ਮਾਨਸਾ, 21 ਮਾਰਚ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਅਤੇ ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਬੀਤੀ ਸ਼ਾਮ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਮੋਹਤਬਰ ਪਤਵੰਤਿਆਂ ਆਦਿ ਨਾਲ ਪੀਸ ਕਮੇਟੀ ਦੀ ਮੀਟਿੰਗ ਕਰਦਿਆਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ’ਤੇ ਯਕੀਨ ਨਾ ਕੀਤਾ ਜਾਵੇ ਅਤੇ ਕਿਸੇ ਵੀ ਸੂਚਨਾ ਨੂੰ ਸੋਸ਼ਲ ਮੀਡੀਆ ਜਾਂ ਅਜਿਹੇ ਹੀ ਕਿਸੇ ਹੋਰ ਸਾਧਨ ਰਾਹੀ ਬਿਨ੍ਹਾਂ ਤੱਥਾਂ ਤੋਂ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਸਾਂਤੀ ਬਣਾਈ ਰੱਖਣਾ ਹਰੇਕ ਜ਼ਿਲ੍ਹਾ ਵਾਸੀ ਦੀ ਨੈਤਿਕ ਜਿੰਮੇਵਾਰੀ ਹੈ, ਜਿਸਦੇ ਲਈ ਸਾਨੂੰ ਆਪਣੇ ਆਲੇ-ਦੁਆਲੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਫੈਲਾਉਣ ਤੋਂ ਸੁਚੇਤ ਕਰਨਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਸ਼ਾਂਤੀ, ਭਾਈਚਾਰਕ ਸਾਂਝ ਤੇ ਏਕਤਾ ਨੂੰ ਬਰਕਰਾਰ ਰੱਖਣ ਵਿੱਚ ਸਭ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਡਰ ਜਾਂ ਭੈਅ ਵਾਲੀ ਕੋਈ ਵੀ ਸਥਿਤੀ ਨਹੀਂ ਹੈ ਅਤੇ ਜਨ ਜੀਵਨ ਆਮ ਵਾਂਗ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਏਕਤਾ ਵਿੱਚ ਹੀ ਅਨੇਕਤਾ ਹੈ ਤੇ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਕੋਈ ਵੀ ਧਰਮ ਕਿਸੇ ਵੀ ਧਰਮ ਨਾਲ ਵੈਰ-ਵਿਰੋਧਤਾ ਰੱਖਣੀ ਨਹੀਂ ਸਿਖਾਉਂਦਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਜ਼ਿਲ੍ਹੇ ਅੰਦਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਸਬੰਧਤ ਐਸ.ਡੀ.ਐਮ, ਨੇੜੇ ਦੇ ਥਾਣੇ ’ਚ ਜਾਂ ਜ਼ਿਲ੍ਹਾ ਪ੍ਰਸ਼ਾਸਨ ਕੋਲ ਦਰਜ਼ ਕਰਵਾ ਸਕਦਾ ਹੈ। ਇਸ ਮੌਕੇ ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਈ ਵੀ ਗੈਰ ਸਮਾਜਿਕ ਅਨਸਰ ਗੁੰਮਰਾਹਕੁੰਨ ਪ੍ਰਚਾਰ ਕਰਦਾ ਪਾਇਆ ਜਾਂਦਾ ਹੈ ਤਾਂ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲੇ ਅੰਦਰ ਪੂਰੀ ਤਰ੍ਹਾਂ ਅਮਨ ਸਾਂਤੀ ਬਰਕਰਾਰ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸ਼ੋਸਲ ਮੀਡੀਆ ’ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸ਼ੋਸ਼ਲ ਮੀਡੀਆ ਰਾਹੀਂ ਗਲਤ ਅਫ਼ਵਾਹਾਂ ਫ਼ੈਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਵੀ ਬਣਦੀ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਐਸ.ਪੀ (ਇੰਨਵੈਸਟੀਗੇਸ਼ਨ) ਸ੍ਰੀ ਬਾਲਕ੍ਰਿਸ਼ਨ, ਸਹਾਇਕ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੱਸਲ, ਡੀ.ਐਸ.ਪੀ. ਸਰਦੂਲਗੜ੍ਹ ਗੋਬਿੰਦਰ ਸਿੰਘ, ਡੀ.ਐਸ.ਪੀ. ਬੁਢਲਾਡਾ ਨਵਨੀਤ ਕੌਰ ਸਮੇਤ ਵੱਖ-ਵੱਖ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਅਮਨ ਕਮੇਟੀ ਦੇ ਨੁਮਾਇੰਦਿਆਂ ਸਮੇਤ ਸ਼ਹਿਰ ਵਾਸੀ ਹਾਜ਼ਰ ਸਨ।