
ਸ੍ਰੀ ਫਤਿਹਗੜ੍ਹ ਸਾਹਿਬ, 27 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਵਿਗਿਆਨ ਅਤੇ ਮਨੋਰੰਜਨ ਨਾਲ ਭਰਪੂਰ ਸਾਇੰਸ ਪਜ਼ਲ ਕੁਐਸਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 12 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਟੀਮ ਵਰਕ ਰਾਹੀਂ ਸਮੱਸਿਆ ਹੱਲ ਕਰਨ ਦੇ ਹੁਨਰ ਨੂੰ ਪੈਦਾ ਕਰਨਾ ਸੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਵਿਹਾਰਕ ਵਿਕਾਸ ਵਿਚ ਯੋਗਦਾਨ ਪਾਉਂਦੀਆਂ ਹਨ। ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪਰਦੀਪ ਕੌਰ ਸੰਧੂ ਨੇ ਦੱਸਿਆ ਕਿ ਇਹ ਪ੍ਰੋਗਰਾਮ ਰਾਸ਼ਟਰੀ ਵਿਗਿਆਨ ਦਿਵਸ ਨੂੰ ਸਮਰਪਿਤ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਪੰਜਾਬ ਦੁਆਰਾ ਸਪਾਂਸਰ ਕੀਤੇ ਗਏ ਸਮਾਗਮਾਂ ਦਾ ਹਿੱਸਾ ਸੀ। ਉਨ੍ਹਾਂ ਨੇ ਇਸ ਸਮਾਗਮ ਦਾ ਸਫ਼ਲ ਆਯੋਜਨ ਕਰਨ ਲਈ ਜ਼ੂਆਲੋਜੀ ਵਿਭਾਗ ਦੇ ਡਾ. ਨੈਨਾ ਖੁੱਲਰ, ਡਾ. ਗਗਨਦੀਪ ਕੌਰ ਅਤੇ ਡਾ. ਹਰਸਿਮਰਨਜੀਤ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ।