
ਸ੍ਰੀ ਫਤਿਹਗੜ੍ਹ ਸਾਹਿਬ, 13 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਲੋਹੜੀ ਦਾ ਤਿਓਹਾਰ ਪੰਜਾਬ ਦੇ ਅਮੀਰ ਵਿਰਸੇ ਦਾ ਇੱਕ ਪੁਰਾਤਨ ਤੇ ਮਹੱਤਵਪੂਰਨ ਤਿਓਹਾਰ ਹੈ, ਇਹ ਤਿਓਹਾਰ ਆਪਸੀ ਭਾਈਚਾਰਕ ਸਾਂਝ ਮਜਬੂਤ ਕਰਦਾ ਹੈ। ਸਾਨੂੰ ਲੋਹੜੀ ਦੇ ਤਿਓਹਾਰ ਨੂੰ ਆਪਸ ਵਿੱਚ ਮਿਲ ਜੁਲ ਕੇ ਮਨਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਲੋਹੜੀ ਮਨਾਉਣ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਲੋਹੜੀ ਦੇ ਤਿਓਹਾਰ ਦੀਆਂ ਸ਼ੁਭ ਇੱਛਾਵਾਂ ਭੇਂਟ ਕਰਦਿਆਂ ਪ੍ਰਮਾਤਮਾ ਤੋਂ ਅਰਦਾਸ ਕੀਤੀ ਕਿ ਜ਼ਿਲ੍ਹੇ ਦੇ ਲੋਕ ਹੋਰ ਵੀ ਤਰੱਕੀਆਂ ਤੇ ਖੁਸ਼ਹਾਲੀਆਂ ਮਾਣਦੇ ਰਹਿਣ ਤੇ ਜ਼ਿਲ੍ਹੇ ਵਿੱਚ ਅਮਨ ਸ਼ਾਂਤੀ ਬਰਕਰਾਰ ਰਹੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 14 ਜਨਵਰੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜ: ਕਾਲਜ਼ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿਖੇ ਧੀਆਂ ਦੀ ਲੋਹੜੀ ਮਨਾਈ ਜਾ ਰਹੀ ਹੈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ: ਗੁਰਪ੍ਰੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ। ਇਸ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਵਿੱਚ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ, ਐਸ.ਡੀ.ਐਮ. ਮਨਜੀਤ ਸਿੰਘ ਰਾਜਲਾ, ਜ਼ਿਲ੍ਹਾ ਮਾਲ ਅਫਸਰ ਕਰੁਣ ਗੁਪਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਰਾਜ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਵਿਸ਼ਾਲ ਵਰਮਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।