
ਸ੍ਰੀ ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੀ ਟੀਮ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਆਯੋਜਿਤ 30 ਕਾਲਜਾਂ ਦੇ ਪ੍ਰਸ਼ਨੋਤਰੀ ਮੁਕਾਬਲੇ 'ਗਿਆਨੁ ਪਰਚੰਡੁ' ਵਿਚ 75000 ਰੁਪਏ ਦਾ ਨਕਦ ਇਨਾਮ ਜਿੱਤ ਕੇ ਦੂਸਰਾ ਸਥਾਨ ਹਾਸਲ ਕੀਤਾ। ਜੇਤੂ ਟੀਮ ਦਾ ਕਾਲਜ ਪਹੁੰਚਣ 'ਤੇ ਪ੍ਰਿੰਸੀਪਲ ਦਫ਼ਤਰ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਕਾਲਜ ਦੀ ਗਵਰਨਿੰਗ ਬਾਡੀ ਦੇ ਸਕੱਤਰ ਸ੍ਰ. ਜਗਦੀਪ ਸਿੰਘ ਚੀਮਾਂ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਵੀ ਉਸਾਰੂ ਵਿੱਦਿਅਕ ਗਤੀਵਿਧੀਆਂ ਵਿੱਚ ਵੱਧ ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਸਕੱਤਰ ਵਿੱਦਿਆ ਇੰਜੀਨੀਅਰ ਸ੍ਰ. ਸੁਖਮਿੰਦਰ ਸਿੰਘ ਨੇ ਕਾਲਜ ਦੀ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾਂਦੇ ਗਿਆਨ ਪ੍ਰਚੰਡ ਮੁਕਾਬਲਿਆਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਦੇ ਗਿਆਨ ਅਤੇ ਉਤਸ਼ਾਹ ਵਿੱਚ ਵਾਧਾ ਹੁੰਦਾ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਖੁਸ਼ੀ ਜ਼ਾਹਰ ਕਰਦਿਆਂ ਜੇਤੂ ਟੀਮ ਦੀਆਂ ਵਿਦਿਆਰਥਣਾਂ ਅਤੇ ਟੀਮ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਡਾ. ਕੁਲਦੀਪ ਕੌਰ, ਡਾ. ਗੁਰਬਾਜ ਸਿੰਘ, ਪ੍ਰੋ. ਹਰਭਿੰਦਰ ਸਿੰਘ ਅਤੇ ਡਾ. ਸ਼ਵੇਤਾ ਸਹਿਗਲ ਵੀ ਹਾਜ਼ਰ ਸਨ।