ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਵੱਲੋਂ ਵਿੱਦਿਅਕ ਦੌਰੇ ਦਾ ਆਯੋਜਨ

ਸ੍ਰੀ ਫਤਹਿਗੜ੍ਹ ਸਾਹਿਬ, 9 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪ੍ਰਗਤੀ ਮੈਦਾਨ ਨਵੀਂ ਦਿੱਲੀ ਵਿਖੇ ਅੰਤਰਰਾਸ਼ਟਰੀ ਭੋਜਨ ਅਤੇ ਪ੍ਰਾਹੁਣਚਾਰੀ ਮੇਲਾ 'ਅਹਾਰ-2025' ਵਿਖੇ ਵਿਸ਼ੇਸ਼ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੂਲ ਦੇ ਵੱਖ-ਵੱਖ ਉਦਯੋਗਾਂ ਦੁਆਰਾ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਅਤਿ-ਆਧੁਨਿਕ ਉਪਕਰਨਾਂ ਦੁਆਰਾ ਭੋਜਨ ਵਿਗਿਆਨ ਦੀ ਸਾਭ-ਸੰਭਾਲ ਦੇ ਖੇਤਰ ਅਤੇ ਨਵੀਨਤਮ ਤਕਨੀਕੀ ਉੱਨਤੀ ਦੇ ਨਾਲ ਜੁੜੇ ਰਹਿਣ ਸਬੰਧੀ ਵਡਮੁੱਲੀ ਜਾਣਕਾਰੀ ਦਿੱਤੀ ਗਈ। ਇਸ ਮਗਰੋਂ ਵਿਦਿਆਰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਭਾਈ ਗੁਰਸੇਵਕ ਸਿੰਘ, ਭਾਈ ਬਲਜੀਤ ਸਿੰਘ ਅਤੇ ਭਾਈ ਸਿਮਰਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਫੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵਿਹਾਰਕ ਸਿਖਲਾਈ ਦੇਣ ਅਤੇ ਮਾਰਕਿਟ ਦੀਆਂ ਜ਼ਰੂਰਤਾਂ ਨੂੰ ਮੁੱਖ ਰਖਦਿਆਂ ਵਿਭਾਗ ਵੱਲੋਂ ਹਰ ਸਾਲ ਇਹ ਵਿੱਦਿਅਕ ਦੌਰਾ ਆਯੋਜਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਪ੍ਰਸਿੱਧ ਵਿਸ਼ਾ ਮਾਹਿਰਾਂ ਨਾਲ ਵਿਚਾਰ ਚਰਚਾ ਕਰਨ ਲਈ ਉਸਾਰੂ ਮੰਚ ਪ੍ਰਦਾਨ ਕੀਤਾ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨਾਲ ਵਿਭਾਗ ਦੇ ਪ੍ਰੋ. ਅਮਨਦੀਪ ਕੌਰ ਵੀ ਮੌਜੂਦ ਸਨ।