ਬਠਿੰਡਾ 26 ਮਈ : ਲੋਕ ਮੋਰਚਾ ਪੰਜਾਬ ਨੇ ਅੱਜ ਦਿੱਲੀ ਵਿਖੇ ਸੰਘਰਸ਼ ਕਰ ਰਹੀਆਂ ਪਹਿਲਵਾਨ ਕੁੜੀਆਂ ਦੇ ਹੱਕ ਵਿੱਚ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਸਜ਼ਾ ਦਵਾਉਣ ਲਈ ਬਠਿੰਡਾ ਜ਼ਿਲ੍ਹੇ ਦੇ ਇਤਿਹਾਸਿਕ ਪਿੰਡ ਵਿੱਚ ਮਾਰਚ ਕੱਢਿਆ ਅਤੇ ਆਮ ਲੋਕਾਂ ਨੂੰ ਇਸ ਸੰਘਰਸ਼ ਦੀ ਹਮਾਇਤ ਦਾ ਸੱਦਾ ਦਿੱਤਾ।ਮੋਰਚੇ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਇਸ ਮੌਕੇ ਕਿਹਾ ਕਿ ਸਰਕਾਰੀ ਸਰਪ੍ਰਸਤੀ ਹੇਠ ਖੁੱਲਾ ਫਿਰ ਰਹੇ ਜ਼ੋਰਾਵਰ ਜਰਵਾਣੇ ਖਿਲਾਫ਼ ਪਹਿਲਵਾਨ ਕੁੜੀਆਂ ਵੱਲੋਂ ਉਠਾਈ ਆਵਾਜ਼ ਦੀ ਸਮਾਜ ਦੇ ਸਾਰੇ ਵਰਗਾਂ ਨੂੰ ਡਟ ਕੇ ਹਮਾਇਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਸਾਡੇ ਸਮਾਜ ਅੰਦਰ ਮਾਵਾਂ, ਧੀਆਂ, ਭੈਣਾਂ ਨਾਲ ਨਿੱਤ ਦਿਨ ਹੁੰਦੇ ਧੱਕੇ ਵਿਤਕਰੇ ਦੇ ਨਾਲ ਨਾਲ ਰਾਜਸੱਤਾ ਵੱਲੋਂ ਮੂਕ ਸਹਿਮਤੀ ਦੇਣ ਦਾ ਵੀ ਮਸਲਾ ਹੈ। ਉੱਚ ਸਿਆਸੀ ਅਤੇ ਪ੍ਰਬੰਧਕੀ ਰੁਤਬੇ ਦੇ ਸਿਰ ਤੇ ਇਨ੍ਹਾਂ ਖਿਡਾਰਨਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਅਤੇ ਹੁਣ ਉਸੇ ਰੁਤਬੇ ਦੇ ਸਿਰ ਤੇ ਪੀੜਤਾਂ ਦੀ ਆਵਾਜ਼ ਨੂੰ ਦਬਾਉਣ ਲਈ ਸਾਰੇ ਯਤਨ ਜੁਟਾਏ ਜਾ ਰਹੇ ਹਨ ਜਿਸ ਕਰਕੇ ਪੀੜਿਤਾਂ ਨੂੰ ਨਿਆਂ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜਿੱਥੇ ਕੇਦਰ ਤੇ ਉਤਰ ਪ੍ਰਦੇਸ਼ ਦੀਆਂ ਭਾਜਪਾਈ ਸਰਕਾਰਾਂ,ਦੋਸ਼ੀ ਦੀ ਨੰਗੀਂ ਚਿੱਟੀ ਪੁਸ਼ਤਪਨਾਹੀ ਕਰਨ ਰਹੀਆਂ ਹਨ ਉੱਥੇ ਪੁਲਸ ਤੇ ਨਿਆਂ ਪ੍ਰਣਾਲੀ ਵੀ ਦੋਸ਼ੀ ਨੂੰ ਖੁੱਲ੍ਹਾ ਛੱਡ ਰਹੀ ਹੈ। ਬੁਲਾਰੇ ਨੇ ਕਿਹਾ ਕਿ ਦਿੱਲੀ ਪੁਲਿਸ ਨੇ 40 ਤੋਂ ਵਧੇਰੇ ਕੇਸਾਂ ਵਿੱਚ ਨਾਮਜ਼ਦ ਮੁੱਖ ਦੋਸ਼ੀ ਦੇ ਹੱਥਾਂ ਵਿੱਚ ਖੇਡਦਿਆਂ ਪਹਿਲਾਂ ਲੰਬਾ ਸਮਾਂ ਰਿਪੋਰਟ ਦਰਜ ਕਰਨ ਤੋਂ ਟਾਲਾ ਵੱਟੀ ਰੱਖਿਆ ਹੈ ਅਤੇ ਹੁਣ ਸ਼ਰੇਆਮ ਗੁੰਡਾਗਰਦੀ ਤੇ ਉੱਤਰਦਿਆਂ ਇਹਨਾਂ ਖਿਡਾਰਨਾਂ ਨੂੰ ਜ਼ਲੀਲ ਕਰਨ ਅਤੇ ਖਿੱਚ ਧੂਹ ਕਰਕੇ ਦਬਕਾਉਣ ਦੀ ਕੋਸ਼ਿਸ਼ ਕੀਤੀ ਹੈ।ਉਨ੍ਹਾਂ ਦੱਸਿਆ ਕਿ ਅੱਜ ਦੇ ਹਾਲਾਤਾਂ ਨੂੰ ਦੇਖਦਿਆਂ ਔਰਤਾਂ ਨੂੰ ਸੰਘਰਸ਼ ਦਾ ਰਾਹ ਚੁਣਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪਹਿਲਵਾਨਾਂ ਨੂੰ ਇਨਸਾਫ ਦੇਣ, ਬ੍ਰਿਜ ਭੂਸ਼ਨ ਨੂੰ ਗ੍ਰਿਫਤਾਰ ਕਰਨ ਖਿਡਾਰਨਾਂ ਨਾਲ ਖਿੱਚ-ਧੂਹ ਕਰਨ ਵਾਲੇ ਦੋਸ਼ੀ ਪੁਲਸ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ।