ਮਾਤਾ ਗੁਜਰੀ ਕਾਲਜ ਦੀ ਫੋਕ ਆਰਕੈਸਟਰਾ ਦੀ ਟੀਮ ਨੇ ਰਾਸ਼ਟਰੀ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਰਚਿਆ ਇਤਿਹਾਸ

  • ਕਾਲਜ ਦੀ ਫੋਕ ਆਰਕੈਸਟਰਾ ਦੀ ਟੀਮ ਨੇ ਸਮੁੱਚੇ ਭਾਰਤ ਦੀਆਂ 148 ਯੂਨੀਵਰਸਿਟੀਆਂ ਨਾਲ ਸਖ਼ਤ ਮੁਕਾਬਲੇ ਵਿੱਚ ਹਾਸਲ ਕੀਤਾ ਦੂਸਰਾ ਸਥਾਨ  

ਸ੍ਰੀ ਫ਼ਤਹਿਗੜ੍ਹ ਸਾਹਿਬ, 19 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੀ ਫੋਕ ਆਰਕੈਸਟਰਾ ਦੀ ਟੀਮ ਨੇ 38ਵੇਂ ਆਲ ਇੰਡੀਆ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤਿਨਿਧਤਾ ਕਰਦਿਆਂ ਐਮਿਟੀ ਯੂਨੀਵਰਸਿਟੀ ਨੋਇਡਾ ਉੱਤਰ ਪ੍ਰਦੇਸ਼ ਵਿਖੇ ਆਯੋਜਿਤ ਰਾਸ਼ਟਰੀ ਪੱਧਰ ਦੇ ਫੋਕ ਆਰਕੈਸਟਰਾ ਦੇ ਮੁਕਾਬਲੇ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਇਤਿਹਾਸ ਰਚਿਆ ਹੈ। ਵਰਣਨਯੋਗ ਹੈ ਕਿ ਇਸ ਯੁਵਕ ਮੇਲੇ ਵਿੱਚ ਸਮੁੱਚੇ ਭਾਰਤ ਦੀਆਂ 148 ਯੂਨੀਵਰਸਿਟੀਆਂ ਨੇ ਹਿੱਸਾ ਲਿਆ ਸੀ ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਿੱਚ ਸ਼ਾਨਾਂਮੱਤੀ ਪ੍ਰਾਪਤੀ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਕਾਲਜ ਦੀ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਸ੍ਰ. ਜਗਦੀਪ ਸਿੰਘ ਚੀਮਾ ਨੇ ਜੇਤੂ ਵਿਦਿਆਰਥੀਆਂ, ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਦੀ ਫੋਕ ਆਰਕੈਸਟਰਾ ਦੀ ਟੀਮ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੁਆਰਾ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸੰਗੀਤ ਵਿਭਾਗ ਦੀ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਪਿਛਲੇ ਲੰਮੇ ਸਮੇਂ ਤੋਂ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਦੇ ਨਾਲ-ਨਾਲ ਸਹਿ ਵਿੱਦਿਅਕ ਅਤੇ ਸੱਭਿਆਚਾਰਕ ਸਰਗਰਮੀਆਂ ਵਿੱਚ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਕਾਲਜ ਦੇ ਸੰਗੀਤ ਵਿਭਾਗ ਦੀ ਮਿਹਨਤੀ ਟੀਮ ਨੂੰ ਜਾਂਦਾ ਹੈ ਜਿਸ ਨੇ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਕਾਲਜ ਦੇ ਸੰਗੀਤ ਵਿਭਾਗ ਦੇ ਡਾ. ਕੁਲਵਿੰਦਰ ਸਿੰਘ, ਪ੍ਰੋ. ਹਰਦੀਪ ਸਿੰਘ, ਪ੍ਰੋ. ਆਦਿਲ ਖਾਂ, ਪ੍ਰੋ. ਕਵਰਜੀਤ ਸਿੰਘ, ਪ੍ਰੋ. ਬੇਅੰਤ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।