ਲੁਧਿਆਣਾ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆ ਆਸ਼ੀਰਵਾਦ ਸਕੀਮ ਤਹਿਤ ਆਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼੍ਰਨਰ ਸ੍ਰੀਮਤੀ ਮਲਿਕ ਨੇ ਕਿਹਾ ਕਿ ਆਮ ਜਨਤਾ ਨੂੰ ਆਨਲਾਈਨ ਸਹੂਲਤ ਦੇਣ ਲਈ ਵਿਭਾਗ ਦਾ ਇਹ ਇੱਕ ਵੱਡਾ ਉਪਰਾਲਾ ਹੈ ਜਿਸਦੇ ਸਦਕਾ ਲਾਭਪਾਤਰੀ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਪਣੀ ਪ੍ਰਤੀਬੇਨਤੀ ਇਸ ਪੋਰਟਲ https://ashirwad.punjab.gov.in 'ਤੇ ਆਨਲਾਈਨ ਅਪਲਾਈ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਨਲਾਈਨ ਪੋਰਟਲ ਦੀ ਸ਼ੁਰੂਆਤ ਨਾਲ ਲਾਭਪਾਤਰੀਆਂ ਦੇ ਸਮੇਂ ਦੀ ਕਾਫੀ ਬੱਚਤ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਿਸਟਮ ਨਵਾਂ ਹੋਣ ਕਰਕੇ ਹਾਲ ਦੀ ਘੜੀ ਲਾਭਪਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਬਿਨੈਕਾਰ ਆਪਣੀ ਦਰਖਾਸਤ ਆਨਲਾਈਨ ਜਾਂ ਆਫਲਾਈਨ 31 ਦਸੰਬਰ 2022 ਤੱਕ ਦੇ ਸਕਣਗੇ ਜਦਕਿ 1 ਜਨਵਰੀ, 2023 ਤੋਂ ਵਿਭਾਗ ਵੱਲੋਂ ਸਿਰਫ ਆਨਲਾਈਨ ਦਰਖਾਸਤਾਂ ਹੀ ਵਿਚਾਰੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਪੋਰਟਲ ਸ਼ੁਰੂ ਹੋਣ ਨਾਲ ਯੋਗ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਅਪਲਾਈ ਕਰ ਸਕਣਗੇ ਅਤੇ ਉਨ੍ਹਾਂ ਨੂੰ ਘੱਟ ਸਮੇਂ ਵਿਚ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਹਾ ਮਿਲੇਗਾ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ/ਜਾਤੀਆਂ, ਆਰਥਿਕ ਤੌਰ 'ਤੇ ਪਛੜੇ ਵਰਗ ਅਤੇ ਕਿਸੇ ਵੀ ਜਾਤੀ ਦੀਆਂ ਵਿਧਵਾ ਔਰਤਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾ ਔਰਤਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51,000 ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।