ਮੁਲਾਂਪੁਰ, 22 ਮਾਰਚ (ਦਵਿੰਦਰ) : ਸਿੱਖ ਨੌਜਵਾਨਾਂ ’ਤੇ ਕੌਮੀ ਸੁਰੱਖਿਆ ਐਕਟ (ਐਨਐਸਏ) ਲਗਾਉਣ ਤੇ ਉਹਨਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਜ਼ੋਰਦਾਰ ਨਿਖੇਧੀ ਕੀਤੀ ਹੈ। ਵਿਧਾਨ ਸਭਾ ਵਿਚ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਿੱਖ ਨੌਜਵਾਨਾਂ ਖਿਲਾਫ ਐਨ ਐਸ ਏ ਵਰਗੇ ਮਾੜੇ ਕਾਨੂੰਨਾਂ ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ ਜੋ ਉਹਨਾਂ ਦਾ ਭਵਿੱਖ ਬਰਬਾਦ ਕਰ ਦੇਣਗੇ। ਉਹਨਾਂ ਕਿਹਾ ਕਿ ਇਸ ਨਾਲ ਸੂਬੇ ਵਿਚ ਲੋਕਾਂ ਦੇ ਮਨਾਂ ਵਿਚ ਦਹਿਸ਼ਤ ਫੈਲ ਗਈ ਹੈ ਕਿ ਇਤਿਹਾਸ ਦੁਹਰਾਇਆ ਜਾ ਰਿਹਾ ਹੈ ਤੇ ਸਿੱਖ ਕੌਮ ਵੱਲੋਂ ਪਹਿਲਾਂ ਹੰਢਾਏ ਸੰਤਾਪ ਤੋਂ ਕੋਈ ਸਬਕ ਨਹੀਂ ਸਿੱਖਿਆ ਗਿਆ। ਵਿਧਾਇਕ ਇਆਲੀ ਨੇ ਇਹ ਵੀ ਮੰਗ ਕੀਤੀਕਿ ਜਿਹੜੇ ਬੇਕਸੂਰ ਨੌਜਵਾਨਾਂ ਨੂੰ ਝੂਠੇ ਕੇਸਾਂ ਵਿਚ ਫਸਾਇਆਗਿਆ ਹੈ, ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਕੁਝ ਨੌਜਵਾਨਾਂ ਉਹਨਾਂ ਦੇ ਹਲਕੇ ਦੇ ਹਨ ਜਿਹਨਾਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਗਿਆਹੈ। ਉਹਨਾਂ ਕਿਹਾ ਕਿ ਜਿਹਨਾਂ ਨੇ ਕੁਝ ਗਲਤ ਕੀਤਾ ਹੈ, ਉਹਨਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨਾਗਰਿਕ ਹੱਕਾਂ ਨੂੰ ਕੁਚਲਣ ਦਾ ਯਤਨ ਨਾ ਕਰੇ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਗਰਿਕ ਕੁਚਲੇ ਜਾ ਰਹੇ ਹਨ, ਉਸ ਨਾਲ ਦੁਨੀਆਂ ਭਰ ਵਿਚ ਬੈਠੇ ਪੰਜਾਬੀ ਚਿੰਤਤ ਹਨ। ਉਹਨਾਂ ਜ਼ੋਰਦੇ ਕੇ ਕਿਹਾ ਕਿ ਸਰਕਾਰ ਨੂੰ ਸਾਰੇ ਨਾਗਰਿਕਾਂ ਦੇ ਹੱਕਾਂ ਦੀ ਰਾਖੀ ਕਰਦਿਆਂ ਸੂਬੇ ਵਿਚ ਸ਼ਾਂਤੀ ਕਾਹਿਮ ਰਹਿਣੀ ਯਕੀਨੀ ਬਣਾਉਣੀ ਚਾਹੀਦੀ ਹੈ।