ਜਗਰਾਓਂ, 15 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬਧ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਸਮਾਜਿੱਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ, ਸਮਾਜਿੱਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਜਗਰਾਓਂ ਤੋਂ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਗ੍ਰਹਿ ਵਿਖੇ ਕੀਤਾ ਗਿਆ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨ ਨਿਸ਼ਾਨੀ ਦੇ ਕੇ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਵਾਸਤੇ ਮਿਆਰੀ ਪੌਸਟਿਕ ਅਹਾਰ ਉਪਲੱਬਧ ਕਰਵਾਇਆ ਜਾ ਰਿਹਾ ਹੈ, ਬੁਢਾਪਾ, ਵਿਧਵਾ ਅਤੇ ਅਪਾਹਜਾਂ ਵਾਸਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਆਗਨਵਾੜੀਆਂ ਰਾਹੀਂ ਛੇ ਸਾਲ ਤੱਕ ਦੇ ਬੱਚਿਆਂ ਦੀਆਂ ਗੰਭੀਰ ਬਿਮਾਰੀਆਂ ਦਾ ਇਲਾਜ਼ ਕਰਵਾਇਆ ਜਾ ਰਿਹਾ ਹੈ। ਮੰਤਰੀ ਡਾ.ਬਲਜੀਤ ਕੌਰ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਣੂੰਕੇ ਦੀ ਕਾਰਗੁਜ਼ਾਰੀ ਦੀ ਪ੍ਰਸੰਸਾ ਕਰਦੇ ਹੋਏ ਆਖਿਆ ਕਿ ਵਿਧਾਇਕਾ ਮਾਣੂੰਕੇ ਆਪਣੇ ਹਲਕੇ ਤੋਂ ਇਲਾਵਾ ਹੋਰਨਾਂ ਹਲਕਿਆਂ ਦੀਆਂ ਧੀਆਂ ਦੇ ਵੀ ਘਰੇਲੂ ਝਗੜੇ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਹੱਲ ਕਰਵਾ ਰਹੇ ਹਨ ਅਤੇ ਬਹੁਤ ਸਾਰੀਆਂ ਧੀਆਂ ਨੂੰ ਉਹਨਾਂ ਦੇ ਘਰਾਂ ਵਿੱਚ ਮੁੜ ਵਸਾਇਆ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਲਗਾਤਾਰ ਲੋਕ ਭਲਾਈ ਸਕੀਮਾਂ ਲੈ ਕੇ ਆ ਰਹੀ ਹੈ ਅਤੇ ਲੋਕਾਂ ਦੇ ਛੇ ਸੌ ਯੂਨਿਟ ਤੱਕ ਬਿਜਲੀ ਬਿਲ ਮੁਆਫ਼ ਕਰਨ ਤੋਂ ਬਾਅਦ 18 ਸਾਲ ਤੋਂ ਵੱਧ ਉਮਰ ਦੀਆਂ ਘਰੇਲੂ ਔਰਤਾਂ ਲਈ ਇੱਕ ਹਜ਼ਾਰ ਰੁਪਏ ਮਹੀਨਾਂ ਦੇਣ ਲਈ ਵੀ ਤਿਆਰੀ ਕਰ ਰਹੀ ਹੈ। ਇਸ ਮੌਕੇ ਪ੍ਰੋਫੈਸਰ ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਚੀਮਾ, ਗੁਰਪ੍ਰੀਤ ਸਿੰਘ ਨੋਨੀ, ਮੁਖਤਿਆਰ ਸਿੰਘ ਮਾਣੂੰਕੇ, ਰਾਕੇਸ਼ ਸਿੰਗਲਾ, ਸਨੀ ਬੱਤਰਾ, ਹਰਜੀਤ ਸਿੰਘ ਕਾਉਂਕੇ, ਸੋਨੀ ਕਾਉਂਕੇ, ਜਗਦੇਵ ਸਿੰਘ ਜੱਗਾ, ਸਤਵੰਤ ਸਿੰਘ, ਦੀਪਕ ਕੁਮਾਰ, ਸੁਨੀਲ ਕੁਮਾਰ, ਜਸਵਿੰਦਰ ਸਿੰਘ,ਘੋਲਾ ਸਿੰਘ, ਪੂਰਨ ਸਿੰਘ ਕਾਉਂਕੇ, ਜਸਵਿੰਦਰ ਸਿੰਘ ਛਿੰਦੀ ਆਦਿ ਵੀ ਹਾਜ਼ਰ ਸਨ।