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਨੂੰ ਮੁੱਖ ਰੱਖਦਿਆਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਰਿਹਾ ਹੈ। ਸ. ਮਾਨ ਨੇ ਕਿਹਾ ਕਿ ਪੰਜਾਬ ਨੂੰ ਠੱਗਾਂ ਤੋਂ ਬਚਾ ਕੇ ਤਰੱਕੀ ਤੇ ਖੁਸ਼ਹਾਲੀ ਦੇ ਰਾਹ ‘ਤੇ ਲਿਜਾਣ ਲਈ ਲੋਕ ਪੱਖੀ ਆਗੂਆਂ ਦੀ ਬੇਹੱਦ ਸਖਤ ਲੋੜ ਹੈ।ਉਹਨਾਂ ਕਿਹਾ ਕਿ ਪਾਰਟੀ ਵੱਲੋਂ ਲੋਕ ਸਭਾ ਚੋਣ ਕਿਸਾਨ, ਮਜ਼ਦੂਰ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰੱਖਿਆ, ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਤੇ ਵਿਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆਂ ‘ਤੇ ਲੜੀ ਜਾਵੇਗੀ। ਉਹਨਾਂ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਲੋਕਾਂ ਦੇ ਹਿੱਤਾਂ ਲਈ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ। ਪਾਰਟੀ ਪ੍ਰਧਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਦਾ ਧੰਨਵਾਦ ਕਰਦੇ ਹੋਏ ਸਮਾਜ ਸੇਵੀ ਲੱਖਾ ਸਿਧਾਣਾ ਨੇ ਕਿਹਾ ਕਿ ਉਹ ਪੰਜਾਬ ਦੀ ਬਿਹਤਰੀ ਲਈ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਂਦੇ ਹੋਏ ਪੰਜਾਬ ਪੱਖੀ ਸੋਚ ਰੱਖਣ ਵਾਲੇ ਲੋਕਾਂ ਦੇ ਸਹਿਯੋਗ ਨਾਲ ਬਠਿੰਡਾ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਇਸ ਮੌਕੇ ਪਾਰਟੀ ਦੇ ਮੀਤ ਪ੍ਰਧਾਨ ਡਾ. ਹਰਜਿੰਦਰ ਸਿੰਘ ਜੱਖੂ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਸੇਵਕ ਸਿੰਘ ਜਵਾਰਕੇ ਤੋਂ ਇਲਾਵਾ ਪਾਰਟੀ ਦੀ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ। ਵਰਨਨਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਦੋ ਵਾਰੀ ਸੁੂਚੀ ਜਾਰੀ ਕਰਕੇ ਪੰਜਾਬ ਦੀਆਂ ਹੋਰ 10 ਲੋਕ ਸਭਾ ਸੀਟਾਂ ਤੋਂ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਲੱਖਾ ਸਿਧਾਣਾ ਸਮੇਤ ਹੁਣ ਕੁੱਲ 11 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਜਾ ਚੁੱਕੇ ਹਨ। ਪਾਰਟੀ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਸੁੂਚੀ ਇਸ ਪ੍ਰਕਾਰ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ , ਪਟਿਆਲਾ ਤੋਂ ਪ੍ਰੋਫੈਸਰ ਮਹਿੰਦਰਪਾਲ ਸਿੰਘ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ,ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।